ਮੁਲਾਜ਼ਮਾਂ ਦੇ ਮਸਲਿਆਂ ਨੂੰ ਸੁਹਿਰਦਤਾ ਨਾਲ ਕੀਤਾ ਜਾ ਰਿਹੈ ਹੱਲ : ਚੀਮਾ ਮੁਲਾਜ਼ਮਾਂ ਦੇ ਮਸਲਿਆਂ ਨੂੰ ਸੁਹਿਰਦਤਾ ਨਾਲ ਹੱਲ ਕੀਤਾ ਜਾ ਰਿਹੈ: ਚੀਮਾ
Publish Date: Tue, 03 Nov 2026 06:48 PM (IST)
Updated Date: Tue, 03 Nov 2026 06:50 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਮੰਗਾਂ ਦੀ ਗੰਭੀਰਤਾ ਨਾਲ ਪੜਤਾਲ ਕਰਨ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ। ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਤੁਹਾਡੇ ਮਸਲਿਆਂ ਦੇ ਹੱਲ ਲਈ ਪਹਿਲਾਂ ਹੀ ਹਮਦਰਦੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਵਿੱਤ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ, ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮੰਗ ਪੱਤਰ ਹਾਸਲ ਕੀਤੇ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਦੀਆਂ ਮੰਗਾਂ ਵੀ ਗੌਰ ਨਾਲ ਸੁਣੀਆਂ।