ਚੰਡੀਗੜ੍ਹ : ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਕੱਚੇ ਤੇ ਠੇਕਾ ਅਧਾਰਤ ਕਾਮਿਆਂ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਭਵਨ ਅੱਗੇ ਪੰਜਾਬ ਸਰਕਾਰ ਤੋਂ ਰੁਜ਼ਗਾਰ ਦੀ ਲੋਹੜੀ ਮੰਗੀ। ਅਨੋਖੇ ਢੰਗ ਨਾਲ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਦਿਆਂ ਜਦੋਂ ਨੌਜਵਾਨਾਂ ਨੇ 'ਹੁੱਕਾ ਬਈ ਹੱੁਕਾ, ਕਾਂਗਰਸ ਸ਼ਾਸਨ ਭੁੱਖਾ', 'ਹੁੱਕਾ ਬਈ ਹੁੱਕਾ, ਹਰ ਮੰਤਰੀ ਭੁੱਖਾ' ਦੇ ਨਾਅਰੇ ਲਾਏ ਤਾਂ ਕਾਂਗਰਸ ਭਵਨ 'ਚ ਬੈਠੇ ਕਾਂਗਰਸੀਆਂ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ, ਅਸ਼ੀਸ਼ ਜੁਲਾਹਾ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ, ਰਾਕੇਸ਼ ਕੁਮਾਰ, ਪਵਨ ਗਡਿਆਲ, ਰਿਸ਼ੀ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਖਾਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਤੇ ਘੱਟ ਤਨਖਾਹ ਵਾਲੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ 10 ਜਨਵਰੀ ਨੂੰ ਮੁਲਾਜ਼ਮਾਂ ਵੱਲੋਂ ਕਾਂਗਰਸ ਭਵਨ ਜਾ ਕੇ ਵਾਅਦਿਆਂ ਦੀ ਤਸਵੀਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਸੌਂਪੀ ਸੀ। ਇਸ ਤੋਂ ਇਲਾਵਾ ਰੁਜ਼ਗਾਰ ਦੀ ਮੰਗ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ।

ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਿਆਂ ਦੋ ਸਾਲ ਹੋ ਗਏ ਹਨ ਤੇ ਦੋ ਸਾਲਾਂ ਦੌਰਾਨ ਕੀਤੇ ਵਾਅਦਿਆਂ ਦੀ ਫੋਟੋ ਫਰੇਮ 'ਚ ਜੜੀ ਤਸਵੀਰ ਪੇਸ਼ ਕੀਤੀ। ਆਗੂਆਂ ਨੇ ਕਿਹਾ ਕਿ ਸੁੱਤੀ ਸਰਕਾਰ ਨੂੰ ਜਗਾਉਣ ਲਈ 'ਸਰਕਾਰ ਜਗਾਓ, ਰੁਜ਼ਗਾਰ ਬਚਾਓ' ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ 'ਸਰਕਾਰ ਜਗਾਓ, ਰੁਜ਼ਗਾਰ ਬਚਾਓ' ਮੁਹਿੰਮ ਨੂੰ ਸੋਸ਼ਲ ਮੀਡੀਆ, ਨੁੱਕੜ ਨਾਟਕਾਂ ਅਤੇ ਹੋਰ ਤਰੀਕਿਆਂ ਰਾਹੀਂ ਪੰਜਾਬ ਦੇ ਆਮ ਲੋਕਾਂ ਨੂੰ ਸਰਕਾਰ ਦਾ ਕੱਚ ਸੱਚ ਦਿਖਾ ਕੇ ਹੱਕਾਂ ਪ੍ਰਤੀ ਲਾਮਬੰਦ ਕੀਤਾ ਜਾਵੇਗਾ।

ਇਸ ਮੌਕੇ ਕਾਂਗਰਸ ਦੇ ਜਰਨਲ ਸਕੱਤਰ ਜੁਗਲ ਕਿਸ਼ੋਰ ਸ਼ਰਮਾ ਨੇ ਮੁਜ਼ਾਹਰਾ ਕਰ ਰਹੇ ਮੁਲਾਜ਼ਮਾਂ ਤੋਂ ਫੋਟੋ ਫਰੇਮ ਲੈਂਦਿਆਂ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੇ ਰੋਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੁੰੂ ਕਰਵਾਇਆ ਜਾਵੇਗਾ।