ਕਾਂਗਰਸੀਆਂ ਨੇ ਕੱਢੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕਾਂਗਰਸੀਆਂ ਨੇ ਕੱਢੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ
Publish Date: Thu, 22 Oct 2026 06:14 PM (IST)
Updated Date: Thu, 22 Oct 2026 06:15 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ ਡੇਰਾਬੱਸੀ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰਾਮਤਲਾਈ ਤੋਂ ਸ਼ੁਰੂ ਹੋਈ ਇਸ ਰੈਲੀ ਦੀ ਅਗਵਾਈ ਹਲਕਾ ਡੇਰਾਬੱਸੀ ਦੇ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਅਤੇ ਸਾਬਕਾ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਬੈਨੀਪਾਲ ਨੇ ਕੀਤੀ। ਰੈਲੀ ਵਿਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਰੈਲੀ ਰਾਮਤਲਾਈ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਮੇਨ ਬਾਜ਼ਾਰ ਅਤੇ ਤਹਿਸੀਲ ਰੋਡ ਤੋਂ ਹੁੰਦੀ ਹੋਈ ਵਾਪਸ ਰਾਮਲੀਲਾ ਗਰਾਊਂਡ ਵਿਖੇ ਸਮਾਪਤ ਹੋਈ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਨੌਜਵਾਨੀ ਨੂੰ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਕਥਿਤ ਤੌਰ ’ਤੇ ਗੋਲ਼ੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਉਨ੍ਹਾਂ ਵਿਰੁੱਧ ਪਰਚੇ ਦਰਜ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਬੈਨੀਪਾਲ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਦੀ ਭਾਜਪਾ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੰਬੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨਸ਼ਿਆਂ ਦੀ ਸਪਲਾਈ ਰੋਕਣ ਵਿਚ ਅਸਫਲ ਰਹੀ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ’ਚੋਂ ਕੱਢਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।