ਮੁੱਖ ਮੰਤਰੀ ਅੱਜ ਦਿੱਲੀ ਦੌਰੇ 'ਤੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ
ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਭਖ਼ਦੇ ਮਸਲੇ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕਰਨਗੇ। ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
Publish Date: Sat, 17 Jan 2026 09:08 AM (IST)
Updated Date: Sat, 17 Jan 2026 10:16 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਹ ਮੁਲਾਕਾਤ ਸ਼ਾਹ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਸੂਤਰਾਂ ਮੁਤਾਬਕ, ਇਸ ਮੁਲਾਕਾਤ ਲਈ ਹਾਲੇ ਤੱਕ ਕੋਈ ਰਸਮੀ ਏਜੰਡਾ ਤਿਆਰ ਨਹੀਂ ਕੀਤਾ ਗਿਆ, ਇਸ ਲਈ ਪੰਜਾਬ ਨਾਲ ਜੁੜੀਆਂ ਉਨ੍ਹਾਂ ਮੰਗਾਂ ’ਤੇ ਹੀ ਵਿਚਾਰ ਕੀਤਾ ਜਾਵੇਗਾ ਜਿਹੜੀਆਂ ਮੁੱਖ ਮੰਤਰੀ ਪਹਿਲਾਂ ਵੀ ਉਠਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੇ ਵਾਰ-ਵਾਰ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਐੱਫਸੀਆਈ ਵਿਚ ਪੰਜਾਬ ਰੀਜਨ ਦੇ ਜਨਰਲ ਮੈਨੇਜਰ ਦੇ ਅਹੁਦੇ ’ਤੇ ਯੂਟੀ ਕੈਡਰ ਦੇ ਅਧਿਕਾਰੀ ਨੂੰ ਨਿਯੁਕਤ ਕੀਤਾ ਹੈ। ਇਹ ਮੁੱਦਾ ਇਕ ਵਾਰ ਮੁੜ ਭਗਵੰਤ ਮਾਨ ਵੱਲੋਂ ਚੁੱਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਅਨਾਜ ਦੀ ਮੂਵਮੈਂਟ ਵਧਾਉਣ ਦੀ ਮੰਗ ਵੀ ਰੱਖੀ ਜਾ ਸਕਦੀ ਹੈ। ਸਰਹੱਦ ਪਾਰੋਂ ਡ੍ਰੋਨ ਰਾਹੀਂ ਆਉਣ ਵਾਲੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੇ ਮੁੱਦੇ ’ਤੇ ਵੀ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰ ਸਕਦੇ ਹਨ। ਹਾਲ ਹੀ ਵਿਚ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ।