- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪ੍ਰੋਜੈਕਟ ਜੀਵਨਜੋਤ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਤੇ ਬੇਵਸੀ ਦੇ ਚੱਕਰ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਨ ਦਾ ਸਮਾਜਿਕ ਅਭਿਆਨ ਹੈ। ਉਨ੍ਹਾਂ ਕਿਹਾ ਕਿ ਭੀਖ ਮੰਗਣਾ ਕਿਸੇ ਬੱਚੇ ਦੀ ਕਿਸਮਤ ਨਹੀਂ, ਸਗੋਂ ਸਮਾਜਿਕ ਅਤੇ ਆਰਥਿਕ ਮਜ਼ਬੂਰੀਆਂ ਦਾ ਨਤੀਜਾ ਹੈ। ਅਜਿਹੇ ਬੱਚਿਆਂ ਨੂੰ ਮੌਕਿਆਂ ਤੇ ਸੁਰੱਖਿਆ ਭਰੇ ਵਾਤਾਵਰਣ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਮਗਸੀਪਾ ਚੰਡੀਗੜ੍ਹ ਵਿਖੇ ‘ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ’ਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ’ ਵਿਸ਼ੇ ’ਤੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ ਤਹਿਤ ਹੁਣ ਤੱਕ 1163 ਬੱਚਿਆਂ ਨੂੰ ਰੈਸਕਿਊ ਕਰ ਕੇ ਸਿੱਖਿਆ, ਸੁਰੱਖਿਆ ਤੇ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਜੀਵਨਜੋਤ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਤੇ ਬੇਵਸੀ ਦੇ ਚੱਕਰ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਨ ਦਾ ਸਮਾਜਿਕ ਅਭਿਆਨ ਹੈ। ਉਨ੍ਹਾਂ ਕਿਹਾ ਕਿ ਭੀਖ ਮੰਗਣਾ ਕਿਸੇ ਬੱਚੇ ਦੀ ਕਿਸਮਤ ਨਹੀਂ, ਸਗੋਂ ਸਮਾਜਿਕ ਅਤੇ ਆਰਥਿਕ ਮਜ਼ਬੂਰੀਆਂ ਦਾ ਨਤੀਜਾ ਹੈ। ਅਜਿਹੇ ਬੱਚਿਆਂ ਨੂੰ ਮੌਕਿਆਂ ਤੇ ਸੁਰੱਖਿਆ ਭਰੇ ਵਾਤਾਵਰਣ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਪ੍ਰੋਜੈਕਟ ਜੀਵਨਜੋਤ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ 2024 ਤੋਂ ਹੁਣ ਤੱਕ ਪੰਜਾਬ ਭਰ ’ਚ 2067 ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦੌਰਾਨ 1163 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਸ ਤੋਂ ਇਲਾਵਾ 15 ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਵਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ। ਰੈਸਕਿਊ ਕੀਤੇ 409 ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ ਗਿਆ, 54 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦਿੱਤਾ ਗਿਆ ਅਤੇ 15 ਬੱਚਿਆਂ ਨੂੰ ਸਿਹਤ ਸੇਵਾਵਾਂ ਨਾਲ ਜੋੜਿਆ ਗਿਆ।
ਇਸ ਮੌਕੇ ਡਾ. ਬਲਜੀਤ ਕੌਰ ਨੇ ਪ੍ਰੋਜੈਕਟ ਜੀਵਨਜੋਤ ਦੇ ਲਾਭਪਾਤਰੀ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬੇ ਵੀ ਸੁਣੇ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਜੀਵਨਜੋਤ ਸੰਬੰਧੀ ਤਿਆਰ ਕੀਤੀ ਗਈ ਅਧਿਕਾਰਤ ਡਾਕੂਮੈਂਟਰੀ ਵੀ ਜਾਰੀ ਕੀਤੀ।
ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ ਦਾ ਮਕਸਦ ਸਿਰਫ਼ ਬੱਚਿਆਂ ਨੂੰ ਭੀਖ ਮੰਗਣ ਤੋਂ ਮੁਕਤ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਅਤੇ ਵਿਕਾਸ ਦੇ ਮੌਕਿਆਂ ਨਾਲ ਜੋੜ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ, ਪੁਲਿਸ, ਮੀਡੀਆ ਅਤੇ ਸਮਾਜ ਦੇ ਸਹਿਯੋਗ ਨਾਲ ਇਹ ਮੁਹਿੰਮ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਸੰਧੂ ਨੇ ਭੀਖ ਮੰਗਣ ਵਿਚ ਸ਼ਾਮਲ ਬੱਚਿਆਂ 'ਤੇ ਪੈਣ ਵਾਲੇ ਮਾਨਸਿਕ ਅਤੇ ਭਾਵਨਾਤਮਕ ਪ੍ਰਭਾਵਾਂ ਅਤੇ ਉਨ੍ਹਾਂ ਦੀ ਕਾਊਂਸਲਿੰਗ ਤੇ ਪੁਨਰਵਾਸ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਾਬਕਾ ਡੀ.ਜੀ.ਪੀ. ਹਰਿਆਣਾ ਕੇ.ਪੀ. ਸਿੰਘ ਨੇ ਬੱਚਿਆਂ ਖ਼ਿਲਾਫ਼ ਮਨੁੱਖੀ ਤਸਕਰੀ ਅਤੇ ਸੰਗਠਿਤ ਭੀਖ ਮੰਗਣ ਵਰਗੇ ਅਪਰਾਧਾਂ ਨੂੰ ਰੋਕਣ ਲਈ ਲੋੜੀਂਦੇ ਕਦਮਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।