CM ਮਾਨ ਦਾ ਵੱਡਾ ਬਿਆਨ, 'ਕੇਂਦਰ ਨੇ ਹਵਾਰਾ ਨੂੰ ਨਹੀਂ ਦਿੱਤੀ ਪੈਰੋਲ, ਭਿਓਰਾ ਤੇ ਤਾਰਾ ਦਾ ਮੁੱਦਾ ਵੀ ਚੁੱਕਾਂਗੇ' ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ। ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਤੱਕ ਅਣਸੁਲਝਿਆ ਨਹੀਂ ਛੱਡਿਆ ਜਾ ਸਕਦਾ। ਆਪ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ, ਤਾਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ।
Publish Date: Tue, 13 Oct 2026 09:10 AM (IST)
Updated Date: Tue, 13 Oct 2026 09:11 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ। ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਤੱਕ ਅਣਸੁਲਝਿਆ ਨਹੀਂ ਛੱਡਿਆ ਜਾ ਸਕਦਾ। ਆਪ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ, ਤਾਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ।
ਸੋਮਵਾਰ ਨੂੰ ਕੌਮੀ ਇਨਸਾਫ਼ ਮੋਰਚਾ, ਕਿਸਾਨ ਯੂਨੀਅਨਾਂ ਅਤੇ ਹੋਰ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਕਾਨੂੰਨ ਦੇ ਦਾਇਰੇ ਵਿਚ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਬੰਦੀ ਸਿੰਘਾਂ ਦੇ ਮਾਮਲੇ ਵਿਚ ਆਪ ਸਰਕਾਰ ਦੀ ਮਨਸ਼ਾ ਅਤੇ ਵਚਨਬੱਧਤਾ ਬਿਲਕੁਲ ਸਪੱਸ਼ਟ ਹੈ। ਅਸੀਂ ਇਨਸਾਫ਼ ਦੇ ਪੱਖ ਵਿਚ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਨੇ ਰਾਮਪੁਰ ਖੇੜਾ ਦੇ ਸੰਤ ਸੇਵਾ ਸਿੰਘ, ਬਠਿੰਡਾ ਦੇ ਗੁਰਦੀਪ ਸਿੰਘ, ਭਾਈ ਮੋਹਕਮ ਸਿੰਘ, ਗੁਰਸੇਵਕ ਸਿੰਘ ਕਾਹਨੇਕੇ, ਬਾਬਾ ਭੁਪਿੰਦਰ ਸਿੰਘ ਅਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਸਮੇਤ ਹੋਰ ਆਗੂਆਂ ਦੀ ਅਗਵਾਈ ਵਿਚ ਆਏ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਹਵਾਰਾ ਨੂੰ ਪੈਰੋਲ ਮਿਲਣ ਦੀ ਸਥਿਤੀ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਕਿਹਾ ਹੈ ਕਿ ਜੇਕਰ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ, ਤਾਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਾਇਮ ਰੱਖੀ ਜਾਵੇਗੀ। ਅਸੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭਰੋਸਾ ਦਿੱਤਾ, ਪਰ ਕੇਂਦਰ ਸਰਕਾਰ ਨੇ ਪੈਰੋਲ ਨਹੀਂ ਦਿੱਤੀ। ਹਵਾਰਾ ਨੂੰ ਕੁਝ ਦਿਨਾਂ ਦੀ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਹ ਮਿਸਾਲ ਬਣਨੀ ਚਾਹੀਦੀ ਹੈ ਕਿ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਾ ਕਿਸ ਤਰ੍ਹਾਂ ਕਾਇਮ ਰੱਖਿਆ ਜਾ ਸਕਦਾ ਹੈ। ਇਸ ਨਾਲ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਵੀ ਆਸਾਨ ਹੋ ਸਕਦਾ ਹੈ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤੀਪੂਰਨ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਸਮੂਹ ਜਾਣਬੁੱਝ ਕੇ ਅਜਿਹੇ ਅੰਦੋਲਨਾਂ ਨੂੰ ਲੀਹੋਂ ਲਾਹੁਣ ਅਤੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।
ਮੁੱਖ ਮੰਤਰੀ ਨੇ ਬੁੜੈਲ ਜੇਲ੍ਹ ਵਿਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮਾਮਲੇ ’ਤੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿਚ ਹੈ। ਉਹ ਇਸ ਨੂੰ ਰਾਜਪਾਲ ਦੇ ਸਾਹਮਣੇ ਉਠਾਉਣਗੇ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਮੁੱਖ ਮੰਤਰੀ ਨੇ ਮੀਟਿੰਗ ਵਿਚ ਮੌਜੂਦ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਕਿਹਾ ਕਿ ਉਹ ਹਰ ਮਾਮਲੇ ਦੀ ਕਾਨੂੰਨੀ ਪਹਿਲੂਆਂ ਤੋਂ ਜਾਂਚ ਕਰਨ, ਤਾਂ ਜੋ ਢੁਕਵਾਂ ਹੱਲ ਕੱਢਿਆ ਜਾ ਸਕੇ। ਮੀਟਿੰਗ ਵਿਚ ਮੁੱਖ ਸਕੱਤਰ ਕੇਏਪੀ ਸਿਨਹਾ, ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਵਿਸ਼ੇਸ਼ ਡੀਜੀਪੀ (ਕਾਨੂੰਨ-ਵਿਵਸਥਾ) ਪੀਕੇ ਸਿਨਹਾ, ਜੇਲ੍ਹ ਵਿਭਾਗ ਦੀ ਪ੍ਰਮੁੱਖ ਸਕੱਤਰ ਭਾਵਨਾ ਗਰਗ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਧਾਨ ਸਕੱਤਰ ਕੁਮਾਰ ਅਮਿਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।