ਚੰਡੀਗੜ੍ਹ ਦਿੱਤੇ ਜਾਣ ਵਾਲੇ ਧਰਨਿਆਂ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ : ਕਲਸੀ
ਚੰਡੀਗੜ੍ਹ ਦਿੱਤੇ ਜਾਣ ਵਾਲੇ ਧਰਨਿਆਂ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ : ਕਲਸੀ
Publish Date: Mon, 23 Feb 2026 07:18 PM (IST)
Updated Date: Mon, 23 Feb 2026 07:22 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਡਾ. ਐੱਨਕੇ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਜੂਮ ਬੈਠਕ ਦੌਰਾਨ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨਿਆਂ ਵਿਚ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਐੱਨਕੇ ਕਲਸੀ ਨੇ ਦੱਸਿਆ ਕਿ ਬੈਠਕ ਵਿਚ ਸਮੂਹ ਮੈਂਬਰਾਂ ਨੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਨਾਂਹ ਪੱਖੀ ਵਤੀਰੇ ਅਤੇ ਪੈਨਸ਼ਨਰਜ਼ ਜਥੇਬੰਦੀਆਂ ਨੂੰ ਬੈਠਕ ਦਾ ਸਮਾਂ ਦੇ ਕੇ ਵਾਰ-ਵਾਰ ਮੁਲਤਵੀ ਕਰਨ ਦੀ ਨਿਖੇਧੀ ਕੀਤੀ। ਬੈਠਕ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2026-27 ਦੇ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਜੇਕਰ ਪੈਨਸ਼ਨਰਾਂ ਦੇ ਡੀਏ ਵਿਚ 16 ਫ਼ੀਸਦੀ ਵਾਧੇ ਸਮੇਤ 31-01-2026 ਤਕ 158 ਮਹੀਨਿਆਂ ਦਾ ਰਹਿੰਦਾ ਬਕਾਇਆ, 01-01-2016 ਤੋਂ ਪਹਿਲੇ ਪੈਨਸ਼ਨਰਾਂ ਦੀ ਪੈਨਸ਼ਨ ਸੋਧਣ ਲਈ 2.59 ਦਾ ਗੁਣਾਂਕ ਅਤੇ ਹੋਰ ਭਖਦੀਆਂ ਮੰਗਾਂ ਬਾਰੇ ਕੋਈ ਸਾਰਥਕ ਫ਼ੈਸਲੇ ਨਾ ਕੀਤੇ ਗਏ ਤਾਂ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਬਜਟ ਸੈਸ਼ਨ ਤੋਂ ਬਾਅਦ ਇਕ ਵਿਸ਼ਾਲ ਰੈਲੀ ਕਰ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਬੈਠਕ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ ਤੋਂ ਪਹਿਲਾਂ ਕੀਤੀ ਜਾਣ ਵਾਲੀ ਸੰਗਰੂਰ ਰੈਲੀ ਦੀ ਥਾਂ ਹੁਣ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ 4 ਦਿਨ ਦਿੱਤੇ ਜਾਣ ਵਾਲੇ ਲਗਾਤਾਰ ਧਰਨਿਆਂ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਬੈਠਕ ਦੌਰਾਨ ਕੁਲਵਰਨ ਸਿੰਘ, ਅਵਿਨਾਸ਼ ਸ਼ਰਮਾ, ਸੁਰਿੰਦਰ ਰਾਮ ਕੁੱਸਾ, ਦਲੀਪ ਸਿੰਘ, ਨਿਰਮਲ ਸਿੰਘ, ਸ਼ਿਵ ਕੁਮਾਰ ਤਿਵਾੜੀ ਨੇ ਵੀ ਸੰਬੋਧਨ ਕੀਤਾ।