ਗਮਾਡਾ ਵਿਰੁੱਧ ਚੱਲ ਰਹੇ ਧਰਨੇ ’ਚ ਕਾਂਗਰਸੀ ਵਰਕਰ ਹੋਣਗੇ ਸ਼ਾਮਲ : ਸਿੱਧੂ
ਗਮਾਡਾ ਵਿਰੁੱਧ ਚੱਲ ਰਹੇ ਧਰਨੇ ’ਚ ਕਾਂਗਰਸੀ ਵਰਕਰ ਹੋਣਗੇ ਸ਼ਾਮਲ : ਬਲਬੀਰ ਸਿੱਧੂ
Publish Date: Sun, 05 Apr 2026 06:39 PM (IST)
Updated Date: Sun, 05 Apr 2026 06:43 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਇਥੇ ਕਿਹਾ ਹੈ ਕਿ ਮੁਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਛੇ ਅਪ੍ਰੈਲ ਨੂੰ ਕਿਸਾਨਾਂ ਵੱਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੇ ਹਨ। ਸਿੱਧੂ ਨੇ ਇਥੇ ਜਾਰੀ ਕੀਤੇ ਗਏ ਆਪਣੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਲੋਕ ਖ਼ਾਸ ਕਰਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਨ੍ਹਾਂ ਦੇ ਮਨਾਂ ਵਿਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਨ੍ਹਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ, ਗਮਾਡਾ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀ ਹੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਅਤੇ ਹੱਕਾਂ ਲਈ ਕਿਸਾਨਾਂ ਨੂੰ ਸੜਕਾਂ ਤੇ ਬੈਠਣ ਲਈ ਮਜ਼ਬੂਰ ਕਰਨਾ ਬੇਹੱਦ ਮੰਦਭਾਗਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਲੁਧਿਆਣਾ ਤੇ ਮੁਹਾਲੀ ਜ਼ਿਲ੍ਹਿਆਂ ਦੀ ਤਕਰੀਬਨ 15,000 ਏਕੜ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿਚ ਮੂੰਹ ਦੀ ਖਾਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਗੋਡੇ ਟੇਕਦਿਆਂ ਆਪਣਾ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਅੱਗੇ ਝੁਕਣਾ ਹੀ ਪਵੇਗਾ। ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ 6 ਅਪ੍ਰੈਲ ਦੇ ਧਰਨੇ ਵਿਚ ਵੱਧ-ਚੜ੍ਹ ਕੇ ਪਹੁੰਚਣ ਤਾਂ ਜੋ ਸੁੱਤੀ ਹੋਈ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ। ਇਸ ਧਰਨੇ ਵਿਚ ਵਿਭਾਨ ਵਿਚ ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਲਿਡਰਸ਼ਿਪ ਵੀ ਪਹੁੰਚ ਰਹੀ ਹੈ।