PU ਦੀ ਵਿਦਿਆਰਥੀ ਸਿਆਸਤ 'ਚ ਵੱਡਾ ਧਮਾਕਾ! 'ਸੱਥ' ਦੇ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਣੇ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ
'ਸੱਥ' ਨਾਲ ਜੁੜੇ ਰਹਿੰਦਿਆਂ ਉਨ੍ਹਾਂ ਨੇ ਵਿਦਿਆਰਥੀ ਹਿੱਤਾਂ ਅਤੇ ਪੰਜਾਬ ਦੇ ਸਮਾਜਿਕ ਤੇ ਰਾਜਨੀਤਿਕ ਮੁੱਦਿਆਂ 'ਤੇ ਆਪਣੀ ਸਰਗਰਮੀ ਦਿਖਾਈ। ਜਥੇਬੰਦੀ ਦੀ ਵਿਚਾਰਧਾਰਕ ਪਹੁੰਚ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੋਚ ਅਤੇ ਵਿਰਾਸਤ ਨਾਲ ਵੀ ਜੁੜੀ ਰਹੀ ਹੈ।
Publish Date: Fri, 13 Nov 2026 05:11 PM (IST)
Updated Date: Fri, 13 Nov 2026 05:13 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ 'ਚ ਸਰਗਰਮ ਰਹੇ ਅਤੇ ਵਿਦਿਆਰਥੀ ਜਥੇਬੰਦੀ 'ਸੱਥ' ਦੇ ਆਗੂ ਦਰਸ਼ਪ੍ਰੀਤ ਸਿੰਘ ਅੱਜ ਚੰਡੀਗੜ੍ਹ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਕਈ ਸਾਥੀ ਵਿਦਿਆਰਥੀਆਂ ਅਤੇ ਹੋਰ ਆਗੂਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋ ਗਏ। ਦਰਸ਼ਪ੍ਰੀਤ ਸਿੰਘ ਦੇ ਨਾਲ ਵਿਦਿਆਰਥੀ ਆਗੂ ਰਣਦੀਪ ਸਿੰਘ, ਸੁਖਦੀਪ ਸਿੰਘ, ਹਰਮਨਜੀਤ ਸਿੰਘ, ਸ਼ਗਨਜੀਤ ਸਿੰਘ, ਮਹਿਕਦੀਪ ਸਿੰਘ, ਸੁਖਰਾਜ ਸਿੰਘ ਅਤੇ ਸੁਖਮਨ ਸਿੰਘ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਸਰਦਾਰ ਬਾਬੂ ਸਿੰਘ ਬਰਾੜ, ਸਰਦਾਰ ਕਾਬਲ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਪਾਰਟੀ 'ਚ ਸ਼ਾਮਲ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਆਪਣੇ ਸੂਬੇ ਦੇ ਹੱਕਾਂ, ਪੰਜਾਬੀਅਤ ਅਤੇ ਭਵਿੱਖ ਨਾਲ ਜੁੜੇ ਮੁੱਦਿਆਂ ਪ੍ਰਤੀ ਜਾਗਰੂਕ ਹੋਣਾ ਬੇਹੱਦ ਅਹਿਮ ਹੈ। ਨੌਜਵਾਨ ਕਿਸੇ ਵੀ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਤੇ ਸਮਰੱਥਾ ਨੂੰ ਪੰਜਾਬ ਦੀ ਬਿਹਤਰੀ ਲਈ ਵਰਤਣ ਦੀ ਲੋੜ ਹੈ।
ਇਯਾਲੀ ਨੇ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ, ਵਿਦਿਆਰਥੀਆਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਲਈ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ 'ਚ ਅੱਗੇ ਆਉਣਾ ਸਵਾਗਤਯੋਗ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਰਟੀ 'ਚ ਸ਼ਾਮਲ ਹੋਏ ਨੌਜਵਾਨ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਗੇ।
ਦਰਸ਼ਪ੍ਰੀਤ ਸਿੰਘ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ 2026 ਦੀਆਂ ਵਿਦਿਆਰਥੀ ਕੌਂਸਲ ਚੋਣਾਂ 'ਚ ਜਥੇਬੰਦੀ 'ਸੱਥ' ਵੱਲੋਂ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਰਹੇ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਲਾਅ 'ਚ ਗ੍ਰੈਜੂਏਸ਼ਨ ਕੀਤੀ ਹੈ ਅਤੇ ਪੰਜਾਬੀ ਵਿਭਾਗ 'ਚ ਵੀ ਪੜ੍ਹਾਈ ਕੀਤੀ ਹੈ।
ਦਰਸ਼ਪ੍ਰੀਤ ਸਿੰਘ ਵਿਦਿਆਰਥੀਆਂ ਦੇ ਹੱਕਾਂ, ਪੰਜਾਬੀ ਭਾਸ਼ਾ, ਪੰਜਾਬੀਅਤ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜੇ ਮੁੱਦਿਆਂ 'ਤੇ ਸਰਗਰਮ ਰਹੇ ਹਨ। ਉਹ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਅਤੇ ਇਸ ਦੀ ਲੋਕਤੰਤਰੀ ਸੰਸਥਾਗਤ ਬਣਤਰ ਨੂੰ ਬਚਾਉਣ ਲਈ ਚੱਲੇ ਸੰਘਰਸ਼ ਦਾ ਵੀ ਹਿੱਸਾ ਰਹੇ ਹਨ। ਖ਼ਾਸ ਤੌਰ 'ਤੇ ਯੂਨੀਵਰਸਿਟੀ ਦੀ ਸੈਨੇਟ ਦੀ ਬਹਾਲੀ ਅਤੇ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲੇ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ' 'ਚ ਉਨ੍ਹਾਂ ਦੀ ਜਥੇਬੰਦੀ 'ਸੱਥ' ਨੇ ਸਰਗਰਮ ਭੂਮਿਕਾ ਨਿਭਾਈ।
'ਸੱਥ' ਨਾਲ ਜੁੜੇ ਰਹਿੰਦਿਆਂ ਉਨ੍ਹਾਂ ਨੇ ਵਿਦਿਆਰਥੀ ਹਿੱਤਾਂ ਅਤੇ ਪੰਜਾਬ ਦੇ ਸਮਾਜਿਕ ਤੇ ਰਾਜਨੀਤਿਕ ਮੁੱਦਿਆਂ 'ਤੇ ਆਪਣੀ ਸਰਗਰਮੀ ਦਿਖਾਈ। ਜਥੇਬੰਦੀ ਦੀ ਵਿਚਾਰਧਾਰਕ ਪਹੁੰਚ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੋਚ ਅਤੇ ਵਿਰਾਸਤ ਨਾਲ ਵੀ ਜੁੜੀ ਰਹੀ ਹੈ।
ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਦਰਸ਼ਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਣਾ ਵਿਦਿਆਰਥੀ ਸਿਆਸਤ ਤੋਂ ਪੰਜਾਬ ਦੀ ਵੱਡੀ ਰਾਜਨੀਤੀ ਵੱਲ ਇਕ ਅਹਿਮ ਕਦਮ ਹੈ। ਇਸ ਸ਼ਮੂਲੀਅਤ ਨਾਲ ਪਾਰਟੀ ਦਾ ਨੌਜਵਾਨਾਂ ਅਤੇ ਵਿਦਿਆਰਥੀਆਂ 'ਚ ਆਧਾਰ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਹੈ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਭਵਿੱਖ ਦੀ ਲੜਾਈ ਨੂੰ ਹੋਰ ਮਜ਼ਬੂਤੀ ਦੇਵੇਗੀ।