DIG ਭੁੱਲਰ ਰਿਸ਼ਵਤ ਕਾਂਡ! ਭ੍ਰਿਸ਼ਟਾਚਾਰ ਦੀ ਖੇਡ 'ਚ ਪੰਜਾਬ ਦੇ ਕਈ ਅਧਿਕਾਰੀ ਸ਼ਾਮਲ, CBI ਨੇ ਦਰਜ ਕੀਤੀ ਐੱਫਆਈਆਰ
CBI ਨੇ 16 ਅਕਤੂਬਰ ਨੂੰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਭੁੱਲਰ ਦੇ ਨਾਂ 'ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਪਾਰੀ ਤੋਂ ਅੱਠ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸੀਬੀਆਈ ਨੂੰ ਜਾਂਚ ਦੌਰਾਨ ਭੁੱਲਰ ਦੀ ਭੂਮਿਕਾ ਦਾ ਵੀ ਪਤਾ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
Publish Date: Sat, 28 Mar 2026 12:48 PM (IST)
Updated Date: Sat, 28 Mar 2026 02:00 PM (IST)
ਜਾਗਰਣ ਸੰਵਾਦਦਾਤਾ, ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ (CBI) ਨੂੰ ਕੁਝ ਨਵੇਂ ਅਤੇ ਅਹਿਮ ਸਬੂਤ ਮਿਲੇ ਹਨ। ਸੀਬੀਆਈ ਦਾ ਦਾਅਵਾ ਹੈ ਕਿ ਭ੍ਰਿਸ਼ਟਾਚਾਰ ਦੀ ਇਸ ਵੱਡੀ ਖੇਡ ਵਿੱਚ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਦੀ ਵੀ ਭੂਮਿਕਾ ਹੈ। ਸੀਬੀਆਈ ਨੇ ਹੁਣ ਅਣਪਛਾਤੇ ਅਧਿਕਾਰੀਆਂ ਖ਼ਿਲਾਫ਼ ਮੁੱਢਲੀ ਜਾਂਚ (ਐੱਫਆਈਆਰ) ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਅਰਜ਼ੀ ਦਾਇਰ ਕਰ ਕੇ ਇਹ ਜਾਣਕਾਰੀ ਦਿੱਤੀ। ਦੱਸਿਆ ਗਿਆ ਕਿ ਜਾਂਚ ਦੌਰਾਨ ਪੰਜਾਬ ਦੇ ਕਈ ਅਧਿਕਾਰੀਆਂ ਤੇ ਨਿੱਜੀ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਲਈ ਅਰਜ਼ੀ ਦਾਖ਼ਲ ਕਰਕੇ ਮੋਬਾਈਲ ਫ਼ੋਨ, ਅਸਲ ਦਸਤਾਵੇਜ਼ ਅਤੇ ਨਕਦੀ ਆਪਣੇ ਕਬਜ਼ੇ ਵਿੱਚ ਲੈਣ ਦੀ ਇਜਾਜ਼ਤ ਮੰਗੀ ਹੈ।
ਸੀਬੀਆਈ ਅਨੁਸਾਰ, ਇਹ ਜਾਂਚ ਪਿਛਲੇ ਸਾਲ ਦਰਜ ਹੋਏ ਭ੍ਰਿਸ਼ਟਾਚਾਰ ਦੇ ਕੇਸ ਨਾਲ ਹੀ ਜੁੜੀ ਹੋਈ ਹੈ। ਜਾਂਚ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ, ਵਟਸਐਪ ਚੈਟ, ਪੁੱਛਗਿੱਛ ਅਤੇ ਦਸਤਾਵੇਜ਼ਾਂ ਤੋਂ ਕਈ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਦੇ ਸਬੂਤ ਮਿਲੇ ਹਨ। ਸੀਬੀਆਈ ਦਾ ਦਾਅਵਾ ਹੈ ਕਿ ਮੁਲਜ਼ਮ ਸਰਕਾਰੀ ਤੰਤਰ ਤਕ ਆਪਣੀ ਪਹੁੰਚ ਦੀ ਵਰਤੋਂ ਕਰਕੇ ਨਿੱਜੀ ਲੋਕਾਂ ਨੂੰ ਨਾਜਾਇਜ਼ ਫ਼ਾਇਦਾ ਪਹੁੰਚਾਉਣ ਦੇ ਬਦਲੇ ਰਿਸ਼ਵਤ ਲੈਂਦੇ ਸਨ।
ਅੱਠ ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਫੜੇ ਗਏ ਸਨ ਭੁੱਲਰ
ਸੀਬੀਆਈ ਨੇ 16 ਅਕਤੂਬਰ ਨੂੰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਭੁੱਲਰ ਦੇ ਨਾਂ 'ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਪਾਰੀ ਤੋਂ ਅੱਠ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸੀਬੀਆਈ ਨੂੰ ਜਾਂਚ ਦੌਰਾਨ ਭੁੱਲਰ ਦੀ ਭੂਮਿਕਾ ਦਾ ਵੀ ਪਤਾ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਜਦੋਂ ਸੀਬੀਆਈ ਨੇ ਭੁੱਲਰ ਦੇ ਸੈਕਟਰ 40 ਸਥਿਤ ਘਰ ਦੀ ਤਲਾਸ਼ੀ ਲਈ ਸੀ, ਤਾਂ ਉੱਥੋਂ ਸਾਢੇ ਸੱਤ ਕਰੋੜ ਰੁਪਏ ਨਕਦ ਅਤੇ ਢਾਈ ਕਿੱਲੋ ਸੋਨਾ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਰਜ ਕੀਤਾ ਗਿਆ ਸੀ।