- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਫੌਜ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਭਾਰਤੀ ਫੌਜ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਫੌਜ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਭਾਰਤੀ ਫੌਜ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਦਾ ਰਹੇਗਾ।
ਮੀਟਿੰਗ ਵਿੱਚ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸੰਵੇਦਨਸ਼ੀਲ 532 ਕਿਲੋਮੀਟਰ ਸਰਹੱਦ ’ਤੇ ਡਰੋਨ ਤਸਕਰੀ ਨੂੰ ਰੋਕਣ ਦੇ ਉਪਾਵਾਂ ’ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿ ਸਨੇ ਆਪਣੀ ਖ਼ੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਵਿੱਚ ਫੌਜ ਮੁਖੀ ਦੇ ਸਹਿਯੋਗ ਦੀ ਮੰਗ ਕੀਤੀ, ਜੋ ਸਰਹੱਦੀ ਸੁਰੱਖਿਆ ਦੀ ਦੂਜੀ ਲਾਈਨ ਵਜੋਂ ਕੰਮ ਕਰਦੀ ਹੈ। ਘੱਟ ਉਚਾਈ ਵਾਲੇ ਇੰਟਰਸੈਪਟਿਵ ਰਾਡਾਰ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬੀਆਂ ਦੀ ਭਰਤੀ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਅਤੇ ਸੀ-ਪਾਈਟ ਸੈਂਟਰ ਇਸ ਵਿੱਚ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਉਨ੍ਹਾਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਰੂਪਨਗਰ ਵਿੱਚ ਭਾਰਤੀ ਫੌਜ ਨੂੰ 200 ਏਕੜ ਜ਼ਮੀਨ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਫੌਜ ਦੀ ਸਹਾਇਤਾ ਲਈ ਧੰਨਵਾਦ ਕੀਤਾ। ਫੌਜ ਮੁਖੀ ਨੇ ਪੰਜਾਬ ਸਰਕਾਰ ਨੂੰ ਸਹਾਇਤਾ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ।