- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਪੀਜੇ ਸਕੂਲ ’ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮਹਿਰਾ, ਪੰਜਾਬੀ ਜਾਗਰਣ
ਖਰੜ : ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਏਪੀਜੇ ਪਬਲਿਕ ਸਕੂਲ ਮੁੰਡੀ ਖਰੜ ਨੇ ਮਨਾਇਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾਤਮਕ ਰੁਚੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਤ ਕਰਨਾ ਸੀ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਗਤੀਵਿਧੀ ’ਚ ਭਾਗ ਲਿਆ, ਜਦਕਿ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਕਾਗ਼ਜ਼ ਦੇ ਲਾਲਟੈਨ ਬਣਾਏ। ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਸੁੰਦਰ ਸਜਾਵਟੀ ਥਾਲੀਆਂ ਤਿਆਰ ਕੀਤੀਆਂ। ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੇਕਾਰ ਸਮੱਗਰੀ ਤੋਂ ਦੀਵਾਲੀ ਦੀ ਸਜਾਵਟੀ ਵਸਤੂਆਂ ਤਿਆਰ ਕਰਕੇ ਮੁੜ ਵਰਤੋਂ ਅਤੇ ਰੀ-ਸਾਈਕਲਿੰਗ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਦਾ ਮੁੱਖ ਆਕਰਸ਼ਣ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਰੰਗੋਲੀ ਮੁਕਾਬਲਾ ਰਿਹਾ, ਜਿਸ ’ਚ ਪੰਜ-ਪੰਜ ਵਿਦਿਆਰਥੀਆਂ ਦੇ ਸਮੂਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਰੰਗ-ਬਿਰੰਗੀਆਂ ਅਤੇ ਮਨਮੋਹਕ ਰੰਗੋਲੀਆਂ ਨੇ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਅਤੇ ਟੀਮ ਭਾਵਨਾ ਨੂੰ ਦਰਸਾਇਆ। ਸਕੂਲ ਦੇ ਪ੍ਰਿੰਸੀਪਲ ਜਸਵੀਰ ਚੰਦਰ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਸਿਰਜਣਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ-ਅਨੁਕੂਲ ਢੰਗ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਿੱਟੀ ਦੇ ਦੀਵੇ ਜਗਾਉਣ, ਪਟਾਕਿਆਂ ਤੋਂ ਪਰਹੇਜ਼ ਕਰਨ, ਪ੍ਰਦੂਸ਼ਣ ਘਟਾਉਣ ਅਤੇ ਪਿਆਰ, ਖੁਸ਼ੀਆਂ ਤੇ ਦਇਆ ਵੰਡਣ ਦਾ ਸੰਦੇਸ਼ ਦਿੱਤਾ। ਇਹ ਸਮਾਗਮ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ’ਚ ਸੰਪੰਨ ਹੋਇਆ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਸਿੱਖਣ, ਆਪਣੀ ਪ੍ਰਤਿਭਾ ਦਿਖਾਉਣ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ।