ਗਰਮਾਈ ਪੰਜਾਬ ਦੀ ਸਿਆਸਤ : ਪਰਗਟ ਸਿੰਘ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ; ਘੇਰੀ 'ਆਪ' ਸਰਕਾਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇਪੀਐਸ ਸਿਨਹਾ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਦੀ ਬਜਾਏ ਸਿਆਸੀ ਏਜੰਡੇ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ।
Publish Date: Thu, 19 Nov 2026 04:48 PM (IST)
Updated Date: Thu, 19 Nov 2026 04:50 PM (IST)
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇਪੀਐਸ ਸਿਨਹਾ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਦੀ ਬਜਾਏ ਸਿਆਸੀ ਏਜੰਡੇ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ।
ਸਰਦਾਰ ਪਰਗਟ ਸਿੰਘ ਨੇ ਇਹ ਵਿਚਾਰ ਚੰਡੀਗੜ੍ਹ ਦੇ ਇੱਕ ਸਥਾਨਕ ਹੋਟਲ ਵਿੱਚ ਇੱਕ ਰਾਸ਼ਟਰੀ ਨਿਊਜ਼ ਚੈਨਲ ਦੀ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਸਿਖਰਲੇ ਅਧਿਕਾਰੀ ਹੀ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਦੋਸ਼ਾਂ ਵਿੱਚ ਘਿਰੇ ਹੋਣ, ਤਾਂ ਆਮ ਜਨਤਾ ਨੂੰ ਨਿਰਪੱਖ ਨਿਆਂ ਅਤੇ ਸੁਰੱਖਿਆ ਦਾ ਭਰੋਸਾ ਕਿਵੇਂ ਮਿਲ ਸਕਦਾ ਹੈ?
ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਸੂਬੇ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਕੰਮ ਕਿਸੇ ਸਿਆਸੀ ਪਾਰਟੀ ਦੇ ਹਿੱਤਾਂ ਦੀ ਰੱਖਿਆ ਕਰਨਾ ਨਹੀਂ, ਸਗੋਂ ਕਾਨੂੰਨ ਦੀ ਨਿਰਪੱਖ ਪਾਲਣਾ ਕਰਵਾਉਣਾ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਪ੍ਰਸ਼ਾਸਨਿਕ ਫੈਸਲੇ ਸੰਵਿਧਾਨ ਅਤੇ ਕਾਨੂੰਨ ਦੇ ਆਧਾਰ 'ਤੇ ਲਏ ਜਾ ਰਹੇ ਹਨ ਜਾਂ ਸਿਆਸੀ ਲੀਡਰਸ਼ਿਪ ਦੀ ਇੱਛਾ ਅਨੁਸਾਰ?
ਉਨ੍ਹਾਂ ਕਿਹਾ ਕਿ ਡੀਜੀਪੀ ਅਤੇ ਮੁੱਖ ਸਕੱਤਰ ਵਰਗੇ ਅਹਿਮ ਅਹੁਦਿਆਂ 'ਤੇ ਬੈਠੇ ਅਧਿਕਾਰੀਆਂ ਨੂੰ ਕਿਸੇ ਸਿਆਸੀ ਪਾਰਟੀ ਦੇ ਏਜੰਡੇ ਦੀ ਬਜਾਏ ਸੰਵਿਧਾਨ ਅਤੇ ਪੰਜਾਬ ਦੀ ਜਨਤਾ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਨਿਰਪੱਖ ਪ੍ਰਸ਼ਾਸਨ ਅਤੇ ਕਾਨੂੰਨ ਦਾ ਰਾਜ ਯਕੀਨੀ ਬਣਾਉਣ ਲਈ ਕੀ ਕਦਮ ਚੁੱਕ ਰਹੀ ਹੈ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਅਤੇ ਆਮ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਸ਼ਾਮ ਨੂੰ ਸੁਰੱਖਿਅਤ ਘਰ ਵਾਪਸ ਪਰਤ ਸਕਣਗੇ ਜਾਂ ਨਹੀਂ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਸਭ ਤੋਂ ਵੱਧ ਤਰਜੀਹ ਮਿਲਣੀ ਚਾਹੀਦੀ ਹੈ। ਪੁਲਿਸ ਦੀ ਨਿਰਪੱਖਤਾ, ਪ੍ਰਸ਼ਾਸਨ ਦੀ ਜਵਾਬਦੇਹੀ ਅਤੇ ਆਮ ਲੋਕਾਂ ਦੀ ਸੁਰੱਖਿਆ ਕਿਸੇ ਵੀ ਸਰਕਾਰ ਦੀ ਬੁਨਿਆਦੀ ਜ਼ਿੰਮੇਵਾਰੀ ਹੈ। ਜੇਕਰ ਪੁਲਿਸ ਅਤੇ ਪ੍ਰਸ਼ਾਸਨਿਕ ਸੰਸਥਾਵਾਂ ਦੀ ਭਰੋਸੇਯੋਗਤਾ 'ਤੇ ਸਵਾਲ ਉੱਠਦੇ ਹਨ, ਤਾਂ ਇਸ ਦਾ ਸਿੱਧਾ ਅਸਰ ਲੋਕਤੰਤਰੀ ਵਿਵਸਥਾ ਅਤੇ ਜਨਤਾ ਦੇ ਭਰੋਸੇ 'ਤੇ ਪੈਂਦਾ ਹੈ। ਮੁੱਖ ਮੰਤਰੀ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।