ਨਸ਼ਾ ਤਸਕਰਾਂ ਦੀ 847 ਕਰੋੜ ਦੀ ਜਾਇਦਾਦ ਕੀਤੀ ਜ਼ਬਤ : ਡਾ ਬਲਬੀਰ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ : ਡਾ ਬਲਬੀਰ
Publish Date: Tue, 14 Jul 2026 08:03 PM (IST)
Updated Date: Wed, 15 Jul 2026 04:10 AM (IST)
* ਕਿਹਾ, ‘ਆਪ’ ਸਰਕਾਰ ਨੇ ਸਿਰਫ਼ ਚਾਰ ਸਾਲਾਂ ’ਚ 6,608 ਕਿੱਲੋ ਹੈਰੋਇਨ ਕੀਤੀ ਬਰਾਮਦ * ਮੁਹਿੰਮ ਤਹਿਤ 52432 ਕੇਸ ਦਰਜ ਕਰ ਕੇ 73300 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇਕ ਲੋਕ ਲਹਿਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ 1 ਮਾਰਚ 2025 ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਐੱਨਡੀਪੀਐੱਸ ਐਕਟ ਤਹਿਤ 52,432 ਕੇਸ ਦਰਜ ਕਰ ਕੇ 73,300 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ’ਚ ਵੱਡੇ ਨਸ਼ਾ ਨੈੱਟਵਰਕ ਚਲਾਉਣ ਵਾਲੀਆਂ 621 ਵੱਡੀਆਂ ਮੱਛੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਸੇਫ ਪੰਜਾਬ ਹੈਲਪਲਾਈਨ’ ’ਤੇ ਪਿਛਲੇ 500 ਦਿਨਾਂ ਦੌਰਾਨ 46342 ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ’ਤੇ 22960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਿਹਤ ਮੰਤਰੀ ਨੇ ਕਿਹਾ, “ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ 2,817 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੌਰਾਨ 2,412 ਕਿੱਲੋ ਹੈਰੋਇਨ ਜ਼ਬਤ ਕੀਤੀ ਗਈ। ਇਸ ਤਰ੍ਹਾਂ 15 ਸਾਲਾਂ ’ਚ ਕੁੱਲ 5,229 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਦਕਿ ਆਪ ਸਰਕਾਰ ਨੇ ਸਿਰਫ਼ ਚਾਰ ਸਾਲਾਂ ’ਚ 6,608 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।” ਉਨ੍ਹਾਂ ਕਿਹਾ ਸਰਕਾਰ ਨੇ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਤੇ ਨਸ਼ਿਆਂ ਦੇ ਕਾਰੋਬਾਰ ਤੋਂ ਕਮਾਈ ਗਈ ਰਕਮ ਨਾਲ ਬਣੀਆਂ ਗ਼ੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਹੈ। ਉਨ੍ਹਾਂ ਕਿਹਾ ਸੂਬੇ ’ਚ 213 ਸਰਕਾਰੀ ਤੇ ਨਿੱਜੀ ਨਸ਼ਾ ਮੁਕਤੀ ਕੇਂਦਰ, 90 ਰੀਹੈਬਲੀਟੇਸ਼ਨ ਕੇਂਦਰ ਤੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ, “ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਪ੍ਰੋਗਰਾਮ ਤਹਿਤ 10 ਲੱਖ ਤੋਂ ਵੱਧ ਲੋਕਾਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 38,000 ਤੋਂ ਵੱਧ ਮਰੀਜ਼ਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਕੇ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਨਡੀਪੀਐੱਸ ਐਕਟ ਦੀ ਧਾਰਾ 64ਏ ਤਹਿਤ 10,917 ਲੋਕਾਂ ਨੂੰ ਕਾਨੂੰਨੀ ਕਾਰਵਾਈ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਸਜ਼ਾ ਦੀ ਬਜਾਏ ਇਲਾਜ ਦਾ ਮੌਕਾ ਦਿੱਤਾ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਸ਼ਾ ਮੁਕਤੀ ਕੇਂਦਰਾਂ ਦੀ ਸਮਰੱਥਾ 1,500 ਬੈੱਡ ਤੋਂ ਵਧਾ ਕੇ 5,000 ਬੈੱਡ ਕਰ ਦਿੱਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ 12,000 ਤੋਂ ਵੱਧ ਪਿੰਡ ਰੱਖਿਆ ਕਮੇਟੀਆਂ, ਜਿਨ੍ਹਾਂ ’ਚ 1.25 ਲੱਖ ਤੋਂ ਵੱਧ ਮੈਂਬਰ ਸ਼ਾਮਲ ਹਨ, ਜਾਗਰੂਕਤਾ ਮੁਹਿੰਮਾਂ ’ਚ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਕੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਮਦਦ ਕਰ ਰਹੀਆਂ ਹਨ।