ਜੈ ਸਿੰਘ ਛਿੱਬਰ, ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਖਾਸਮ ਖਾਸ ਤੇ ਬਠਿੰਡਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਚੰਡੀਗੜ੍ਹ 'ਚ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਕਰ ਕੇ ਇਸ ਦਾ ਰਸਮੀ ਐਲਾਨ ਕੀਤਾ। ਇਸ ਦੌਰਾਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਤੋਂ ਟਿਕਟ ਦੇਣੀ ਜਾਂ ਹਲਕਾ ਇੰਚਾਰਜ ਬਣਾਉਣ ਦਾ ਫ਼ੈਸਲਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਲਿਆ ਜਾਵੇਗਾ। ਫਿਲਹਾਲ ਜਗਰੂਪ ਗਿੱਲ ਬਿਨਾਂ ਸ਼ਰਤ ਪਾਰਟੀ 'ਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖਰਾਬ ਹੈ।

ਜਗਰੂਪ ਸਿੰਘ ਗਿੱਲ ਲਗਾਤਾਰ ਛੇ ਵਾਰ ਬਠਿੰਡਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ। ਉਹ ਲੰਬਾ ਸਮਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੀ ਰਹੇ। ਕੁਝ ਸਮਾਂ ਪਹਿਲਾਂ ਕੈਪਟਨ ਦੀ ਕਾਂਗਰਸ ਸਰਕਾਰ ਨੇ ਜਗਰੂਪ ਗਿੱਲ ਨੂੰ ਜ਼ਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਨਗਰ ਕੌਂਸਲਰ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਗਰੂਪ ਗਿੱਲ ਨੂੰ ਨਗਰ ਨਿਗਮ ਦੇ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ। ਇਸ ਤੋਂ ਬਾਅਦ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ।

Posted By: Seema Anand