- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮਾਊ ਜਾਂ ਝੂਠੇ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਵੇ ਤੇ ਤੱਥਾਂ ਦੇ ਅਧਾਰ 'ਤੇ ਆਪਣੀ ਰਾਏ ਬਣਾਵੇ। ਉਨ੍ਹਾਂ ਕਿਹਾ ਕਿ ਸੱਚਾਈ ਆਖ਼ਰਕਾਰ ਲੋਕਾਂ ਸਾਹਮਣੇ ਆ ਹੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੰਜਾਬ ਦੇ ਲੋਕ ਸੱਚ ਤੇ ਝੂਠ ਵਿਚ ਫ਼ਰਕ ਕਰਨਾ ਜਾਣਦੇ ਹਨ।

ਰੋਹਿਤ ਕੁਮਾਰ, ਜਾਗਰਣ ਚੰਡੀਗੜ੍ਹ : ਇਕ ਵੀਡੀਓ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਨੇ ਆਪਣਾ ਪੱਖ ਰੱਖਦਿਆਂ ਕਹਿਣਾ ਹੈ ਕਿ ਵਾਇਰਲ ਵੀਡੀਓ ਉਨ੍ਹਾਂ ਦੀ ਨਹੀਂ ਹੈ ਤੇ ਉਨ੍ਹਾਂ ਖ਼ਿਲਾਫ਼ ਯੋਜਨਾਬੱਧ ਢੰਗ ਨਾਲ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਸੀ, ਉਦੋਂ ਵੀ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਵੀਡੀਓ 'ਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ 'ਚ ਮੌਜੂਦ ਵਿਅਕਤੀ ਦੀ ਕਦ-ਕਾਠੀ ਅਤੇ ਸਰੀਰਕ ਬਣਤਰ ਵੀ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ, ਪਰ ਇਸ ਦੇ ਬਾਵਜੂਦ ਕੁਝ ਲੋਕ ਸਿਆਸੀ ਹਿੱਤ ਸਾਧਣ ਲਈ ਇਸ ਮਾਮਲੇ ਨੂੰ ਉਛਾਲ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਧਰਮ ਅਤੇ ਧਾਰਮਿਕ ਸੰਸਥਾਵਾਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਤੇ ਉਨ੍ਹਾਂ ਦੇ ਮਨ ਵਿਚ ਇਸ ਪਵਿੱਤਰ ਸੰਸਥਾ ਪ੍ਰਤੀ ਪੂਰਾ ਸਤਿਕਾਰ ਹੈ। ਉਨ੍ਹਾਂ ਕਿਹਾ, 'ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੱਗੇ ਮੇਰਾ ਸਿਰ ਹਮੇਸ਼ਾ ਝੁਕਦਾ ਹੈ। ਉਸ ਦੀ ਮਰਿਆਦਾ ਅਤੇ ਸਤਿਕਾਰ ਮੇਰੇ ਲਈ ਸਰਵਉੱਪਰ ਹੈ।' ਹਾਲਾਂਕਿ, ਉਨ੍ਹਾਂ ਇਹ ਵੀ ਜੋੜਿਆ ਕਿ ਕੁਝ ਲੋਕ ਧਾਰਮਿਕ ਮੰਚਾਂ ਦੀ ਵਰਤੋਂ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਕਰ ਰਹੇ ਹਨ।
ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਂ ਲਏ ਵਿਰੋਧੀ ਆਗੂਆਂ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕਈ ਲੋਕ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਆਪਣੀ ਗ਼ਲਤੀ ਸਵੀਕਾਰ ਕਰਦੇ ਹਨ, ਮਾਫ਼ੀ ਮੰਗਦੇ ਹਨ, ਪਰ ਬਾਅਦ ਵਿੱਚ ਬਾਹਰ ਆ ਕੇ ਆਪਣੇ ਹੀ ਬਿਆਨ ਤੋਂ ਮੁਕਰ ਜਾਂਦੇ ਹਨ ਅਤੇ ਕਹਿੰਦੇ ਹਨ ਕਿ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕਿਹਾ ਜਾਂ ਕੀਤਾ। ਉਨ੍ਹਾਂ ਇਸ਼ਾਰਿਆਂ ਵਿੱਚ ਕਿਹਾ ਕਿ ਜਨਤਾ ਅਤੇ ਸੰਗਤ ਅਜਿਹੇ ਦੋਹਰੇ ਰਵੱਈਏ ਨੂੰ ਚੰਗੀ ਤਰ੍ਹਾਂ ਸਮਝਦੀ ਹੈ।
