- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੁੱਚੀਆਂ ਸਿਆਸੀ ਧਿਰਾਂ ਦੇ ਦਬਾਅ, ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀਆਂ ਗਈਆਂ ਸ਼ਿਕਾਇਤਾਂ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਡੀਜੀਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮ ਵਿਚ ਡੀਐੱਸਪੀ ਨੂੰ ਤੁਰੰਤ ਬਹਾਦਰਗੜ੍ਹ ਵਿਚ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਬਾਕੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪਿੰਡ ਸ਼ੇਰੋ ਦੇ ਨੌਜਵਾਨ ਮੋਹਨਜੀਤ ਸਿੰਘ ’ਤੇ ਪੁਲਿਸ ਤਸ਼ੱਦਦ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸਮੁੱਚੀਆਂ ਸਿਆਸੀ ਧਿਰਾਂ ਦੇ ਦਬਾਅ, ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀਆਂ ਗਈਆਂ ਸ਼ਿਕਾਇਤਾਂ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਡੀਜੀਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮ ਵਿਚ ਡੀਐੱਸਪੀ ਨੂੰ ਤੁਰੰਤ ਬਹਾਦਰਗੜ੍ਹ ਵਿਚ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਬਾਕੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਫੋਨ ਉੱਤੇ ਮੋਹਨਜੀਤ ਨਾਲ ਗੱਲਬਾਤ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਦੇ ਖਿਲਾਫ਼ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ। ਓਧਰ ਸ੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਤੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਸਰਕਾਰ ਦੇ ਇਸ ਕਦਮ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਬਦਲੀ ਸਜ਼ਾ ਨਹੀਂ ਹੈ, ਸਿਰਫ਼ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਚੁੱਕਿਆ ਗਿਆ ਕਦਮ ਹੈ। ਕਲੇਰ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ’ਤੇ ਤੁਰੰਤ ਪਰਚਾ ਦਰਜ ਕਰ ਕੇ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਇੱਥੇ ਦੱਸਿਆ ਜਾਂਦਾ ਹੈ ਕਿ ਬੀਤੇ ਦਿਨ ਪਿੰਡ ਸ਼ੇਰੋ (ਸੰਗਰੂਰ) ਵਿਚ ਮੁੱਖ ਮੰਤਰੀ ਦੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੋਹਨਜੀਤ ਸਿੰਘ ਨੇ ਘਰ ਦੀ ਛੱਤ ’ਤੇ ਚੜ੍ਹ ਕੇ ਮੁੱਖ ਮੰਤਰੀ ਨੂੰ ਕਾਲੀ ਝੰਡੀ ਦਿਖਾਈ ਸੀ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਸੀ। ਬਾਅਦ ਵਿਚ ਮੋਹਨਜੀਤ ਸਿੰਘ ਨੇ ਪੁਲਿਸ ’ਤੇ ਗੈਰ ਮਨੁੱਖੀ ਵਰਤਾਰਾ ਕਰਨ ਅਤੇ ਉਸ ਦੇ ਗੁਪਤ ਅੰਗਾਂ ’ਤੇ ਕਰੰਟ ਲਗਾਉਣ, ਮਿਰਚਾ ਪਾਉਣ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਦੋਸ਼ ਲਾਇਆ ਸੀ। ਉਸ ਦੇ ਦੋਸ਼ਾਂ ਕਾਰਨ ਮੁੱਦਾ ਭਖ਼ ਗਿਆ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਇਸ ਮਸਲੇ ਨੂੰ ਉਭਾਰਿਆ ਅਤੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ (ਆਪ ਨੂੰ ਛੱਡ ਕੇ) ਨੇ ਇਸ ਮੁੱਦੇ ’ਤੇ ਸੂਬਾ ਸਰਕਾਰ ਤੇ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਦੋਸ਼ੀ ਪੁਲਿਸ ਅਫ੍ਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਅੰਮ੍ਰਿਤਧਾਰੀ ਮੋਹਨਜੀਤ ਸਿੰਘ ਦੇ ਕਕਾਰਾਂ ਦੀ ਬੇਅਦਬੀ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇ ਪੁਲਿਸ ਨੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਅਕਾਲ ਤਖ਼ਤ ਸਾਹਿਬ ਸਖ਼ਤ ਐਕਸ਼ਨ ਲਵੇਗਾ। ਬੇਸ਼ੱਕ ਡੀਐੱਸਪੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ।