ਸਿਟੀ ਬੱਸ ਸਰਵਿਸ ਲਈ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਲਿਖੀ ਚਿੱਠੀ, ਜਲਦ ਸ਼ੁਰੂ ਕਰਨ ਦੀ ਮੰਗ
ਸਿਟੀ ਬੱਸ ਸਰਵਿਸ ਲਈ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਲਿਖੀ ਚਿੱਠੀ
Publish Date: Thu, 02 Apr 2026 06:43 PM (IST)
Updated Date: Thu, 02 Apr 2026 06:46 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਜਨਤਕ ਆਵਾਜਾਈ ਦੀ ਸਮੱਸਿਆ ਨੂੰ ਦੇਖਦੇ ਹੋਏ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੱਤਰ ਲਿਖ ਕੇ ਮੁਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾਬੱਸੀ ਵਿਚਕਾਰ ਸਿਟੀ ਬੱਸ ਸਰਵਿਸ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਡਾ. ਆਹਲੂਵਾਲੀਆ ਨੇ ਕਿਹਾ, ਹਜ਼ਾਰਾਂ ਵਿਦਿਆਰਥੀ, ਕਰਮਚਾਰੀ ਅਤੇ ਮਜ਼ਦੂਰ ਹਰ ਰੋਜ਼ ਆਵਾਜਾਈ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ। ਸਿਟੀ ਬੱਸ ਸਰਵਿਸ ਸਿਰਫ਼ ਇਕ ਸਹੂਲਤ ਨਹੀਂ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਜ਼ਰੂਰੀ ਕਦਮ ਹੈ। ਮੈਂ ਇਸ ਮਾਮਲੇ ਨੂੰ ਨਿੱਜੀ ਤੌਰ ’ਤੇ ਲੈ ਕੇ ਜਲਦ ਇਸਦੀ ਸ਼ੁਰੂਆਤ ਯਕੀਨੀ ਬਣਾਵਾਂਗਾ। ਉਨ੍ਹਾਂ ਕਿਹਾ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਨਿੱਜੀ ਵਾਹਨਾਂ ’ਤੇ ਨਿਰਭਰਤਾ ਘਟੇਗੀ ਅਤੇ ਟ੍ਰੈਫਿਕ ਜਾਮ ਵਿਚ ਕਮੀ ਆਵੇਗੀ। ਇਸ ਨਾਲ ਲੋਕਾਂ ਨੂੰ ਸਸਤਾ ਅਤੇ ਸੁਰੱਖਿਅਤ ਸਫ਼ਰ ਮਿਲੇਗਾ ਅਤੇ ਵਾਤਾਵਰਨ ਪ੍ਰਦੂਸ਼ਣ ਵੀ ਘੱਟ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਖੇਤਰ ਵਿਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਨੂੰ ਦੇਖਦੇ ਹੋਏ, ਇਕ ਮਜ਼ਬੂਤ ਅਤੇ ਸੁਧਰੇ ਹੋਏ ਜਨਤਕ ਆਵਾਜਾਈ ਪ੍ਰਣਾਲੀ ਦੀ ਲੋੜ ਹੈ, ਜਿਸ ਨਾਲ ਸ਼ਹਿਰਾਂ ਵਿਚਕਾਰ ਵਧੀਆ ਕਨੈਕਟੀਵਿਟੀ ਅਤੇ ਆਰਥਿਕ ਗਤੀਵਿਧੀਆਂ ਨੂੰ ਵਾਧਾ ਮਿਲੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਿਟੀ ਬੱਸ ਸਰਵਿਸ ਸ਼ੁਰੂ ਹੋਣ ਨਾਲ ਮੁਹਾਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਲੋਕਾਂ ਦੀਆਂ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਪੱਕਾ ਹੱਲ ਨਿਕਲੇਗਾ।