ਸੈਕਟਰ-65-ਏ ’ਚ ਲੱਗੇ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਹਟਾਉਣ ਦੀ ਮੰਗ ਨੇ ਫੜਿਆ ਜ਼ੋਰ
ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਹਟਾਉਣ ਦੀ ਮੰਗ ਨੇ ਜ਼ੋਰ ਫੜਿਆ
Publish Date: Mon, 20 Apr 2026 07:34 PM (IST)
Updated Date: Mon, 20 Apr 2026 07:39 PM (IST)
- ਸ਼ਾਹੀਮਾਜਰਾ ਤੋਂ ਬਾਅਦ ਹੁਣ ਕੰਬਾਲੀ ਬਣਿਆ ਨਵਾਂ ਡੰਪਿੰਗ ਗਰਾਊਂਡ, ਸ਼ਾਹੀਮਾਜਰਾ ਪਲਾਂਟ ਬੰਦ ਹੋਣ ਮਗਰੋਂ ਵਧਿਆ ਕੂੜੇ ਦਾ ਬੋਝ
- ਏਅਰਪੋਰਟ ਦੀ ਸੁਰੱਖਿਆ ਤੇ ਲੋਕਾਂ ਦੀ ਸਿਹਤ ਲਈ ਦੱਸਿਆ ਖ਼ਤਰਾ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਸ਼ਾਹੀਮਾਜਰਾ ਸਥਿਤ ਗਾਰਬੇਜ ਪ੍ਰੋਸੈਸਿੰਗ ਪਲਾਂਟ ਦੇ ਬੰਦ ਹੋਣ ਤੋਂ ਬਾਅਦ ਹੁਣ ਸੈਕਟਰ-65-ਏ (ਪਿੰਡ ਕੰਬਾਲੀ) ਵਿਚ ਲੱਗੇ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਹਟਾਉਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਸਮਾਜਿਕ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸ਼ਾਹੀਮਾਜਰਾ ਦਾ ਸਾਰਾ ਕੂੜਾ ਹੁਣ ਕੰਬਾਲੀ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਇੱਥੋਂ ਦੇ ਹਾਲਾਤ ਬੇਹੱਦ ਚਿੰਤਾਜਨਕ ਹੁੰਦੇ ਜਾ ਰਹੇ ਹਨ। ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਫੇਜ਼-11 ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਹੋਰਨਾਂ ਵਿਅਕਤੀਆਂ ਨੇ ਇਸ ਸਬੰਧੀ ਮੁਹਾਲੀ ਨਗਰ ਨਿਗਮ ਦੇ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਇਸ ਮੁੱਦੇ ਨੂੰ ਲਗਾਤਾਰ ਚੁੱਕਿਆ ਜਾ ਰਿਹਾ ਹੈ, ਪਰ ਹੁਣ ਸਥਿਤੀ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰਾਂ ਕਾਰਨ ਇਲਾਕੇ ਵਿਚ ਪ੍ਰਦੂਸ਼ਣ ਫੈਲ ਰਿਹਾ ਹੈ। ਜਿਸ ਦਾ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਲਾਂਟ ਨਾ ਹਟਾਇਆ ਗਿਆ ਤਾਂ ਫੇਜ਼-10, ਫੇਜ਼-11, ਸੈਕਟਰ 48-ਸੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦਾ ਜਿਊਣਾ ਦੁੱਭਰ ਹੋ ਜਾਵੇਗਾ। ਕੂੜਾ ਅਤੇ ਰਹਿੰਦ-ਖੂੰਹਦ ਕਾਰਨ ਪੰਛੀਆਂ ਦੀ ਗਿਣਤੀ ਵੀ ਵੱਧ ਰਹੀ ਹੈ, ਜੋ ਮੁਹਾਲੀ ਏਅਰਪੋਰਟ ਤੋਂ ਉਡਾਨ ਭਰਨ ਵਾਲੇ ਜਹਾਜ਼ਾਂ ਲਈ ਵੱਡਾ ਖ਼ਤਰਾ ਬਣ ਸਕਦੀ ਹੈ। ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਅਤੇ ਹੋਰਨਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਮੁੱਦਾ ਕਈ ਵਾਰ ਨਗਰ ਨਿਗਮ ਦੀਆਂ ਬੈਠਕਾਂ ਵਿਚ ਗੂੰਜ ਚੁੱਕਾ ਹੈ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਸਬੰਧੀ ਡੀਸੀ ਮੁਹਾਲੀ ਅਤੇ ਨਿਗਮ ਕਮਿਸ਼ਨਰ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਹਨ ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।
ਉਧਰ ਦੂਜੇ ਪਾਸੇ ਸ਼ਾਹੀਮਾਜਰਾ ਕੂੜਾ ਪ੍ਰੋਸੈਸਿੰਗ ਪਲਾਂਟ ਦੇ ਬਾਹਰ ਸ਼ਹਿਰ ਵਾਸੀਆਂ ਦਾ ਧਰਨਾ ਸੋਮਵਾਰ ਨੂੰ ਸੱਤਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਾਬਿਲੇਗੌਰ ਹੈ ਕਿ ਪਿਛਲੇ ਹਫ਼ਤੇ ਪਲਾਂਟ ਦੇ ਬਾਹਰ ਫੈਲੇ ਕੂੜੇ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਨਾਲ ਹਾਲਾਤ ਕਾਫ਼ੀ ਵਿਗੜ ਗਏ ਸਨ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਪਲਾਂਟ ਨੂੰ ਤਾਲਾ ਲਾ ਕੇ ਬੰਦ ਕਰ ਦਿੱਤਾ ਸੀ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਲਾਂਟ ਨੂੰ ਇੱਥੋਂ ਸ਼ਿਫ਼ਟ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।