- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਇਸ ਪੁਸਤਿਕਾ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲਾਂ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ ਵੀ ਸਾਹਮਣੇ ਰੱਖਿਆ ਗਿਆ।

ਸਟੇਟ ਬਿਊਰੋ, ਚੰਡੀਗੜ੍ਹ, 23 ਨਵੰਬਰ : ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਵੱਲੋਂ ਇਕ ਅਹਿਮ ਪਹਿਲ ਕੀਤੀ ਗਈ ਹੈ। ਫਾਊਂਡੇਸ਼ਨ ਨੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ’ਤੇ ਆਧਾਰਿਤ ਵਿਸ਼ੇਸ਼ ਵਿੱਦਿਅਕ ਪੁਸਤਿਕਾ ‘ਚੜ੍ਹਦੀਕਲਾ ਪੰਜਾਬ : Say No to Drugs, Say Yes to Life’ ਤਿਆਰ ਕੀਤੀ ਹੈ।
ਸੋਮਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਇਸ ਪੁਸਤਿਕਾ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲਾਂ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ ਵੀ ਸਾਹਮਣੇ ਰੱਖਿਆ ਗਿਆ।
ਅਜੈਪਾਲ ਮਿੱਡੂਖੇੜਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਿੱਖਿਆ ਮੰਤਰੀ ਨੂੰ ਭੇਜੇ ਗਏ ਪ੍ਰਸਤਾਵ ਵਿੱਚ ਮੰਗ ਕੀਤੀ ਗਈ ਹੈ ਕਿ ਛੇਵੀਂ ਜਮਾਤ ਦੇ ਪਾਠਕ੍ਰਮ ਵਿੱਚ ਮਨੁੱਖੀ ਸਰੀਰ ਅਤੇ ਦਿਮਾਗ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨਾਲ ਸਬੰਧਤ ਇਕ ਲਾਜ਼ਮੀ ਪਾਠ ਸ਼ਾਮਲ ਕੀਤਾ ਜਾਵੇ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐੱਸਸੀਈਆਰਟੀ ਨੂੰ ਵਿੱਦਿਅਕ ਸਮੱਗਰੀ ਦੀ ਸਮੀਖਿਆ ਕਰਕੇ ਇਸ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਦੇਣ ਦਾ ਸੁਝਾਅ ਦਿੱਤਾ ਗਿਆ ਹੈ।
ਫਾਊਂਡੇਸ਼ਨ ਦਾ ਮੰਨਣਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਕਾਰਵਾਈ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬੇ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਬੱਚਿਆਂ ਨੂੰ ਸਮੇਂ ਸਿਰ ਨਸ਼ਿਆਂ ਦੇ ਖ਼ਤਰਿਆਂ ਬਾਰੇ ਸਿੱਖਿਅਤ ਕਰਨਾ ਵੀ ਜ਼ਰੂਰੀ ਹੈ। ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਮਰ ਆਮ ਤੌਰ ’ਤੇ 11 ਤੋਂ 12 ਸਾਲ ਹੁੰਦੀ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਉਨ੍ਹਾਂ ਵਿੱਚ ਸਹੀ-ਗ਼ਲਤ ਦੀ ਸਮਝ ਅਤੇ ਜ਼ਿੰਦਗੀ ਪ੍ਰਤੀ ਨਜ਼ਰੀਆ ਵਿਕਸਤ ਹੋ ਰਿਹਾ ਹੁੰਦਾ ਹੈ। ਅਜਿਹੇ ਸਮੇਂ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਭਵਿੱਖ ਵਿੱਚ ਨਸ਼ਿਆਂ ਤੋਂ ਬਚਾਅ ਦਾ ਮਜ਼ਬੂਤ ਆਧਾਰ ਬਣ ਸਕਦਾ ਹੈ।
