ਸੁਰਜੀਤ ਸਿੰਘ ਕੋਹਾੜ, ਲਾਲੜੂ : ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਧੂਮ-ਧਾਮ ਨਾਲ ਮਨਾਈ ਗਈ। ਪਿੰਡ ਬੜਾਣਾ ਵਿਖੇ ਸੋਸ਼ਲ ਵੈਲਫੇਅਰ ਕਮੇਟੀ ਵੱਲੋਂ ਮਨਾਈ ਗਈ ਡਾ. ਅੰਬੇਡਕਰ ਜੇਅੰਤੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਸਮਾਗਮ 'ਚ ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਸਾਡੇ ਸੰਵਿਧਾਨ ਦੇ ਜਨਮ ਦਾਤਾ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕੌਰ ਕਮੇਟੀ ਦੀ ਹੋਈ ਮੀਟਿੰਗ 'ਚ ਮਤਾ ਪਾਸ ਕੀਤਾ ਗਿਆ ਹੈ ਕਿ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਡਾ. ਭੀਮ ਰਾਓ ਅੰਬੇਡਕਰ ਦੇ ਨਾਂਅ 'ਤੇ ਪੰਜਾਬ 'ਚ ਇੱਕ ਯੂਨੀਵਰਸਿਟੀ ਬਣਾਈ ਜਾਵੇਗੀ ਅਤੇ ਦਲਿਤ ਭਾਈਚਾਰੇ 'ਚੋਂ ਹੀ ਪੰਜਾਬ ਦਾ ਉਪ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ਤੇ ਹਰ ਇੱਕ ਲੋੜਵੰਦ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ। ਸਮਾਗਮ ਦੇ ਅੰਤ 'ਚ ਸ੍ਰੀ ਸ਼ਰਮਾ ਨੇ ਪ੍ਰਬੰਧਕਾਂ ਨਾਲ ਮਿਲ ਕੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਅਤੇ ਕਮੇਟੀ ਨੂੰ 51 ਹਜ਼ਾਰ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ।