ਪੁਲਿਸ ਨੇ ਨਾਕੇਬੰਦੀ ਦੌਰਾਨ ਕੀਤੇ ਵਾਹਨਾਂ ਦੇ ਚਾਲਾਨ
ਡੇਰਾਬੱਸੀ ਪੁਲਿਸ ਦੀ ਸਖ਼ਤੀ, ਨਾਕਾਬੰਦੀ ਦੌਰਾਨ ਕਈ ਵਾਹਨਾਂ ਦੇ ਕੀਤੇ ਚਾਲਾਨ
Publish Date: Mon, 02 Feb 2026 06:49 PM (IST)
Updated Date: Mon, 02 Feb 2026 06:52 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਡੇਰਾਬੱਸੀ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਮੁਬਾਰਕਪੁਰ ਬੱਸ ਅੱਡੇ ਦੇ ਨਜ਼ਦੀਕ ਪੁਲਿਸ ਵੱਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਨਾਕੇਬੰਦੀ ਅਤੇ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਮੁਬਾਰਕਪੁਰ ਬੱਸ ਅੱਡੇ ’ਤੇ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕੀਤੇ ਗਏ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਪੁਲਿਸ ਨੇ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ ਅੱਠ ਵਾਹਨਾਂ ਦੇ ਚਾਲਾਨ ਕੱਟੇ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।