ਕਿਤਾਬ ਵਿੱਚ ਸਰੀਰ ਅਤੇ ਦਿਮਾਗ ’ਤੇ ਨਸ਼ਿਆਂ ਦੇ ਪ੍ਰਭਾਵਾਂ ਦੀ ਜਾਣਕਾਰੀ
ਕਿਤਾਬ ਵਿੱਚ ਤੰਬਾਕੂ, ਸ਼ਰਾਬ, ਗਾਂਜਾ, ਹੈਰੋਇਨ, ਹੋਰ ਨਸ਼ੀਲੇ ਪਦਾਰਥਾਂ ਅਤੇ ਦਵਾਈਆਂ ਦੀ ਦੁਰਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਸਰਲ ਭਾਸ਼ਾ ਵਿੱਚ ਸਮਝਾਇਆ ਗਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਨਸ਼ੇ ਦਿਮਾਗ, ਦਿਲ, ਫੇਫੜਿਆਂ, ਜਿਗਰ ਅਤੇ ਗੁਰਦਿਆਂ ਸਮੇਤ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮਾਨਸਿਕ ਸਿਹਤ, ਪੜ੍ਹਾਈ, ਪਰਿਵਾਰਕ ਜੀਵਨ ਅਤੇ ਸਮਾਜਿਕ ਸਬੰਧਾਂ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਵਿਦਿਆਰਥੀਆਂ ਨੂੰ ਸਾਥੀਆਂ ਦੇ ਦਬਾਅ ਹੇਠ ਨਸ਼ਿਆਂ ਤੋਂ ਦੂਰ ਰਹਿਣ, ਆਤਮ-ਵਿਸ਼ਵਾਸ ਨਾਲ 'ਨਾਂਹ' ਕਹਿਣ ਅਤੇ ਤਣਾਅ ਨਾਲ ਨਜਿੱਠਣ ਦੇ ਸਿਹਤਮੰਦ ਤਰੀਕੇ ਅਪਣਾਉਣ ਬਾਰੇ ਵੀ ਦੱਸਿਆ ਗਿਆ ਹੈ। ਪੁਸਤਿਕਾ ਵਿੱਚ ਪ੍ਰਸ਼ਨੋਤਰੀ, ਜਮਾਤੀ ਗਤੀਵਿਧੀਆਂ, ਪੋਸਟਰ ਮੁਕਾਬਲੇ, ਅਧਿਆਪਕਾਂ ਲਈ ਮਾਰਗਦਰਸ਼ਨ, ਮਾਪਿਆਂ ਲਈ ਸੰਦੇਸ਼ ਅਤੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਹੁੰ ਨੂੰ ਵੀ ਥਾਂ ਦਿੱਤੀ ਗਈ ਹੈ।
ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਉਪਲਬਧ ਕਰਵਾਉਣ ਦਾ ਸੁਝਾਅ
ਫਾਊਂਡੇਸ਼ਨ ਨੇ ਇਸ ਕਿਤਾਬ ਨੂੰ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਤਿਆਰ ਕਰਕੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਤੱਕ ਪਹੁੰਚਾਉਣ ਦਾ ਪ੍ਰਸਤਾਵ ਰੱਖਿਆ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਸਿਖਲਾਈ, ਨਿਯਮਤ ਜਾਗਰੂਕਤਾ ਸੈਸ਼ਨ ਅਤੇ ਸਕੂਲ ਪੱਧਰ ’ਤੇ ਨਸ਼ਾ ਵਿਰੋਧੀ ਗਤੀਵਿਧੀਆਂ ਕਰਵਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।
ਪ੍ਰਸਤਾਵ ਵਿੱਚ ਛੇਵੀਂ ਜਮਾਤ ਤੋਂ ਸ਼ੁਰੂਆਤ ਕਰਦਿਆਂ ਹੌਲੀ-ਹੌਲੀ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਨਸ਼ਾ ਰੋਕਥਾਮ ਸਬੰਧੀ ਸਿੱਖਿਆ ਦਾ ਘੇਰਾ ਵਧਾਉਣ ਦੀ ਗੱਲ ਕਹੀ ਗਈ ਹੈ। ਫਾਊਂਡੇਸ਼ਨ ਅਨੁਸਾਰ, ਜੇਕਰ ਸਕੂਲਾਂ ਵਿੱਚ ਇਸ ਵਿਸ਼ੇ ਨੂੰ ਯੋਜਨਾਬੱਧ ਤਰੀਕੇ ਨਾਲ ਪੜ੍ਹਾਇਆ ਜਾਵੇ ਤਾਂ ਬੱਚੇ ਨਸ਼ਿਆਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵੀ ਸਕਾਰਾਤਮਕ ਸੰਦੇਸ਼ ਪਹੁੰਚਾ ਸਕਣਗੇ।
ਫਾਊਂਡੇਸ਼ਨ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਪ੍ਰਸਤਾਵ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਸਕੂਲਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗੀ।