- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਭਾਸ਼ਾ ਦੇ ਰੰਗਾਂ ਨਾਲ ਰੰਗਿਆ ਡਾਇਮੰਡ ਸਕੂਲ

ਮਹਿਰਾ, ਪੰਜਾਬੀ ਜਾਗਰਣ, ਖਰੜ : ਡਾਇਮੰਡ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦਾ ਮਾਹੌਲ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਕ ਸਰਗਰਮੀਆਂ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਸੁੰਦਰ ਲਿਖਾਈ, ਕਵਿਤਾ ਉਚਾਰਨ ਅਤੇ ਹੋਰ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ, ਜਿਸ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਅਧਿਆਪਕਾ ਜਗਨਦੀਪ ਨੇ ਵਿਦਿਆਰਥੀਆਂ ਨੂੰ ਪੰਜਾਬੀ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਆਪਣੀ ਮਾਂ-ਬੋਲੀ ਨੂੰ ਪਿਆਰ ਕਰਨ ਅਤੇ ਸਤਿਕਾਰ ਨਾਲ ਬੋਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਕਵਲਜੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਅਤੇ ਵਿਕਾਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਵਿਚ ਬਾਬਾ ਫ਼ਰੀਦ ਜੀ, ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਗੁਰਮੁਖੀ ਲਿਪੀ ਅਤੇ ‘ਪੈਂਤੀ ਅੱਖਰੀ’ ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਭਾਵਨਾਵਾਂ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ‘ਸਰਬੱਤ ਦਾ ਭਲਾ’ ਕਰਨ ਦਾ ਸੰਦੇਸ਼ ਦਿੰਦਾ ਹੈ ਅਤੇ ਹਰ ਪੰਜਾਬੀ ਨੂੰ ਆਪਣੀ ਮਾਂ-ਬੋਲੀ ’ਤੇ ਮਾਣ ਕਰਨਾ ਚਾਹੀਦਾ ਹੈ।