ਚੀਮਾ ਤੇ ਡਾ. ਬਲਵੀਰ ਸਿੰਘ ਵੱਲੋਂ ਹਰੀ ਝੰਡੀ: ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੰਗ ਮੰਨੀ, ਅਧਿਕਾਰੀਆਂ ਨੂੰ ਯੋਜਨਾ ਬਣਾਉਣ ਦੇ ਆਦੇਸ਼
ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਮੁਢੱਲੀਆਂ ਸਿਹਤ ਸੇਵਾਵਾਂ ਦੇ ਰਹੇ ਲੱਖਾਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਚਿਰੋਕਣੀ ਮੰਗ ਨੂੰ ਅੱਜ ਉਸ ਵੇਲੇ ਬੂਰ ਪਿਆ, ਜਦੋਂ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਨੂੰ 'ਹੈਲਥ ਕੇਅਰ ਪ੍ਰੋਵਾਈਡਰਜ਼' ਵਜੋਂ ਮਾਨਤਾ ਦੇਣ ਲਈ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।
Publish Date: Thu, 16 Apr 2026 04:58 PM (IST)
Updated Date: Thu, 16 Apr 2026 04:59 PM (IST)

ਚੰਡੀਗੜ੍ਹ : ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਮੁਢੱਲੀਆਂ ਸਿਹਤ ਸੇਵਾਵਾਂ ਦੇ ਰਹੇ ਲੱਖਾਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਚਿਰੋਕਣੀ ਮੰਗ ਨੂੰ ਅੱਜ ਉਸ ਵੇਲੇ ਬੂਰ ਪਿਆ, ਜਦੋਂ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਨੂੰ 'ਹੈਲਥ ਕੇਅਰ ਪ੍ਰੋਵਾਈਡਰਜ਼' ਵਜੋਂ ਮਾਨਤਾ ਦੇਣ ਲਈ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।
ਪੰਜਾਬ ਭਵਨ ਵਿਖੇ ਹੋਈ ਉੱਚ ਪੱਧਰੀ ਮੀਟਿੰਗ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਦਾ ਇੱਕ ਉੱਚ ਪੱਧਰੀ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਕੈਬਨਿਟ ਸਬ-ਕਮੇਟੀ ਨੂੰ ਮਿਲਿਆ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਬ੍ਰਿਜ ਕੋਰਸ ਨਾਲ ਮਿਲੇਗੀ ਕਾਨੂੰਨੀ ਮਾਨਤਾ
ਐਸੋਸੀਏਸ਼ਨ ਨੇ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਸਸਤੀਆਂ ਸਿਹਤ ਸੇਵਾਵਾਂ ਦੇ ਰਹੇ ਪ੍ਰੈਕਟੀਸ਼ਨਰਾਂ ਦੇ ਸਵੈ-ਰੁਜ਼ਗਾਰ ਨੂੰ ਬਚਾਉਣ ਲਈ ਸਰਕਾਰ ਕੋਈ ਸੰਖੇਪ 'ਬ੍ਰਿਜ ਕੋਰਸ' ਜਾਂ ਟ੍ਰੇਨਿੰਗ ਕਰਵਾਏ। ਸਰਕਾਰ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਤੁਰੰਤ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਨਾਲ:
ਡੇਢ ਲੱਖ ਪ੍ਰੈਕਟੀਸ਼ਨਰਾਂ ਦਾ ਰੁਜ਼ਗਾਰ ਅਤੇ ਮਾਨ-ਸਨਮਾਨ ਬਰਕਰਾਰ ਰਹੇਗਾ।
ਲੱਖਾਂ ਪਰਿਵਾਰਾਂ ਦਾ ਉਜਾੜਾ ਰੁਕੇਗਾ।
ਆਮ ਲੋਕਾਂ ਨੂੰ ਮਿਲ ਰਹੀਆਂ ਮੁਢੱਲੀਆਂ ਸਿਹਤ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ।
ਸੰਗਰੂਰ ਰੈਲੀ ਦਾ ਦਿਖਿਆ ਅਸਰ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਤੋਂ ਬਾਅਦ ਪ੍ਰਸ਼ਾਸਨ ਨੇ 16 ਅਪ੍ਰੈਲ ਦੀ ਮੀਟਿੰਗ ਤੈਅ ਕੀਤੀ ਸੀ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਮੀਟਿੰਗ ਦੇ ਸੁਖਾਵੇਂ ਮਾਹੌਲ ਅਤੇ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਲਈ ਕੈਬਨਿਟ ਸਬ-ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰ ਦੇ 'ਘਰ-ਘਰ ਰੁਜ਼ਗਾਰ' ਅਤੇ ਬਿਹਤਰ ਸਿਹਤ ਸਹੂਲਤਾਂ ਦੇ ਉਦੇਸ਼ ਦੀ ਪੂਰਤੀ ਹੋਵੇਗੀ।