ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਪਾਬੰਦੀਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਆਪਣੇ ਉਲੀਕੇ ਰੋਸ ਪ੍ਰਦਰਸ਼ਨਾਂ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੌਜੂਦਾ ਸੰਕਟ ਨੂੰ ਦੇਖਦਿਆਂ ਟਕਰਾਅ ਵਾਲੀ ਨੀਤੀ ਨਾ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਧਾਰਾ 144 ਲਾਗੂ ਹੋਣ ਕਰਕੇ ਇਕੱਠ ਕਰਨ ਦੀ ਮਨਾਹੀ ਹੈ। ਉਨ੍ਹਾਂ ਨੇ ਇਨ੍ਹਾਂ ਪਾਬੰਦੀਆਂ ਨੂੰ ਸਮੇਂ ਦੀ ਲੋੜ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਖੇਤੀ ਆਰਡੀਨੈਂਸ ਦਾ ਮੁੱਦਾ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ ਪਰ ਇਸ ਵੇਲੇ ਕੋਈ ਵੀ ਰੋਸ ਪ੍ਰਦਰਸ਼ਨ ਪੰਜਾਬ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਸੋਸ਼ਲ ਮੀਡੀਆ ਦੀ ਆਪਣੇ ਗੁੱਸੇ ਦੇ ਪ੍ਰਗਟਾਵੇ ਲਈ ਵਰਤੋਂ ਕਰਨ, ਜਿਹੜੇ ਕਿ ਦੇਸ਼ ਦੇ ਸੰਘੀ ਢਾਂਚੇ ਦੇ ਖ਼ਿਲਾਫ਼ ਹਨ।

ਮੁੱਖ ਮੰਤਰੀ ਨੇ ਸੂਬੇ ਦੀਆਂ ਸਾਰੀਆਂ ਰਜਿਸਟਰਡ ਰਾਜਸੀ ਪਾਰਟੀਆਂ ਨੂੰ ਪੱਤਰ ਲਿਖ ਕੇ ਨਿੱਜੀ ਤੌਰ 'ਤੇ ਬੇਨਤੀ ਕੀਤੀ ਕਿ ਕੋਰੋਨਾ ਮਹਾਮਾਰੀ ਤਹਿਤ ਲਾਈਆਂ ਰੋਕਾਂ ਦੇ ਮੱਦੇਨਜ਼ਰ ਉਹ ਕੋਈ ਵੀ ਸਿਆਸੀ ਇਕੱਠ ਨਾ ਕਰਨ।

ਕੈਪਟਨ ਨੇ ਕਿਹਾ ਕਿ ਇਹ ਔਖਾ ਸਮਾਂ ਹੈ, ਜਦੋਂ ਪੂਰੇ ਦੇਸ਼ ਵਿਚ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਰਾਜਸੀ ਵਿਚਾਰਾਂ ਤੋਂ ਉੱਪਰ ਉੱਠਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰਾਖੀ ਲਈ ਉਹ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਤੇ ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਸਾਂਝੀ ਲੜਾਈ ਦਾ ਹੈ, ਜਿਹੜੀ ਸਿਰਫ ਸਾਰਿਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਲੜੀ ਜਾ ਸਕਦੀ ਹੈ।