- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਐਲਸੀ ਕਲੱਬ ਵੋਟਰ ਪੰਜੀਕਰਨ ’ਚ ਨਿਭਾਉਣਗੇ ਅਹਿਮ ਭੂਮਿਕਾ: ਸ੍ਰੀਮਤੀ ਗੀਤਿਕਾ ਸਿੰਘ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੋਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਨੌਜਵਾਨਾਂ ’ਚ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਅਤੇ ਸਕੂਲਾਂ ਦੇ ਈਐੱਲਸੀ (ਚੋਣ ਸਾਖਰਤਾ ਕਲੱਬ) ਦੇ ਨੋਡਲ ਅਫ਼ਸਰਾਂ ਦੀ ਮੀਟਿੰਗ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸੀਬੀਐੱਸਈ, ਆਈਸੀਐੱਸਈ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਸਮੇਤ ਵੱਖ-ਵੱਖ ਸਕੂਲਾਂ ਦੇ ਈਐੱਲਸੀ (ਚੋਣ ਸਾਖਰਤਾ ਕਲੱਬ) ਨੋਡਲ ਅਫਸਰਾਂ ਤੋਂ ਇਲਾਵਾ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੋਡਲ ਅਫਸਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਨੇ ਕਿਹਾ ਕਿ ਨੌਜਵਾਨਾਂ ’ਚ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਲੋਕਤੰਤਰ ਦਾ ਸਰਗਰਮ ਹਿੱਸਾ ਬਣਾਉਣ ਲਈ ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬਾਂ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਗਰੂਕ ਕਰਨ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਇਸੇ ਲੜੀ ਤਹਿਤ ਅੱਜ ਦੀ ਮੀਟਿੰਗ ਕਰਵਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੋਟਰ ਜਾਗਰੂਕਤਾ ਅਤੇ ਪੰਜੀਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਵੱਲੋਂ ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬਾਂ ਦੀ ਸਥਾਪਨਾ, ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਵੋਟਰ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਈ.ਐਲ.ਸੀ (ਚੋਣ ਸਾਖਰਤਾ ਕਲੱਬ) ਨੋਡਲ ਅਫ਼ਸਰਾਂ ਨੂੰ ਇਹ ਵੀ ਸਿਖਲਾਈ ਦਿੱਤੀ ਗਈ ਕਿ ਕਲੱਬਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਅਪਲੋਡ ਅਤੇ ਪ੍ਰਚਾਰਿਤ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬ ਸਥਾਪਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਲਈ ਹਰੇਕ ਸੰਸਥਾ ’ਚ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਕੈਂਪਸ ਅੰਬੈਸਡਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਕੈਂਪਸ ਅੰਬੈਸਡਰਜ਼ ਅਤੇ ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬਾਂ ਰਾਹੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਵੱਖ-ਵੱਖ ਚੋਣ ਜਾਗਰੂਕਤਾ ਗਤੀਵਿਧੀਆਂ, ਵੋਟਰ ਰਜਿਸਟ੍ਰੇਸ਼ਨ ਮੁਹਿੰਮਾਂ, ਸਵੀਪ ਗਤੀਵਿਧੀਆਂ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਇਸ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇਗਾ।
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਇਸ ਸਮੇਂ 126 ਈਐੱਲਸੀ (ਚੋਣ ਸਾਖਰਤਾ ਕਲੱਬ) ਕਲੱਬ ਸਰਗਰਮ ਹਨ, ਜੋ ਲਗਾਤਾਰ ਵੱਖ-ਵੱਖ ਵੋਟਰ ਜਾਗਰੂਕਤਾ ਅਤੇ ਚੋਣ ਸਾਖਰਤਾ ਗਤੀਵਿਧੀਆਂ ਕਰਵਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਚੋਣ ਕਾਨੂੰਗੋ ਸਰਿੰਦਰ ਬੱਤਰਾ ਤੋਂ ਇਲਾਵਾ ਸਵੀਪ ਟੀਮ ਦੇ ਵਰਿੰਦਰ ਕੌਰ, ਗੁਰਮੀਤ ਕੌਰ, ਹਰਿੰਦਰ ਸਿੰਘ ਅਤੇ ਚਰਨਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।