ਵਿਕਾਸ ਕਾਰਜਾਂ ’ਚ ਤੇਜ਼ੀ, ਲਗਭਗ 100 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਮਨਜ਼ੂਰ
ਖਰੜ ਵਿਚ ਵਿਕਾਸ ਕਾਰਜਾਂ ’ਚ ਤੇਜ਼ੀ, ਲਗਭਗ 100 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਮਨਜ਼ੂਰ,
Publish Date: Mon, 30 Mar 2026 07:46 PM (IST)
Updated Date: Mon, 30 Mar 2026 07:48 PM (IST)

- ਖਰੜ–ਲਾਂਡਰਾਂ ਰੋਡ ਦੀ ਮੁਰੰਮਤ ਤੇ ਨਵੀਨੀਕਰਨ ਲਈ ਟੈਂਡਰ ਜਾਰੀ ਮਹਿਰਾ, ਪੰਜਾਬੀ ਜਾਗਰਣ ਖਰੜ : ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਖਰੜ ਵਿਚ ਬਹੁਮਤ ਵਿਚ ਆਉਣ ਤੋਂ ਬਾਅਦ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ’ਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਨਗਰ ਕੌਂਸਲ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਗਏ ਹਨ, ਜਿਸ ਨਾਲ ਸ਼ਹਿਰ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਪਿਛਲੇ ਤਿੰਨ ਮਹੀਨਿਆਂ ਦੌਰਾਨ ਸ਼ਹਿਰ ਵਿਚ ਕੁੱਲ 103 ਵਿਕਾਸ ਕੰਮ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਵਿਚ ਮੁੱਖ ਤੌਰ ’ਤੇ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਨਿੱਝਰ ਰੋਡ ਸਮੇਤ ਕਈ ਇਲਾਕਿਆਂ ਵਿਚ ਇੰਟਰਲਾਕਿੰਗ ਟਾਈਲਾਂ ਲਾਉਣਾ, ਡਰੇਨ ਅਤੇ ਸਟਾਰਮ ਪਾਈਪ ਲਾਈਨਾਂ ਦਾ ਕੰਮ, ਨਵੇਂ ਟਿਊਬਵੈੱਲ ਲਗਾਉਣਾ, ਹਾਈ ਮਾਸਟ ਲਾਈਟਾਂ ਅਤੇ ਪਾਰਕਾਂ ਵਿਚ ਓਪਨ ਜਿਮ ਯੰਤਰ ਲਾਉਣ ਵਰਗੇ ਕੰਮ ਸ਼ਾਮਲ ਹਨ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ 24 ਨਵੇਂ ਟਿਊਬਵੈੱਲ ਵੀ ਲਾਏ ਗਏ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਨਾਲ ਆਉਣ ਵਾਲੇ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਕਮੀ ਨਾ ਆਵੇ, ਇਸ ਲਈ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹੋਰ ਵਿਕਾਸ ਲਈ ਵੱਡੇ ਪੱਧਰ ’ਤੇ ਨਵੇਂ ਪ੍ਰਾਜੈਕਟ ਵੀ ਮਨਜ਼ੂਰ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਨਵੇਂ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ਤੇ ਲਗਭਗ 100 ਕਰੋੜ ਰੁਪਏ ਦੇ ਖਰਚ ਹੋਣ ਦਾ ਅੰਦਾਜ਼ਾ ਹੈ। ਇਹ ਸਾਰੇ ਕੰਮ ਟੈਂਡਰ ਪ੍ਰਕਿਰਿਆ ਤੋਂ ਬਾਅਦ ਸ਼ੁਰੂ ਕੀਤੇ ਜਾਣਗੇ ਅਤੇ ਜਲਦੀ ਪ੍ਰਾਜੈਕਟ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਖਰੜ-ਲਾਂਡਰਾਂ ਰੋਡ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦਾ ਨਿਸ਼ਾਨਾ ਰੱਖਿਆ ਗਿਆ ਹੈ, ਜਿਸ ਨਾਲ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਨਗਰ ਕੌਂਸਲ ਖਰੜ ਵੱਲੋਂ ਸ਼ਹਿਰ ਦੇ ਹਰ ਵਾਰਡ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।