Punjab Election 2027 : ਨਵੰਬਰ ਦੇ ਆਖ਼ਰੀ ਹਫ਼ਤੇ ਪੰਜਾਬ ਆ ਸਕਦੀ ਹੈ ਚੋਣ ਕਮਿਸ਼ਨ ਦੀ ਟੀਮ, ਜਨਵਰੀ ਦੇ ਪਹਿਲੇ ਹਫ਼ਤੇ ਚੋਣਾਂ ਦੇ ਐਲਾਨ ਦੇ ਸੰਕੇਤ
ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਕੀਤਾ ਸੀ। 14 ਫਰਵਰੀ 2022 ਨੂੰ ਇਕ ਹੀ ਪੜਾਅ 'ਚ ਵੋਟਿੰਗ ਹੋਈ ਸੀ, ਜਦਕਿ 10 ਮਾਰਚ ਨੂੰ ਚੋਣ ਨਤੀਜੇ ਐਲਾਨੇ ਗਏ ਸਨ। ਸਾਲ 2027 'ਚ ਪੰਜਾਬ ਸਮੇਤ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Publish Date: Mon, 09 Nov 2026 03:10 PM (IST)
Updated Date: Mon, 09 Nov 2026 03:21 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਚੋਣ ਕਮਿਸ਼ਨ ਦੀ ਟੀਮ ਨਵੰਬਰ ਦੇ ਆਖ਼ਰੀ ਹਫ਼ਤੇ ਇਕ ਵਾਰ ਫਿਰ ਪੰਜਾਬ ਦਾ ਦੌਰਾ ਕਰ ਸਕਦੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਮਿਸ਼ਨ ਦਾ ਇਹ ਦੂਜਾ ਦੌਰਾ ਹੋਵੇਗਾ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਵੀ ਟੀਮ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਦੌਰੇ ਦੌਰਾਨ ਚੋਣ ਕਮਿਸ਼ਨ ਦੀ ਟੀਮ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਵੇਗੀ।
ਸੂਤਰਾਂ ਮੁਤਾਬਕ ਪੰਜਾਬ ਸਮੇਤ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਜਨਵਰੀ 2027 ਦੇ ਪਹਿਲੇ ਹਫ਼ਤੇ ਹੋ ਸਕਦਾ ਹੈ। ਹਾਲਾਂਕਿ, ਦਸੰਬਰ ਦੇ ਆਖ਼ਰੀ ਹਫ਼ਤੇ ਵੀ ਚੋਣ ਪ੍ਰੋਗਰਾਮ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦੀ ਟੀਮ ਦੇ ਪ੍ਰਸਤਾਵਿਤ ਦੌਰੇ ਅਤੇ ਅਧਿਕਾਰੀਆਂ ਨਾਲ ਹੋਣ ਵਾਲੀ ਸਮੀਖਿਆ ਮੀਟਿੰਗ ਨੂੰ ਚੋਣ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ 27 ਅਤੇ 28 ਅਕਤੂਬਰ ਨੂੰ ਵੀ ਚੋਣ ਕਮਿਸ਼ਨ ਦੀ ਟੀਮ ਨੇ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਕਮਿਸ਼ਨ ਦੇ ਅਧਿਕਾਰੀਆਂ ਨੇ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਮੀਟਿੰਗ 'ਚ ਚੋਣ ਪ੍ਰਬੰਧਨ, ਸੁਰੱਖਿਆ ਵਿਵਸਥਾ ਅਤੇ ਚੋਣਾਂ ਨਾਲ ਜੁੜੇ ਹੋਰ ਜ਼ਰੂਰੀ ਇੰਤਜ਼ਾਮਾਂ ਦੀ ਸਮੀਖਿਆ ਕੀਤੀ ਗਈ ਸੀ।
ਸੂਤਰਾਂ ਅਨੁਸਾਰ, ਕਮਿਸ਼ਨ ਦੀ ਪਹਿਲ ਪੰਜਾਬ 'ਚ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਕ ਹੀ ਪੜਾਅ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਹੈ। ਹਾਲਾਂਕਿ, ਵੋਟਿੰਗ ਕਿੰਨੇ ਪੜਾਵਾਂ 'ਚ ਹੋਵੇਗੀ ਅਤੇ ਚੋਣਾਂ ਦਾ ਵਿਸਤ੍ਰਿਤ ਪ੍ਰੋਗਰਾਮ ਕੀ ਰਹੇਗਾ, ਇਸ ਬਾਰੇ ਅੰਤਿਮ ਫ਼ੈਸਲਾ ਚੋਣ ਕਮਿਸ਼ਨ ਦੀ ਟੀਮ ਦੇ ਦੌਰੇ ਅਤੇ ਸਮੀਖਿਆ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਜ਼ਿਕਰਯੋਗ ਹੈ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਕੀਤਾ ਸੀ। 14 ਫਰਵਰੀ 2022 ਨੂੰ ਇਕ ਹੀ ਪੜਾਅ 'ਚ ਵੋਟਿੰਗ ਹੋਈ ਸੀ, ਜਦਕਿ 10 ਮਾਰਚ ਨੂੰ ਚੋਣ ਨਤੀਜੇ ਐਲਾਨੇ ਗਏ ਸਨ। ਸਾਲ 2027 'ਚ ਪੰਜਾਬ ਸਮੇਤ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।