ਚੰਡੀਗੜ੍ਹ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਤੇਵਰ ਹੁਣ ਢਿੱਲੇ ਪੈਂਦੇ ਦਿਸ ਰਹੇ ਹਨ। ਸਵਾਰ ਉੱਠ ਰਹੇ ਹਨ ਕਿ ਰਾਹੁਲ ਤੇ ਪ੍ਰਿਅੰਕਾ ਨਾਲ ਮੁਲਾਕਾਤ 'ਚ ਅਜਿਹਾ ਕੀ ਹੋਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ 'ਚ ਪਏ ਸਿੱਧੂ ਹੁਣ ਸ਼ਾਂਤ ਹਨ। ਉਨ੍ਹਾਂ ਆਪਣਾ ਵਿਭਾਗ ਬਦਲੇ ਜਾਣ ਤੋਂ ਬਾਅਦ ਪਿਛਲੇ ਦੋ ਦਿਨਾਂ 'ਚ ਆਪਣਾ ਕਾਰਜਭਾਰ ਤਾਂ ਨਹੀਂ ਸੰਭਾਲਿਆ ਹੈ ਪਰ ਉਹ ਅੱਜ ਕਾਰਜਭਾਰ ਸੰਭਾਲ ਸਕਦੇ ਹਨ। ਦੂਸਰੇ ਪਾਸੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਵੱਡੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ। ਹੁਣ ਉਹ ਦਿੱਲੀ ਜਾਣ ਜਾਂ ਕਲਕੱਤੇ ਕੋਈ ਫ਼ਰਕ ਨਹੀਂ ਪੈਂਦਾ।

ਸਿੱਧੂ ਨੇ ਮੰਗਲਵਾਰ ਨੂੰ ਵੀ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਸੰਭਾਲੀ। ਸਕੱਤਰੇਤ 'ਚ ਸਭ ਦੀਆਂ ਨਜ਼ਰ ਪੰਜਵੇਂ ਫਲੋਰ 'ਤੇ ਸਿੱਧੂ ਦੇ ਦਫ਼ਤਰ 'ਤੇ ਹੀ ਹਨ। ਕਾਂਗਰਸ ਸਰਕਾਰ ਨੂੰ ਇਸ ਗੱਲ ਦੀ ਚਿੰਤਾ ਵੀ ਹੈ ਕਿ 13 ਜੂਨ ਤੋਂ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਪਰ ਸਿੱਧੂ ਨੇ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਸੰਭਾਲੀ। ਦੂਸਰੇ ਪਾਸੇ ਬਿਜਾਈ ਨੂੰ ਲੈ ਕੇ ਮੁੱਖ ਮੰਤਰੀ ਪਹਿਲਾਂ ਹੀ ਨਿਰਵਿਘਨ ਅੱਠ ਘੰਟੇ ਬਿਜਲੀ ਦੇਣ ਦਾ ਐਲਾਨ ਕਰ ਚੁੱਕੇ ਹਨ।

ਜਾਣਕਾਰੀ ਅਨੁਸਾਰ ਸਿੱਧੂ ਮੰਗਲਵਾਰ ਨੂੰ ਦਿੱਲੀ ਤੋਂ ਚੰਡੀਗੜ੍ਹ ਪਰਤ ਆਏ। ਉਸ ਤੋਂ ਬਾਅਦ ਉਹ ਆਪਣੀ ਸਰਕਾਰੀ ਰਿਹਾਇਸ਼ 'ਚ ਹੀ ਰਹੇ। ਬਿਜਲੀ ਮਹਿਕਮੇ ਦੇ ਕੁਝ ਇਕ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਬੁੱਧਵਾਰ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਲੈਣਗੇ। ਜ਼ਿਕਰਯੋਗ ਹੈ ਕਿ ਸਿੱਧੂ ਨੇ ਸੋਮਵਾਰ ਨੂੰ ਰਾਹੁਲ ਅਤੇ ਪ੍ਰਿਅੰਕਾ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਨੇ ਉਨ੍ਹਾਂ ਨੂੰ ਕੋਈ ਠੋਸ ਭਰੋਸਾ ਨਹੀਂ ਦਿੱਤਾ।

Posted By: Seema Anand