ਫੋਰਟਿਸ ਹਸਪਤਾਲ ’ਚ ਦੋ ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾ ਫੋਰਟਿਸ ਹਸਪਤਾਲ ’ਚ ਦੋ ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾ
Publish Date: Fri, 23 Oct 2026 07:06 PM (IST)
Updated Date: Fri, 23 Oct 2026 07:09 PM (IST)
-ਸਿਵਲ ਸਰਜਨ ਦੀ ਅਗਵਾਈ ਹੇਠ ਫੋਰਟਿਸ ਹਸਪਤਾਲ ਦੀ ਕੀਤੀ ਜਾਂਚ -ਹਸਪਤਾਲ ਦੇ ਸਟਾਫ਼ ਨੂੰ ਕਿਸੇ ਵੀ ਜਗ੍ਹਾ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੇ ਆਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਨਿੱਜੀ ਹਸਪਤਾਲਾਂ ਦਾ ਦੌਰਾ ਕਰਕੇ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ’ਚ ਮੱਛਰ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਹਸਪਤਾਲ ਕੰਪਲੈਕਸ ਅੰਦਰ ਕਿਸੇ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜੇ ਪਾਣੀ ’ਚ ਪੈਦਾ ਹੁੰਦਾ ਹੈ। ਸਿਹਤ ਟੀਮ ਨੂੰ ਜਾਂਚ ਦੌਰਾਨ ਹਸਪਤਾਲ ’ਚ ਦੋ ਥਾਵਾਂ ’ਤੇ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਸਿਵਲ ਸਰਜਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਕਿਹਾ ਕਿ ਜਿਹੜੇ ਟੈਂਕ ’ਚ ਡੇਂਗੂ ਲਾਰਵਾ ਮਿਲਿਆ ਹੈ, ਉਸ ਨੂੰ ਹਫ਼ਤੇ ’ਚ ਇਕ ਵਾਰ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੀ ਵਾਰ ਲਾਰਵਾ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਬਾਕਸ : ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਹਸਪਤਾਲ ਸਟਾਫ਼ ਨੂੰ ਦੱਸਿਆ ਕਿ ਡੇਂਗੂ ਬੁਖ਼ਾਰ ਫ਼ੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ’ਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜੋ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ, ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ’ਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ’ਚ ਦਰਦ, ਅੱਖ ਦੇ ਪਿਛਲੇ ਹਿੱਸੇ ’ਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ।