ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ,
Publish Date: Mon, 30 Mar 2026 05:26 PM (IST)
Updated Date: Mon, 30 Mar 2026 05:27 PM (IST)

- ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ/ਕਾਰਜਾਂ ਨੂੰ ਮਿੱਥੇ ਸਮੇਂ ਤੇ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2025-26 ਦੌਰਾਨ ਸਮੱਗਰਾ ਸਿੱਖਿਆ ਅਭਿਆਨ ਅਧੀਨ ਸਿਵਲ ਵਰਕਸ ਲਈ ਕੁੱਲ 320 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਆਰੀ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਾਹੌਲ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਕੂਲ ਵਿਚ ਮਿਲਣ ਵਾਲੇ ਮਿਡ-ਡੇ ਮੀਲ ਵੱਲ ਵਧੇਰੇ ਧਿਆਨ ਦਿੰਦਿਆਂ ਕਿਹਾ ਕਿ ਸਮੇਂ-ਸਮੇਂ ’ਤੇ ਖਾਣੇ ਦੀ ਕੁਆਲਿਟੀ ਚੈੱਕ ਕਰਵਾਈ ਜਾਵੇ ਅਤੇ ਇਸ ਦਾ ਰਜਿਸਟਰ ਵਿਚ ਬਕਾਇਦਾ ਇੰਦਰਾਜ ਕੀਤਾ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ੁਰੂ ਕੀਤੇ ਗਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ, ਪਿੰਡਾਂ ਵਿਚ ਬਣ ਰਹੀਆਂ ਲਾਇਬ੍ਰੇਰੀਆਂ, ਆਂਗਨਵਾੜੀ ਸੈਂਟਰਾਂ ਅਤੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਲੋਂ ਬੀਡੀਪੀਓਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਹਲਕੇ ਵਿਚ ਜਿਹੜੇ ਵੀ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਦਾਨੀ ਪੱਧਰ ’ਤੇ ਨਿਗਰਾਨੀ ਵਧਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਾ ਕਰਨ ਦੀ ਵੀ ਹਦਾਇਤ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫ਼ਾਈ ਦਾ ਜ਼ਿਲ੍ਹੇ ਦੇ ਬੀਡੀਪੀਓਜ਼ ਖ਼ੁਦ ਨਿਰੀਖਣ ਕਰਨ ਅਤੇ ਬੀਡੀਪੀਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ’ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀਡਬਲਯੂਡੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਚੱਲ ਰਹੇ ਕੰਮਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪਿੰਡਾਂ ਵਿਚ ਸੋਲਿਡ ਅਤੇ ਲਿਕੁਅਡ ਵੇਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਬੈਠਕ ਦੇ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ/ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਚਲਾਈ ਗਈ ਹਿਊਮਨ ਪੈਪੀਲੋਮਾਵਾਇਰਸ (ਐੱਚਪੀਵੀ) ਵੈਕਸੀਨ ਮੁਹਿੰਮ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਭਵਿੱਖ ਵਿਚ ਉਨ੍ਹਾਂ ਦਾ ਸਰਵੀਕਲ ਕੈਂਸਰ ਤੋਂ ਬਚਾਅ ਕਰੇਗੀ। ਉਨ੍ਹਾਂ ਵੱਲੋਂ ਬੱਚੀਆਂ ਦੇ ਮਾਪਿਆਂ ਅਤੇ ਸਿੱਖਿਆ ਵਿਭਾਗ ਨੂੰ ਇਸ ਟੀਕਾਕਰਨ ਮੁਹਿੰਮ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਂਦਿਆਂ ਆਪਣੇ ਨੇੜਲੇ ਕੇਂਦਰ ਵਿਚ ਜਾ ਕੇ ਸਿਹਤ ਬੀਮਾ ਕਾਰਡ ਬਣਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ, ਸੰਗੀਤਾ ਜੈਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪਰਮਵੀਰ ਕੌਰ, ਸਮੂਹ ਬੀਡੀਪੀਓਜ਼, ਪੀਡਬਲਯੂਡੀ ਵਿਭਾਗ ਦੇ ਐਕਸੀਅਨ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।