ਦੇਸ਼-ਵਿਦੇਸ਼ 'ਚ ਲੁਕੇ ਗੈਂਗਸਟਰਾਂ ਨੂੰ ਫੜ ਕੇ ਪੰਜਾਬ ਲਿਆਏਗੀ ਪੁਲਿਸ, DGP ਗੌਰਵ ਯਾਦਵ ਨੇ ਦਿੱਤਾ ਸਖ਼ਤ ਸੁਨੇਹਾ
DGP ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੰਗਠਿਤ ਅਪਰਾਧ 'ਤੇ ਲਗਾਮ ਲਗਾਉਣ ਲਈ ਵਚਨਬੱਧ ਹੈ। ਅਪਰਾਧੀਆਂ ਵਿਰੁੱਧ ਕਾਰਵਾਈ ਸਿਰਫ਼ ਪੰਜਾਬ ਤਕ ਸੀਮਤ ਨਹੀਂ ਰਹੇਗੀ, ਸਗੋਂ ਦੂਜੇ ਸੂਬਿਆਂ ਤੇ ਵਿਦੇਸ਼ਾਂ 'ਚ ਲੁਕੇ ਗੈਂਗਸਟਰਾਂ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Publish Date: Fri, 09 Oct 2026 01:48 PM (IST)
Updated Date: Fri, 09 Oct 2026 04:30 PM (IST)
ਰੋਹਿਤ ਕੁਮਾਰ, ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਤੇਜ਼ ਕਰਨ ਦੀ ਤਿਆਰੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ 'ਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ 'ਚ ਲੁਕੇ ਹੋਣ, ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ 'ਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲਿਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ, ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼
ਡੀਜੀਪੀ ਨੇ ਦੱਸਿਆ ਕਿ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਸਮੀਖਿਆ ਬੈਠਕ ਹੋਈ ਸੀ। ਇਸ 'ਚ ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਪੁਲਿਸ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਿਰਣਾਇਕ ਪੜਾਅ ਤਕ ਪਹੁੰਚਾਉਣ ਲਈ ਸਰਕਾਰ ਦੇ ਸਾਰੇ ਵਿਭਾਗਾਂ, ਪੰਜਾਬ ਪੁਲਿਸ ਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ 'ਤੇ ਰੋਕ ਲਗਾਉਣ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਤੋੜਨ 'ਤੇ ਜ਼ੋਰ
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਤੇ ਸੰਗਠਿਤ ਅਪਰਾਧ 'ਤੇ ਲਗਾਮ ਲਗਾਉਣ ਲਈ ਵਚਨਬੱਧ ਹੈ। ਅਪਰਾਧੀਆਂ ਵਿਰੁੱਧ ਕਾਰਵਾਈ ਸਿਰਫ਼ ਪੰਜਾਬ ਤਕ ਸੀਮਤ ਨਹੀਂ ਰਹੇਗੀ, ਸਗੋਂ ਦੂਜੇ ਸੂਬਿਆਂ ਅਤੇ ਵਿਦੇਸ਼ਾਂ 'ਚ ਲੁਕੇ ਗੈਂਗਸਟਰਾਂ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।