ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੇ ਸਹਿਯੋਗ ਨਾਲ 2021 ਬੈਚ ਦੇ ਇਨ੍ਹਾਂ ਅਧਿਕਾਰੀਆਂ ਲਈ 10 ਹਫ਼ਤਿਆਂ ਦਾ ਵਿਸ਼ੇਸ਼ ਫਾਉਂਡੇਸ਼ਨ ਕੋਰਸ ਕਰਵਾਇਆ ਜਾ ਰਿਹਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਲਾਈ ਪ੍ਰਾਪਤ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਰ ਫੈਸਲਾ ਲੋਕ ਹਿੱਤ ਵਿਚ ਲੈਣ ਲਈ ਪ੍ਰੇਰਿਤ ਕੀਤਾ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਆਉਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੇ ਸਹਿਯੋਗ ਨਾਲ 2021 ਬੈਚ ਦੇ ਇਨ੍ਹਾਂ ਅਧਿਕਾਰੀਆਂ ਲਈ 10 ਹਫ਼ਤਿਆਂ ਦਾ ਵਿਸ਼ੇਸ਼ ਫਾਉਂਡੇਸ਼ਨ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਗਰੁੱਪ ਵਿਚ ਆਈ.ਪੀ.ਐਸ., ਭਾਰਤੀ ਜੰਗਲਾਤ ਸੇਵਾ, ਆਈ.ਆਰ.ਐਸ. (ਇਨਕਮ ਟੈਕਸ ਅਤੇ ਕਸਟਮ ਦੋਵੇਂ), ਭਾਰਤੀ ਡਾਕ ਸੇਵਾ, ਭਾਰਤੀ ਸੂਚਨਾ ਸੇਵਾ, ਭਾਰਤੀ ਸਿਵਲ ਲੇਖਾ ਸੇਵਾ, ਭਾਰਤੀ ਪੀ ਐਂਡ ਟੀ ਵਿੱਤ ਸੇਵਾ, ਭਾਰਤੀ ਵਪਾਰ ਸੇਵਾ ਅਤੇ ਭਾਰਤੀ ਕਾਰਪੋਰੇਟ ਲਾਅ ਸੇਵਾ ਦੇ ਅਧਿਕਾਰੀ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮਗਸੀਪਾ, ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ, ਮਸੂਰੀ ਦੀ ਤਰਫੋਂ ਵਿਸ਼ੇਸ਼ ਫਾਊਂਡੇਸ਼ਨ ਕੋਰਸ (ਐਸ.ਐਫ.ਸੀ.) ਦਾ ਪ੍ਰਬੰਧ ਕਰ ਰਿਹਾ ਹੈ। ਆਮ ਤੌਰ `ਤੇ ਅਜਿਹੇ ਕੋਰਸ ਰਾਸ਼ਟਰੀ ਅਕੈਡਮੀਆਂ ਜਿਵੇਂ ਕਿ ਨੈਸ਼ਨਲ ਪੁਲਿਸ ਅਕੈਡਮੀ ਅਤੇ ਨੈਸ਼ਨਲ ਅਕੈਡਮੀ ਆਫ ਡਾਇਰੈਕਟ ਟੈਕਸਿਜ਼ ਦੁਆਰਾ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਗਸੀਪਾ ਦੇ ਬੁਨਿਆਦੀ ਢਾਂਚੇ ਅਤੇ ਸ਼ਾਨਦਾਰ ਫੈਕਲਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਮਸੂਰੀ ਅਕੈਡਮੀ ਨੇ ਇਸ ਦੀ ਚੋਣ ਕੀਤੀ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਇਤਿਹਾਸ, ਸੱਭਿਆਚਾਰ ਅਤੇ ਪਰੰਪਰਾਵਾਂ ਪੱਖੋਂ ਬਹੁਤ ਅਮੀਰ ਹੈ ਅਤੇ ਸਿਖਿਆਰਥੀਆਂ ਨੂੰ ਇਸ ਪਵਿੱਤਰ ਧਰਤੀ ਤੋਂ ਸਿੱਖਣ ਦੇ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਮਗਸੀਪਾ ਤੇ ਇਸ ਦੀ ਫੈਕਲਟੀ ਨੂੰ ਵੀ ਵੱਖ-ਵੱਖ ਰਾਜਾਂ, ਕੇਡਰਾਂ,ਸੇਵਾਵਾਂ ਅਤੇ ਵੱਖ-ਵੱਖ ਤਜਰਬਿਆਂ ਵਾਲੇ ਇਨ੍ਹਾਂ ਅਧਿਕਾਰੀ ਸਿਖਿਆਰਥੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿਚੰਡੀਗੜ੍ਹ, ਇਸ ਖੇਤਰ ਦਾ ਮੁੱਖ ਕੇਂਦਰ ਹੋਣ ਦੇ ਨਾਤੇ, ਜਨਤਕ ਸੇਵਾ ਦੇ ਖੇਤਰ ਵਿਚ ਕਈ ਉੱਘੀਆਂ ਸ਼ਖ਼ਸੀਅਤਾਂ ਦਾ ਨਿਵਾਸ ਸਥਾਨ ਹੈ, ਜਿਨ੍ਹਾਂ ਵਿੱਚੋਂ ਕਈਆਂ ਨੇ ਇਨ੍ਹਾਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੋਵੇਗੀ। ਇਹ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਜਨਤਕ ਸੇਵਾ ਵਿੱਚ ਦਹਾਕੇ ਲਗਾਏ ਹਨ ਅਤੇ ਇਸ ਖੇਤਰ ਵਿੱਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਮਗਸੀਪਾ ਨੇ ਲਗਪਗ 1500 ਸਿਖਲਾਈ ਪ੍ਰੋਗਰਾਮ ਚਲਾਏ ਹਨ, ਜਿਨ੍ਹਾਂ ਰਾਹੀਂ ਪ੍ਰਸ਼ਾਸਨ ਅਤੇ ਸ਼ਾਸਨ ਦੇ ਵੱਖ-ਵੱਖ ਪਹਿਲੂਆਂ ਵਿੱਚ 50,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਅਤੇ ਖੋਜ ਦੇ ਖੇਤਰਾਂ ਵਿੱਚ ਮੁਹਾਰਤ, ਫੈਕਲਟੀ ਅਤੇ ਗਿਆਨ ਦੇ ਆਦਾਨ-ਪ੍ਰਦਾਨ ਲਈ ਮਗਸੀਪਾ ਨੇ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਸੰਸਥਾਵਾਂ,ਸੰਗਠਨਾਂ ਨਾਲ 33 ਸਹਿਮਤੀ ਪੱਤਰਾਂ `ਤੇ ਹਸਤਾਖ਼ਰ ਕੀਤੇ ਹਨ।