ਡੇਂਗੂ-ਵਿਰੋਧੀ ਮੁਹਿੰਮ: ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਡੇਂਗੂ ਲਾਰਵੇ ਦੀ ਜਾਂਚ ਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ ਤੇ ਸਕੂਲ ਅਮਲੇ ਤੇ ਵਿਦਿਆਰਥੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
Publish Date: Thu, 03 Sep 2026 06:30 PM (IST)
Updated Date: Fri, 04 Sep 2026 04:02 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿੱਢੀ ਡੇਂਗੂ-ਵਿਰੋਧੀ ਮੁਹਿੰਮ ਅਧੀਨ ਅੱਜ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ ਤੇ ਸਕੂਲ ਅਮਲੇ ਤੇ ਵਿਦਿਆਰਥੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਟੀਮਾਂ ਨੇ ਸਕੂਲਾਂ ’ਚ ਪਾਣੀ ਜਮ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ। ਜਿੱਥੇ ਪਾਣੀ ਖੜ੍ਹਾ ਸੀ, ਉੱਥੇ ਦਵਾਈ ਦਾ ਛਿੜਕਾਅ ਕੀਤਾ ਗਿਆ। ਟੀਮਾਂ ਨੇ ਸਕੂਲਾਂ ’ਚ ਗਮਲੇ, ਕੂਲਰ, ਫ਼ਰਿੱਜ ਤੇ ਹੋਰ ਕੰਟੇਨਰ ਚੈੱਕ ਕੀਤੇ ਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਡਾ. ਸੰਗੀਤਾ ਜੈਨ ਨੇ ਖ਼ੁਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦਾ ਦੌਰਾ ਕੀਤਾ। ਉਨ੍ਹਾਂ ਨਾਲ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਵੀ ਸਨ। ਸਿਵਲ ਸਰਜਨ ਨੇ ਕਿਹਾ ਕਿ ਅਜੋਕੇ ਮੌਸਮ ’ਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੇ ਪੈਦਾ ਹੋਣ ਦੀ ਪੂਰੀ ਸੰਭਾਵਨਾ ਹੁੰਦੀ ਹੈ, ਇਸ ਲਈ ਵਧੇਰੇ ਚੌਕਸੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਕੂਲ ਤੋਂ ਇਲਾਵਾ ਆਪਣੇ ਘਰ ਅਤੇ ਆਸ-ਪਾਸ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਦਾਅਵਾ ਕੀਤਾ ਕਿ ਭਾਵੇਂ ਚੈਕਿੰਗ ਦੌਰਾਨ ਸੋਹਾਣਾ ਸਕੂਲ ’ਚ ਡੇਂਗੂ ਮੱਛਰ ਦਾ ਲਾਰਵਾ ਨਹੀਂ ਮਿਲਿਆ ਪਰ ਸਾਵਧਾਨੀ ਰੱਖਣੀ ਬਹੁਤ ਜ਼ਰੂਰੀ ਹੈ। ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਅੰਦਰ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਚਲਾਨ ਵੀ ਕੱਟੇ ਜਾ ਰਹੇ ਹਨ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ’ਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜੋ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ==== ਡੇਂਗੂ ਬੁਖ਼ਾਰ ਦੇ ਲੱਛਣ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ’ਚ ਤੇਜ਼ ਸਿਰਦਰਦ ਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ’ਚ ਦਰਦ, ਅੱਖ ਦੇ ਪਿਛਲੇ ਹਿੱਸੇ ’ਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ।