ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਬਜ਼ੁਰਗ ਚੌਕੀਦਾਰ ਦੀ ਮੌਤ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਬਜ਼ੁਰਗ ਚੌਕੀਦਾਰ ਦੀ ਮੌਤ
Publish Date: Fri, 20 Nov 2026 08:06 PM (IST)
Updated Date: Fri, 20 Nov 2026 08:07 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਇੱਥੋਂ ਨੇੜਲੇ ਪਿੰਡ ਮੁਬਾਰਕਪੁਰ ਦੇ ਬੱਸ ਸਟੈਂਡ ਵਿਖੇ ਇੰਟਰਲਾਕ ਟਾਈਲਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਪਰਵਾਸੀ ਬਜ਼ੁਰਗ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਵਜੋਂ ਹੋਈ ਹੈ, ਜੋ ਇਲਾਕੇ ਦੇ ਕਰੱਸ਼ਰਾਂ ’ਤੇ ਰਾਤ ਸਮੇਂ ਚੌਕੀਦਾਰੀ ਦੀ ਡਿਊਟੀ ਕਰਦਾ ਸੀ। ਜਾਣਕਾਰੀ ਅਨੁਸਾਰ ਜੋਗਿੰਦਰ ਸ਼ੁੱਕਰਵਾਰ ਸਵੇਰੇ ਰਾਤ ਦੀ ਡਿਊਟੀ ਖ਼ਤਮ ਕਰ ਕੇ ਪੈਦਲ ਹੀ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਹ ਮੁਬਾਰਕਪੁਰ ਬੱਸ ਸਟੈਂਡ ਨੇੜੇ ਸੜਕ ਪਾਰ ਕਰਨ ਲੱਗਾ ਤਾਂ ਇੰਟਰਲਾਕ ਟਾਈਲਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਉਸ ਨੂੰ ਲਪੇਟ ’ਚ ਲੈ ਲਿਆ। ਟਾਇਰਾਂ ਹੇਠਾਂ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।