ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਨੈੱਟਵਰਕ ਨਾਲ ਜੋੜਨਾ ਸ਼ਲਾਘਾਯੋਗ ਕਦਮ : ਸੈਣੀ
ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਨੈੱਟਵਰਕ ਨਾਲ ਜੋੜਨਾ ਸ਼ਲਾਘਾਯੋਗ ਕਦਮ: ਸੈਣੀ
Publish Date: Sat, 21 Mar 2026 05:34 PM (IST)
Updated Date: Sat, 21 Mar 2026 05:37 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਕੇਂਦਰ ਸਰਕਾਰ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਰੇਲਵੇ ਲਾਈਨ ਨਾਲ ਜੋੜਨ ਦੇ ਕੀਤੇ ਗਏ ਵੱਡੇ ਐਲਾਨ ਤੋਂ ਬਾਅਦ ਸੰਗਤ ਅਤੇ ਭਾਜਪਾ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਇਸ ਇਤਿਹਾਸਕ ਫ਼ੈਸਲੇ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਨੈੱਟਵਰਕ ਨਾਲ ਜੋੜਨਾ ਕੇਂਦਰ ਸਰਕਾਰ ਦਾ ਇਕ ਸ਼ਲਾਘਾਯੋਗ ਕਦਮ ਹੈ। ਇਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਦਰਸ਼ਨਾਂ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਸਿੱਖ ਜਗਤ ਦੀ ਇਹ ਮੰਗ ਕਈ ਦਹਾਕਿਆਂ ਤੋਂ ਲਟਕ ਰਹੀ ਸੀ, ਜਿਸ ਨੂੰ ਮੋਦੀ ਸਰਕਾਰ ਨੇ ਅਮਲੀ ਰੂਪ ਦਿੱਤਾ ਹੈ। ਸ੍ਰੀ ਸੈਣੀ ਨੇ ਵਿਸ਼ੇਸ਼ ਤੌਰ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਕੇਂਦਰ ਕੋਲ ਮਜ਼ਬੂਤੀ ਨਾਲ ਰੱਖਿਆ ਹੈ। ਇਹ ਸਿਰਫ਼ ਇਕ ਰੇਲਵੇ ਲਾਈਨ ਨਹੀਂ ਸਗੋਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਅਤੇ ਸਿੱਖ ਵਿਰਾਸਤ ਦੇ ਵਿਕਾਸ ਲਈ ਵਚਨਬੱਧ ਹੈ। ਮੋਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਚ ਰੇਲਵੇ ਦਾ ਵਿਕਾਸ ਤੇ ਵਿਸਥਾਰ ਹੋ ਰਿਹਾ ਹੈ। ਹੁਣ ਪੰਜਾਬ ਦੇ ਲੋਕਾਂ, ਖ਼ਾਸ ਕਰ ਸਿੱਖ ਸੰਗਤ ਦੀ ਤਲਵੰਡੀ ਸਾਬੋ ਨੂੰ ਰੇਲਵੇ ਮਾਰਗ ਨਾਲ ਜੋੜਨ ਦੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਸੰਗਤਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨਾ ਬਹੁਤ ਆਸਾਨ ਹੋ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਪੰਜਾਬ ਲਈ ਹੋਰ ਵੀ ਵੱਡੇ ਪ੍ਰਾਜੈਕਟ ਲੈ ਕੇ ਆਵੇਗੀ।