- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਤੇ ਥਾਂ-ਥਾਂ ਗੰਦਗੀ ਪਸਰੀ ਹੋਈ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਵੱਲੋਂ ਵੀਆਈਪੀ ਸ਼ਹਿਰ ਮੁਹਾਲੀ ਨੂੰ ਸਿਟੀ ਬਿਊਟੀਫੁੱਲ ਬਣਾਉਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਨਿਗਮ ਪ੍ਰਸ਼ਾਸਨ ਇਕ ਪਾਸੇ ਕੂੜਾ ਪ੍ਰਬੰਧਨ ਦਾ ਮਸਲਾ ਹੱਲ ਕਰਨ ਤੇ ਸਫ਼ਾਈ ਵਿਵਸਥਾ ਦੇ ਵੱਡੇ ਵੱਡੇ ਦਾਅਵੇ ਕਰ ਰਿਹਾ ਹੈ ਪ੍ਰੰਤੂ ਮੌਜੂਦਾ ਸਮੇਂ ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਤੇ ਥਾਂ-ਥਾਂ ਗੰਦਗੀ ਪਸਰੀ ਹੋਈ ਹੈ। ਭਾਜਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਮੁਹਾਲੀ ਨਗਰ ਨਿਗਮ ’ਚ ਵਿਰੋਧੀ ਧਿਰ ਦੇ ਨੇਤਾ ਨਰਪਿੰਦਰ ਸਿੰਘ ਰੰਗੀ ਨੇ ਇਹ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਇਸ ਤੋਂ ਪਹਿਲਾਂ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਆਭਾ ਬਾਂਸਲ ਨੇ ਵੀ ਇਹ ਮੁੱਦਾ ਚੁੱਕਿਆ ਸੀ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਦੇ ਫੇਜ਼-10 ਸਥਿਤ ਆਰਐੱਮਸੀ ਕੇਂਦਰ ਦੇ ਬਾਹਰ ਪ੍ਰਾਈਵੇਟ ਸਕੂਲ ਨੇੜਲੀਆਂ ਸੜਕਾਂ ਕਿਨਾਰੇ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸ਼ਹਿਰ ਵਾਸੀ ਸਫ਼ਾਈ ਦੀ ਮਾੜੀ ਹਾਲਤ ਤੇ ਚਾਰ ਚੁਫੇਰੇ ਫੈਲੀ ਗੰਦਗੀ ਕਾਰਨ ਕਾਫ਼ੀ ਤੰਗ ਹਨ। ਸਥਾਨਕ ਵਸਨੀਕਾਂ ਮੁਤਾਬਕ ਉਨ੍ਹਾਂ ਨੇ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਹੈ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਹੁਤੀ ਤਵੱਜੋਂ ਨਹੀਂ ਦਿੱਤੀ ਜਾਂਦੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਸਥਿਤੀ ਹੋਰ ਵੀ ਚਿੰਤਾਜਨਕ ਹੈ, ਕਿਉਂਕਿ ਇੱਥੇ ਨੇੜੇ ਪ੍ਰਾਈਵੇਟ ਸਕੂਲ ਮੌਜੂਦ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ’ਚ ਬੱਚੇ ਪੜ੍ਹਨ ਆਉਂਦੇ ਹਨ, ਰਾਹ ’ਚ ਸੜਕਾਂ ਕਿਨਾਰੇ ਫੈਲੀ ਗੰਦਗੀ ਕਾਰਨ ਬੱਚਿਆਂ, ਮਾਪਿਆਂ ਤੇ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁਹਾਲੀ ਨੂੰ ਸਾਫ਼ ਸੁਥਰਾ ਤੇ ਸੁਚੱਜੇ ਢੰਗ ਨਾਲ ਵਿਕ••ਸਿਤ ਕਰਨ ਤੇ ਸਿਟੀ ਬਿਊਟੀਫੁੱਲ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਸ਼ਹਿਰ ਦੀਆਂ ਸੜਕਾਂ ’ਤੇ ਕੂੜੇ ਦੇ ਢੇਰ ਤੇ ਗੰਦਗੀ ਫੈਲੀ ਹੋਣਾ ਨਿਗਮ ਪ੍ਰਸ਼ਾਸਨ ਦੇ ਕੰਮਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
