CPI ਨਿਊ ਡੈਮੋਕਰੇਸੀ ਦਾ ਸੂਬੇ ਭਰ ’ਚ ਰੋਸ ਮੁਜ਼ਾਹਰਿਆਂ ਦਾ ਐਲਾਨ: ਚੋਣ ਕਮਿਸ਼ਨ ਨੂੰ BJP ਤੇ RSS ਦਾ 'ਹੱਥਠੋਕਾ' ਬਣਾਉਣ ਖ਼ਿਲਾਫ਼ ਲਾਮਬੰਦੀ ਦਾ ਸੱਦਾ
ਉਨ੍ਹਾਂ ਇਸ ਨੂੰ ਲੋਕਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਚੋਣ ਕਮਿਸ਼ਨ ਨੂੰ ਆਰ. ਐੱਸ. ਐੱਸ. ਭਾਜਪਾ ਦਾ ਹੱਥ ਠੋਕਾ ਬਣਾਉਣ ਖ਼ਿਲਾਫ਼ ਲਾਮਬੰਦੀ ਦਾ ਹੋਕਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਡੂੰਘੀ ਵਿਸ਼ੇਸ਼ ਜਾਂਚ (SIR) ਪ੍ਰਕਿਰਿਆ ਦੌਰਾਨ ਹੋ ਰਹੀਆਂ ਸਾਜ਼ਿਸ਼ੀ ਬੇਨਿਯਮੀਆਂ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
Publish Date: Mon, 12 Oct 2026 01:29 PM (IST)
Updated Date: Mon, 12 Oct 2026 01:36 PM (IST)
ਪੰਜਾਬੀ ਜਾਗਰਣ, ਬਿਊਰੋ, ਚੰਡੀਗੜ੍ਹ। ਫਾਸ਼ੀਵਾਦੀ ਹਕੂਮਤ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਜ਼ਬਰ ਦੇ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ 15,16,17 ਅਕਤੂਬਰ ਨੂੰ ਰਾਜ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਸੂਬਾਈ ਆਗੂਆਂ ਕਾਮਰੇਡ ਦਰਸ਼ਨ ਸਿੰਘ ਖਟਕੜ ਅਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਦਿੱਲੀ ਵਿਖੇ ਚੋਣ ਕਮਿਸ਼ਨ ਦੀਆਂ ਬੇਨਿਯਮੀਆਂ ਵਿਰੁੱਧ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ, ਜਮਹੂਰੀ ਕਾਰਕੁਨਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਕੀਤੇ ਗਏ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਝੂਠੇ ਪਰਚੇ ਦਰਜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।
ਉਨ੍ਹਾਂ ਇਸ ਨੂੰ ਲੋਕਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਚੋਣ ਕਮਿਸ਼ਨ ਨੂੰ ਆਰ. ਐੱਸ. ਐੱਸ. ਭਾਜਪਾ ਦਾ ਹੱਥ ਠੋਕਾ ਬਣਾਉਣ ਖ਼ਿਲਾਫ਼ ਲਾਮਬੰਦੀ ਦਾ ਹੋਕਾ ਦਿੱਤਾ ਹੈ।
ਆਗੂਆਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਡੂੰਘੀ ਵਿਸ਼ੇਸ਼ ਜਾਂਚ (SIR) ਪ੍ਰਕਿਰਿਆ ਦੌਰਾਨ ਹੋ ਰਹੀਆਂ ਸਾਜ਼ਿਸ਼ੀ ਬੇਨਿਯਮੀਆਂ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਇਸ ਵਿਰੁੱਧ ਉੱਠ ਰਹੀ ਆਵਾਜ਼ ਨੂੰ ਪੁਲਿਸ ਜ਼ਬਰ ਰਾਹੀਂ ਦਬਾਉਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੇਂਦਰ ਦੀ ਆਰ.ਐੱਸ.ਐੱਸ.-ਬੀਜੇਪੀ ਸਰਕਾਰ ਦੀਆਂ ਲੋਕ-ਵਿਰੋਧੀ, ਕਾਰਪੋਰੇਟ-ਪੱਖੀ ਅਤੇ ਫਾਸ਼ੀਵਾਦੀ ਨੀਤੀਆਂ ਦਾ ਹੀ ਹਿੱਸਾ ਹੈ। ਆਗੂਆਂ ਨੇ ਕਿਹਾ ਕਿ ਜਮਹੂਰੀ ਹੱਕਾਂ ’ਤੇ ਹਮਲਿਆਂ ਅਤੇ ਫਾਸ਼ੀਵਾਦੀ ਨੀਤੀਆਂ ਵਿਰੁੱਧ ਲੋਕਾਂ ਦੀ ਇੱਕਜੁੱਟਤਾ ਹੀ ਪ੍ਰਭਾਵਸ਼ਾਲੀ ਜਵਾਬ ਹੈ।
ਪਾਰਟੀ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਪਰਚਾ ਦਰਜ ਕਰਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਉਸ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ, ਐੱਸ.ਆਈ.ਆਰ. ਪ੍ਰਕਿਰਿਆ ’ਤੇ ਰੋਕ ਲਾਈ ਜਾਵੇ, ਵੋਟਰ ਸੂਚੀਆਂ ’ਚੋਂ ਵਾਂਝੇ ਰਹਿ ਗਏ ਸਾਰੇ ਯੋਗ ਨਾਗਰਿਕਾਂ ਦੇ ਨਾਂ ਸ਼ਾਮਲ ਕੀਤੇ ਜਾਣ ਅਤੇ ਦਿੱਲੀ ’ਚ ਗ੍ਰਿਫ਼ਤਾਰ ਕੀਤੇ ਸਾਰੇ ਲੋਕਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਪ੍ਰਦਰਸ਼ਨਕਾਰੀਆਂ ’ਤੇ ਜ਼ਬਰ ਢਾਹੁਣਾ ਬੰਦ ਕੀਤਾ ਜਾਵੇ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ।
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਇਸ ਪੁਲਿਸ ਜ਼ਬਰ ਅਤੇ ਕੇਂਦਰ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਣ ਲਈ 15, 16 ਅਤੇ 17 ਅਕਤੂਬਰ ਨੂੰ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੈ। ਪਾਰਟੀ ਨੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਵੱਧ ਤੋਂ ਵੱਧ ਗਿਣਤੀ 'ਚ ਸ਼ਾਮਲ ਹੋਣ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ।