328 ਲਾਪਤਾ ਸਰੂਪਾਂ ਦੇ ਮਾਮਲੇ ’ਚ ਸੀਐੱਮ ਮਾਫੀ ਮੰਗਣ : ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰਾਜਾ ਸਾਹਿਬ ਗੁਰਦੁਆਰਾ ਬੰਗਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਸਰੂਪਾਂ ਦੇ ਚੱਲ ਰਹੇ ਵਿਵਾਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਾ ਸਿਰਫ਼ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ, ਸਗੋਂ ਪਛਤਾਵਾ ਵੀ ਕਰਨਾ ਚਾਹੀਦਾ ਹੈ।
Publish Date: Tue, 20 Jan 2026 07:38 PM (IST)
Updated Date: Tue, 20 Jan 2026 07:40 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰਾਜਾ ਸਾਹਿਬ ਗੁਰਦੁਆਰਾ ਬੰਗਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਸਰੂਪਾਂ ਦੇ ਚੱਲ ਰਹੇ ਵਿਵਾਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਾ ਸਿਰਫ਼ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ, ਸਗੋਂ ਪਛਤਾਵਾ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਪਤਾ ਸਰੂਪਾਂ ਦਾ ਮੁੱਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਦਰੂਨੀ ਮਾਮਲਾ ਹੈ, ਬੇਅਦਬੀ ਦਾ ਮਾਮਲਾ ਨਹੀਂ। ਇਹ ਮੰਦਭਾਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 169 ਲਾਪਤਾ ਸਰੂਪਾਂ ਦੀ ਬਰਾਮਦਗੀ ਬਾਰੇ ਗੁਮਰਾਹਕੁੰਨ ਬਿਆਨ ਦਿੱਤਾ ਅਤੇ ਸਰਕਾਰ ਨੇ ਇਸ ਮੁੱਦੇ ’ਤੇ ਯੂ-ਟਰਨ ਲੈ ਲਿਆ। ਸਰਕਾਰ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ’ਤੇ ਯੂ-ਟਰਨ ਲੈਂਦੀ ਹੈ।
ਪਰਗਟ ਸਿੰਘ ਨੇ ਕਿਹਾ ਕਿ ਮਾਘੀ ਮੇਲੇ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਗਾਇਬ 328 ਪਾਵਨ ਸਰੂਪਾਂ ਵਿਚੋਂ 169 ਬੰਗਾ ਨੇੜੇ ਬਰਾਮਦ ਹੋ ਗਏ ਹਨ ਪਰ ਇਸ ਵਿਚ ਕੋਈ ਸੱਚਾਈ ਨਹੀਂ ਸੀ। ਬਾਅਦ ਵਿਚ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਯੂ-ਟਰਨ ਲੈਣਾ ਪਿਆ। ਸਰਕਾਰ ਨੇ ਮੰਨਿਆ ਕਿ ਸਰੂਪ ਨਹੀਂ ਮਿਲੇ। ਇਸ ਮਾਮਲੇ ਵਿਚ ਝੂਠ ਬੋਲਣ ਵਾਲੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ ’ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਸਰਕਾਰ ਦਾ ਇਕ ਹੋਰ ਦਾਵਾ ਖੋਖਲਾ ਸਾਬਤ ਹੋਵੇਗਾ। ਪੰਜਾਬ ਸਰਕਾਰ ਨੇ ਪਹਿਲਾਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਾਅਵਾ ਕਰਦੇ ਹੋਏ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਸੀ। ਦੋ-ਪੜਾਅ ਦੀ ਮੁਹਿੰਮ ਦੇ ਬਾਵਜੂਦ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ।