‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ’ਚ ਸਫ਼ਾਈ ਮੁਹਿੰਮ ਸ਼ੁਰੂ ਸਰਕਾਰੀ ਸਿਹਤ ਸੰਸਥਾਵਾਂ ’ਚ ਸਫ਼ਾਈ ਮੁਹਿੰਮ ਸ਼ੁਰੂ
Publish Date: Sat, 19 Sep 2026 06:58 PM (IST)
Updated Date: Sun, 20 Sep 2026 04:06 AM (IST)
ਫੋਟੋ ਕੈਪਸ਼ਨ : ਸਿਹਤ ਸੰਸਥਾਵਾਂ ਦੀ ਸਫ਼ਾਈ ਕਰਦੇ ਹੋਏ ਕਰਮਚਾਰੀ। 26ਪੀ * ਸਾਫ਼-ਸੁਥਰਾ ਵਾਤਾਵਰਣ ਤੰਦਰੁਸਤ ਜੀਵਨ ਦੀ ਪਹਿਲੀ ਪੌੜੀ : ਡਾ. ਜੈਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਸਿਹਤ ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਗਾਂਧੀ ਜੈਅੰਤੀ ਦੇ ਮੱਦੇਨਜ਼ਰ ‘ਸਵੱਛਤਾ ਹੀ ਸੇਵਾ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਉਤਸ਼ਾਹਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਰੋਜ਼ਾਨਾ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਿਹਤ ਸੰਸਥਾਵਾਂ ਦੇ ਵਾਰਡਾਂ, ਓਪੀਡੀ ਖੇਤਰਾਂ, ਦਫ਼ਤਰਾਂ, ਪਖ਼ਾਨਿਆਂ, ਪਾਰਕਿੰਗ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਸਬੰਧਤ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਡਾ. ਸੰਗੀਤਾ ਜੈਨ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਤੰਦਰੁਸਤ ਜੀਵਨ ਦੀ ਪਹਿਲੀ ਪੌੜੀ ਹੈ। ਸਫ਼ਾਈ ਸਿਰਫ਼ ਕਿਸੇ ਇੱਕ ਮੁਹਿੰਮ ਤਕ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸਾਫ਼-ਸੁਥਰਾ ਆਲਾ-ਦੁਆਲਾ ਕਈ ਬੀਮਾਰੀਆਂ ਤੋਂ ਬਚਾਅ ਵਿੱਚ ਸਹਾਈ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਂਦਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਕੰਮ ਵਾਲੀਆਂ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਤੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਸਿਹਤਮੰਦ ਅਤੇ ਸਾਫ਼-ਸੁਥਰੇ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।