ਅਹਿਮ ਮੁੱਦੇ 'ਤੇ, ਚੰਡੀਗੜ੍ਹ ਤੋਂ LIVE ------- अहम मुद्दे पे, चंडीगढ़ से LIVE https://t.co/8UFvmKLMdg
— Bhagwant Mann (@BhagwantMann) June 16, 2026
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਪਾਣੀਆਂ, ਗੁਰੂ ਸਾਹਿਬ ਦੀ ਬਾਣੀ ਦੇ ਸਤਿਕਾਰ, ਕਿਸਾਨਾਂ ਦੇ ਹਿੱਤਾਂ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਫੈਸਲੇ ਲੈ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਈ ਫੈਸਲੇ ਕੁਝ ਲੋਕਾਂ ਦੇ ਸਿਆਸੀ ਹਿੱਤਾਂ ਖ਼ਿਲਾਫ਼ ਜਾ ਰਹੇ ਹਨ, ਇਸ ਲਈ ਉਨ੍ਹਾਂ ਨੂੰ ਵਿਵਾਦਾਂ 'ਚ ਘਸੀਟਣ ਅਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਪਹਿਲ ਕੀਤੀ ਸੀ, ਉਦੋਂ ਕਈ ਲੋਕ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸੀ, ਪਰ ਹੁਣ ਉਹੀ ਲੋਕ ਕਾਨੂੰਨ ਬਣਨ ਤੋਂ ਬਾਅਦ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਨਤਾ ਨੂੰ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੌਣ ਕਿਸ ਮਨਸ਼ਾ ਨਾਲ ਸਿਆਸਤ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਸਭ ਕੁਝ ਸਮਝਦੀ ਹੈ ਤੇ ਜਾਣਦੀ ਵੀ ਹੈ ਕਿ ਵੱਖ-ਵੱਖ ਮਾਮਲਿਆਂ 'ਚ ਫੈਸਲੇ ਕਿਸ ਤਰ੍ਹਾਂ ਲਏ ਜਾਂਦੇ ਹਨ। ਕਈ ਵਾਰ ਸਮੇਂ ਦੇ ਨਾਲ ਉਨ੍ਹਾਂ ਹੀ ਫੈਸਲਿਆਂ 'ਚ ਬਦਲਾਅ ਵੀ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੁਹਰਾਇਆ ਕਿ ਉਹ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਲਈ ਕੰਮ ਕਰਦੇ ਰਹਿਣਗੇ ਤੇ ਅੰਤਿਮ ਫੈਸਲਾ ਜਨਤਾ ਅਤੇ ਸੰਗਤ 'ਤੇ ਛੱਡਦੇ ਹਨ।
ਅਖੀਰ 'ਚ ਮੁੱਖ ਮੰਤਰੀ ਨੇ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮਾਊ ਜਾਂ ਝੂਠੇ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਵੇ ਤੇ ਤੱਥਾਂ ਦੇ ਅਧਾਰ 'ਤੇ ਆਪਣੀ ਰਾਏ ਬਣਾਵੇ। ਉਨ੍ਹਾਂ ਕਿਹਾ ਕਿ ਸੱਚਾਈ ਆਖ਼ਰਕਾਰ ਲੋਕਾਂ ਸਾਹਮਣੇ ਆ ਹੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੰਜਾਬ ਦੇ ਲੋਕ ਸੱਚ ਤੇ ਝੂਠ ਵਿਚ ਫ਼ਰਕ ਕਰਨਾ ਜਾਣਦੇ ਹਨ।