ਈ-20 ਪੈਟਰੋਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਸੰਦੇਸ਼, ਲੋਕਾਂ ਨੂੰ ਸਮਰਥਨ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਈ-20 (E-20) ਪੈਟਰੋਲ ਦੇ ਮੁੱਦੇ 'ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕੇਂਦਰ ਸਰਕਾਰ ਤੋਂ ਲੋਕਾਂ ਦੇ ਹਿੱਤ ਵਿੱਚ ਫੈਸਲਾ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨਾਂ ਤੋਂ ਲੈ ਕੇ ਹੋਰ ਵਾਹਨਾਂ ਤੱਕ, ਵੱਡੀ ਗਿਣਤੀ ਵਿੱਚ ਲੋਕ ਈ-20 ਪੈਟਰੋਲ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਈ ਵਾਹਨ ਚਾਲਕਾਂ ਦੀ ਸ਼ਿਕਾਇਤ ਹੈ ਕਿ ਇਸ ਨਾਲ ਉਨ੍ਹਾਂ ਦੇ ਵਾਹਨਾਂ ਦੀ ਕਾਰਗੁਜ਼ਾਰੀ 'ਤੇ ਅਸਰ ਪੈ ਰਿਹਾ ਹੈ।
Publish Date: Thu, 16 Jul 2026 04:07 PM (IST)
Updated Date: Thu, 16 Jul 2026 04:09 PM (IST)
ਰੋਹਿਤ ਕੁਮਾਰ, ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਈ-20 (E-20) ਪੈਟਰੋਲ ਦੇ ਮੁੱਦੇ 'ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕੇਂਦਰ ਸਰਕਾਰ ਤੋਂ ਲੋਕਾਂ ਦੇ ਹਿੱਤ ਵਿੱਚ ਫੈਸਲਾ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨਾਂ ਤੋਂ ਲੈ ਕੇ ਹੋਰ ਵਾਹਨਾਂ ਤੱਕ, ਵੱਡੀ ਗਿਣਤੀ ਵਿੱਚ ਲੋਕ ਈ-20 ਪੈਟਰੋਲ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਈ ਵਾਹਨ ਚਾਲਕਾਂ ਦੀ ਸ਼ਿਕਾਇਤ ਹੈ ਕਿ ਇਸ ਨਾਲ ਉਨ੍ਹਾਂ ਦੇ ਵਾਹਨਾਂ ਦੀ ਕਾਰਗੁਜ਼ਾਰੀ 'ਤੇ ਅਸਰ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਦੋ ਪ੍ਰਮੁੱਖ ਮੰਗਾਂ ਰੱਖੀਆਂ ਹਨ।
ਪਹਿਲੀ ਮੰਗ ਇਹ ਹੈ ਕਿ ਲੋਕਾਂ ਨੂੰ ਈ-20 ਪੈਟਰੋਲ ਦੇ ਨਾਲ ਸ਼ੁੱਧ ਪੈਟਰੋਲ ਦਾ ਵੀ ਆਪਸਨ ਦਿੱਤਾ ਜਾਵੇ ਤਾਂ ਜੋ ਹਰ ਵਿਅਕਤੀ ਆਪਣੇ ਵਾਹਨ ਦੇ ਹਿਸਾਬ ਨਾਲ ਫਿਊਲ ਦੀ ਚੋਣ ਕਰ ਸਕੇ। ਦੂਜੀ ਮੰਗ ਈ-20 ਪੈਟਰੋਲ ਦੀਆਂ ਕੀਮਤਾਂ ਤੁਰੰਤ ਘਟਾਉਣ ਦੀ ਹੈ ਤਾਂ ਜੋ ਆਮ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਜਨਤਕ ਸਮਰਥਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ stopE20petrol.com 'ਤੇ ਜਾ ਕੇ ਪਟੀਸ਼ਨ 'ਤੇ ਆਪਣੀ ਸਹਿਮਤੀ ਦਰਜ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਸਿੱਧਾ ਆਮ ਲੋਕਾਂ ਦੀ ਜੇਬ ਅਤੇ ਉਨ੍ਹਾਂ ਦੇ ਵਾਹਨਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਅਤੇ ਜਲਦ ਹੀ ਕੋਈ ਯੋਗ ਫੈਸਲਾ ਲੈਣਾ ਚਾਹੀਦਾ ਹੈ। ਹਾਲਾਂਕਿ, ਮੁੱਖ ਮੰਤਰੀ ਦੇ ਦਾਅਵਿਆਂ ਅਤੇ ਮੰਗਾਂ 'ਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।