ਪੰਜਾਬ ਦੇ ਮਜ਼ਦੂਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ: 10 ਲੱਖ ਉਸਾਰੀ ਕਿਰਤੀਆਂ ਦੀ ਹੋਵੇਗੀ ਮੁਫ਼ਤ ਰਜਿਸਟ੍ਰੇਸ਼ਨ, 15 ਕਰੋੜ ਦਾ ਖ਼ਰਚਾ ਚੁੱਕੇਗੀ ਸਰਕਾਰ
ਉਨ੍ਹਾਂ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਨਿਰਮਾਣ ਕਾਮਿਆਂ ਦੀ ਰਜਿਸਟ੍ਰੇਸ਼ਨ, ਵਿੱਤੀ ਸਹਾਇਤਾ ਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਭਲਾਈ ਸਕੀਮਾਂ ਦੇ ਘੇਰੇ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਵਿਚ ਸੁਧਾਰ ਲਈ ਹੋਰ ਕੈਂਪ ਲਗਾਏ ਜਾਣਗੇ।
Publish Date: Sun, 07 Jun 2026 09:50 AM (IST)
Updated Date: Sun, 07 Jun 2026 09:53 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਕਰਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਖ਼ਾਸ ਕੈਂਪ ਲਾ ਕੇ ਭਲਾਈ ਸਕੀਮਾਂ ਦਾ ਲਾਭ ਸਿੱਧਾ ਕਿਰਤੀਆਂ ਤੱਕ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਉਸਾਰੀ ਕਿਰਤੀ ਨੂੰ ਸਮਾਜਿਕ ਸੁਰੱਖਿਆ ਲਾਭ, ਭਲਾਈ ਸਹਾਇਤਾ ਅਤੇ ਹੁਨਰ ਵਿਕਾਸ ਦੇ ਮੌਕੇ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਨਿਰਮਾਣ ਕਾਮਿਆਂ ਦੀ ਰਜਿਸਟ੍ਰੇਸ਼ਨ, ਵਿੱਤੀ ਸਹਾਇਤਾ ਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਭਲਾਈ ਸਕੀਮਾਂ ਦੇ ਘੇਰੇ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਵਿਚ ਸੁਧਾਰ ਲਈ ਹੋਰ ਕੈਂਪ ਲਗਾਏ ਜਾਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਖ਼ਾਸ ਮੁਹਿੰਮ ਦੌਰਾਨ ਮਜ਼ਦੂਰਾਂ ’ਤੇ ਰਜਿਸਟ੍ਰੇਸ਼ਨ ਫੀਸ ਦਾ ਬੋਝ ਖ਼ਤਮ ਕੀਤਾ ਜਾਵੇਗਾ, ਜਿਸ ਨਾਲ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਰੀਬ 10 ਲੱਖ ਮਜ਼ਦੂਰਾਂ ਨੂੰ ਰਜਿਸਟ੍ਰਡ ਕੀਤਾ ਜਾਵੇਗਾ ਤੇ ਇਸ ਦੇ ਕਰੀਬ 15 ਕਰੋੜ ਰੁਪਏ ਦੇ ਵਿੱਤੀ ਖ਼ਰਚੇ ਨੂੰ ਸਰਕਾਰ ਖ਼ੁਦ ਸਹਿਣ ਕਰੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲੇਬਰ ਚੌਂਕਾਂ ’ਤੇ ਮਜ਼ਦੂਰਾਂ ਲਈ ਮੁਹੱਈਆ ਸਹੂਲਤਾਂ ਵਿਚ ਸੁਧਾਰ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਿਲਾ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ। ਮੀਟਿੰਗ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।