ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਚੌਧਰੀ ਸ਼ਿਆਮ ਲਾਲ ਗੁੱਜਰ ਭਾਜਪਾ ’ਚ ਸ਼ਾਮਲ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਤੇ ਚੌਧਰੀ ਸ਼ਿਆਮ ਲਾਲ ਗੁੱਜਰ ਭਾਜਪਾ 'ਚ ਸ਼ਾਮਲ,,
Publish Date: Thu, 29 Oct 2026 08:28 PM (IST)
Updated Date: Thu, 29 Oct 2026 08:31 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਚੌਧਰੀ ਸ਼ਿਆਮ ਲਾਲ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਖਰੜ ਹਲਕੇ ਦੇ ਪਿੰਡ ਗੁੜੀ ਵਿਖੇ ਰੱਖੇ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਂਦਿਆਂ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ, ਚੌਧਰੀ ਓਮ ਪ੍ਰਕਾਸ਼ ਚੇਅਰਮੈਨ ਹਰਿਆਣਾ ਸਰਕਾਰ, ਆਭਾ ਬਾਂਸਲ ਸੂਬਾ ਮੀਤ ਪ੍ਰਧਾਨ ਮਹਿਲਾ ਮੋਰਚਾ, ਸੁਖਵਿੰਦਰ ਸਿੰਘ ਗੋਲਡੀ ਸੀਨੀਅਰ ਆਗੂ, ਐੱਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਸਮੇਤ ਵੱਡੀ ਗਿਣਤੀ ’ਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੌਧਰੀ ਸ਼ਿਆਮ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਮੰਤਰ ਨਾਲ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਇਸੇ ਭਰੋਸੇ ਦੇ ਕਾਰਨ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਚਿੰਤਾਜਨਕ ਹਨ, ਕਿਉਂਕਿ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ, ਕਤਲ, ਵਿਗੜੀ ਕਾਨੂੰਨ-ਵਿਵਸਥਾ, ਵਧਦਾ ਕਰਜ਼ਾ ਅਤੇ ਮਾਲੀ ਹਾਲਾਤ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਸਰਕਾਰ ਦੀ ਨਾਕਾਮੀ ਸਾਹਮਣੇ ਲਿਆਉਣ ਵਾਲਿਆਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ। ਉਨ੍ਹਾਂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਅਤੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਜੀਤੂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਸਾਫ਼ ਦੇਣ ਦੀ ਬਜਾਏ ਪੀੜਤ ਪਰਿਵਾਰਾਂ ਨੂੰ ਹੋਰ ਧੱਕੇਸ਼ਾਹੀ ਸਹਿਣੀ ਪੈ ਰਹੀ ਹੈ। ਢਿੱਲੋਂ ਨੇ ਕਿਹਾ ਕਿ ਅੱਜ ਸਭ ਤੋਂ ਵੱਡਾ ਮਸਲਾ ਪੰਜਾਬ ਦੀਆਂ ਨਸਲਾਂ ਨੂੰ ਬਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਰਾਹੀਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਕੇਂਦਰ ਸਰਕਾਰ ਦੀਆਂ ਮੁਹਿੰਮਾਂ ਨਾਲ 31 ਦਸੰਬਰ 2029 ਤੱਕ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਦੀ ਲੋੜ ਹੈ ਅਤੇ ਭਾਜਪਾ ਦੇ ਸੁਸ਼ਾਸਨ ਅਤੇ ਵਿਕਾਸ ਦੇ ਟਰੈਕ ਰਿਕਾਰਡ ਦੇ ਆਧਾਰ ’ਤੇ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ ਦਿੱਤਾ।