ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਬਰਾੜ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਬੈਠਕ
ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਬਰਾੜ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਬੈਠਕ
Publish Date: Wed, 03 Dec 2025 06:03 PM (IST)
Updated Date: Wed, 03 Dec 2025 06:05 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਬਲਾਕ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਇਲਾਕੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਡੀਐੱਸਪੀ ਬਰਾੜ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਹੱਤਵਪੂਰਨ ਥਾਵਾਂ ’ਤੇ ਖ਼ਾਸ ਨਾਕਾਬੰਦੀਆਂ ਕੀਤੀਆਂ ਜਾਣ। ਸੰਭਾਵਿਤ ਗੜਬੜੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵਧਾਈ ਜਾਵੇ। ਸਰਕਾਰੀ ਥਾਵਾਂ ਅਤੇ ਭੀੜ ਵਾਲੀਆਂ ਮਾਰਕੀਟਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਵੇ, ਵੱਖ–ਵੱਖ ਇਲਾਕਿਆਂ ਵਿਚ ਨਿਰੰਤਰ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਪੀਸੀਆਰ ਵਾਹਨਾਂ ਦੀ ਪ੍ਰਭਾਵਸ਼ਾਲੀ ਤਾਇਨਾਤੀ ਕਰਕੇ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕੀਤਾ ਜਾਵੇ। ਇਲਾਕੇ ਦੇ ਗੜਬੜੀ ਕਰਨ ਵਾਲਿਆਂ ਦੇ ਹਥਿਆਰ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਸਮੂਹ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਉਪਰੋਕਤ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਚੋਣਾਂ ਦੌਰਾਨ ਵੱਧ ਤੋਂ ਵੱਧ ਚੌਕਸੀ ਕਾਇਮ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਮੁਕੰਮਲ ਤੌਰ ’ਤੇ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਕਿਹਾ ਹੈ। ਪੋਲਿੰਗ ਬੂਥਾਂ ਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ, ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਦੇ ਆਧਾਰ ਤੇ ਨਾਕਾਬੰਦੀ ਕਰਨ ਅਤੇ ਵਾਹਨਾਂ ਦੀ ਚੈਕਿੰਗ ਵਧਾਉਣ ਲਈ ਕਿਹਾ ਤਾਂ ਜੋ ਚੋਣਾਂ ਤੋਂ ਪਹਿਲਾਂ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਡੀਐੱਸਪੀ ਨੇ ਸਮੂਹ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਆਪਸ ਵਿਚ ਬਿਹਤਰ ਤਾਲਮੇਲ ਬਣਾ ਕੇ ਰੱਖਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜ਼ੋਰ ਦਿੱਤਾ। ਇਸ ਮੌਕੇ ਡੀਐੱਸਪੀ ਬਰਾੜ ਨੇ ਚਿਤਾਵਨੀ ਦਿੱਤੀ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਚੋਣਾਂ ਦੇ ਮੱਦੇਨਜ਼ਰ ਹਰ ਵੇਲੇ ਚੌਕਸ ਹੈ। ਇਸ ਮੌਕੇ ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ, ਥਾਣਾ ਮੁਖੀ ਲਾਲੜੂ ਰਣਵੀਰ ਸਿੰਘ, ਥਾਣਾ ਮੁਖੀ ਹੰਡੇਸਰਾ ਗੁਰਮੇਹਰ ਸਿੰਘ, ਚੌਕੀ ਇੰਚਾਰਜ ਲੈਹਲੀ ਐੱਸਆਈ ਗੁਰਵਿੰਦਰ ਸਿੰਘ, ਚੌਕੀ ਇੰਚਾਰਜ ਮੁਬਾਰਕਪੁਰ ਐੱਸਆਈ ਕੁਲਵੰਤ ਸਿੰਘ ਸਮੇਤ ਸਬ-ਡਿਵੀਜ਼ਨ ਡੇਰਾਬੱਸੀ ਦੇ ਸਾਰੇ ਥਾਣੇ ਅਤੇ ਚੌਕੀਆਂ ਦੇ ਮੁਨਸ਼ੀ ਵੀ ਹਾਜ਼ਰ ਸਨ।