- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਈਡੀ ਵੱਲੋਂ ਡੀਜੀਪੀ ਨੂੰ ਕਥਿਤ ਤੌਰ ’ਤੇ ਭੇਜੇ ਪੱਤਰ ਦੀ ਜਾਣਕਾਰੀ ਜਨਤਕ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਇਸ ਬਾਰੇ ਪਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਪੱਤਰ ਭੇਜੇ ਜਾਣ ਅਤੇ ਉਸ ’ਤੇ ਕਾਰਵਾਈ ਨਾ ਹੋਣ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਆਪਣੇ ਸਾਰੇ ਸਿਧਾਂਤ ਛੱਡ ਕੇ ਹੁਣ ‘ਈਡੀ ਪਾਰਟੀ’ ਅਤੇ ਈਡੀ ਦੀ ਬੁਲਾਰਾ ਬਣਨ ਤੱਕ ਦੀ ਭੂਮਿਕਾ ਅਪਣਾ ਲਈ ਹੈ। ਉਨ੍ਹਾਂ ਇਹ ਗੱਲ ਅੰਮ੍ਰਿਤਸਰ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਦੇ ਜਵਾਬ ਵਿੱਚ ਕਹੀ।
ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਈਡੀ ਵੱਲੋਂ ਡੀਜੀਪੀ ਨੂੰ ਕਥਿਤ ਤੌਰ ’ਤੇ ਭੇਜੇ ਪੱਤਰ ਦੀ ਜਾਣਕਾਰੀ ਜਨਤਕ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਇਸ ਬਾਰੇ ਪਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਪੱਤਰ ਭੇਜੇ ਜਾਣ ਅਤੇ ਉਸ ’ਤੇ ਕਾਰਵਾਈ ਨਾ ਹੋਣ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਆਪਣੀ ਗੁਆਚੀ ਸਿਆਸੀ ਜ਼ਮੀਨ ਵਾਪਸ ਹਾਸਲ ਕਰਨ ਲਈ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ 2007 ਤੋਂ 2017 ਦੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਨਸ਼ੇ, ਬੇਅਦਬੀ ਅਤੇ ਭ੍ਰਿਸ਼ਟਾਚਾਰ ਦੇ ਦੌਰ ਨੂੰ ਨਹੀਂ ਭੁੱਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਸੂਬੇ ਦੇ ਸਮਾਜਿਕ ਤਾਣੇ-ਬਾਣੇ ਅਤੇ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਿਆ।
ਜ਼ਿਕਰਯੋਗ ਹੈ ਕਿ ਮਜੀਠੀਆ ਨੇ ਦੋਸ਼ ਲਾਇਆ ਸੀ ਕਿ ਈਡੀ ਨੇ 7 ਅਗਸਤ ਨੂੰ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਕੇਂਦਰ ’ਤੇ ਵੀ ਨਿਸ਼ਾਨਾ
ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਈਡੀ, ਸੀਬੀਆਈ ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਏਜੰਸੀਆਂ ਰਾਹੀਂ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦਾ ਲੋਕਤੰਤਰ ਅਤੇ ਸੰਵਿਧਾਨ ਵਿੱਚ ਵਿਸ਼ਵਾਸ ਨਹੀਂ ਹੈ।