====================
ਕੂੜਾ ਤੇ ਗੰਦਗੀ ਫੈਲੀ ਹੋਣ ਕਾਰਨ ਸ਼ਹਿਰ ਵਾਸੀ ਮਾੜੇ ਹਲਾਤਾਂ ’ਚ ਰਹਿਣ ਲਈ ਮਜਬੂਰ
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਫੇਜ਼-10 ਸਮੇਤ ਹੋਰਨਾਂ ਥਾਵਾਂ ’ਤੇ ਕੂੜਾ ਤੇ ਗੰਦਗੀ ਫੈਲੀ ਹੋਣ ਕਾਰਨ ਸ਼ਹਿਰ ਵਾਸੀ ਮਾੜੇ ਹਲਾਤਾਂ ’ਚ ਰਹਿਣ ਲਈ ਮਜਬੂਰ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਪਣੇ ਹਲਕੇ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ ਬਣਦੀ। ਜੇਕਰ ਨਾਗਰਿਕਾਂ ਨੂੰ ਸਫ਼ਾਈ ਤੇ ਹੋਰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ, ਤਾਂ ਸ਼ਹਿਰ ਦੇ ਵਿਕਾਸ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ’ਚ ਸਫ਼ਾਈ ਵਿਵਸਥਾ ਤੇ ਕੂੜਾ ਚੁੱਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
=======
ਅਧਿਕਾਰੀ ਕੂੜਾ ਪ੍ਰਬੰਧਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ
ਮੁਹਾਲੀ ਨਗਰ ਨਿਗਮ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਕੌਂਸਲਰ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਉਹ ਹਰੇਕ ਮੀਟਿੰਗ ’ਚ ਸਫ਼ਾਈ ਵਿਵਸਥਾ ਤੇ ਕੂੜਾ ਪ੍ਰਬੰਧਨ ਦਾ ਮੁੱਦਾ ਚੁੱਕਦੇ ਆ ਰਹੇ ਹਨ ਲੇਕਿਨ ਅਧਿਕਾਰੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਫੇਜ਼-10 ’ਚ ਕੂੜਾ ਕੁਲੈਕਟ ਪੁਆਇੰਟ ’ਚ ਰੋਜ਼ਾਨਾ ਘਰ-ਘਰ ਤੋਂ ਸੁੱਕਾ ਤੇ ਗਿੱਲਾ ਇਕੱਠਾ ਕਰ ਕੇ ਇੱਥੇ ਸੁੱਟਿਆ ਜਾਂਦਾ ਹੈ ਤੇ ਨਿਯਮਾਂ ਮੁਤਾਬਕ ਇੱਥੋਂ ਰੋਜ਼ਾਨਾ ਕੂੜਾ ਚੁੱਕਿਆ ਜਾਣਾ ਚਾਹੀਦਾ ਹੈ ਪ੍ਰੰਤੂ ਰੋਜ਼ਾਨਾ ਦੀ ਥਾਂ ਹਫ਼ਤੇ ਬਾਅਦ ਕੂੜਾ ਚੁੱਕਿਆ ਜਾ ਰਿਹਾ ਹੈ। ਜਿਸ ਕਾਰਨ ਸੜਕਾਂ ਕਿਨਾਰੇ ਗੰਦਗੀ ਫੈਲ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ’ਚੋਂ ਰੋਜ਼ਾਨਾ ਕੂੜਾ ਚੁੱਕਿਆ ਜਾਣਾ ਚਾਹੀਦਾ ਹੈ।