- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਨਜ਼ਰ ਰੱਖਣ ਅਤੇ ਜਥੇਬੰਦਕ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਤਿੰਨ ਮੈਂਬਰੀ ਆਬਜ਼ਰਵਰ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਧਵ ਨੂੰ ਸ਼ਾਮਲ ਕੀਤਾ ਗਿਆ ਹੈ।

ਡਾ. ਸੁਮਿਤ ਸਿੰਘ ਸ਼ਿਓਰਾਨ, ਪੰਜਾਬੀ ਜਾਗਰਣ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਭਾਵੇਂ ਅਧਿਕਾਰਤ ਤੌਰ 'ਤੇ ਫਰਵਰੀ 2027 'ਚ ਪ੍ਰਸਤਾਵਿਤ ਹਨ, ਪਰ ਸਿਆਸੀ ਗਲਿਆਰਿਆਂ 'ਚ ਇਹ ਚਰਚਾ ਜ਼ੋਰ ਫੜਦੀ ਜਾ ਰਹੀ ਹੈ ਕਿ ਸੂਬੇ 'ਚ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਯਾਨੀ ਨਵੰਬਰ 2026 'ਚ ਵੀ ਕਰਵਾਈਆਂ ਜਾ ਸਕਦੀਆਂ ਹਨ। ਇਸ ਸੰਭਾਵੀ ਸਿਆਸੀ ਦ੍ਰਿਸ਼ ਨੂੰ ਦੇਖਦੇ ਹੋਏ ਸੂਬੇ ਦੀਆਂ ਪ੍ਰਮੁੱਖ ਪਾਰਟੀਆਂ ਨੇ ਆਪਣੀਆਂ-ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ (AAP) ਜਿੱਥੇ ਸਰਕਾਰ ਦੀਆਂ ਉਪਲਬਧੀਆਂ ਦੇ ਸਹਾਰੇ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਚੁੱਕੀ ਹੈ, ਉੱਥੇ ਹੀ ਕਾਂਗਰਸ ਵੀ ਜਥੇਬੰਦਕ ਪੱਧਰ 'ਤੇ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ। ਪਾਰਟੀ ਹਾਈਕਮਾਂਡ ਲਗਾਤਾਰ ਪੰਜਾਬ ਇਕਾਈ ਦੇ ਆਗੂਆਂ ਨਾਲ ਬੈਠਕਾਂ ਕਰ ਕੇ ਰਣਨੀਤੀ ਬਣਾਉਣ 'ਚ ਜੁਟੀ ਹੋਈ ਹੈ।
ਪੰਜਾਬ ਦੀ ਸਿਆਸਤ 'ਚ ਪਿਛਲੇ ਕੁਝ ਹਫ਼ਤਿਆਂ ਤੋਂ ਅਸਾਧਾਰਨ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ 'ਚ ਲਗਾਤਾਰ ਬੈਠਕਾਂ, ਰਾਜ ਦੇ ਆਗੂਆਂ ਤੋਂ ਫੀਡਬੈਕ ਲੈਣਾ, ਸੰਗਠਨ ਦੀ ਸਥਿਤੀ ਦੀ ਸਮੀਖਿਆ ਅਤੇ ਚੋਣ ਤਿਆਰੀਆਂ 'ਤੇ ਜ਼ੋਰ ਇਸ ਗੱਲ ਦਾ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਕਿਸੇ ਵੀ ਸੰਭਾਵੀ ਸਿਆਸੀ ਸਥਿਤੀ ਲਈ ਤਿਆਰ ਰਹਿਣਾ ਚਾਹੁੰਦੀ ਹੈ।
ਸੂਤਰਾਂ ਅਨੁਸਾਰ, ਪਿਛਲੇ ਲਗਪਗ ਇਕ ਮਹੀਨੇ ਦੌਰਾਨ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਚਾਰ ਤੋਂ ਪੰਜ ਮਹੱਤਵਪੂਰਨ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਬੈਠਕਾਂ 'ਚ ਸੰਗਠਨ ਦੀ ਸਥਿਤੀ, ਪਾਰਟੀ ਦੀ ਮਜ਼ਬੂਤੀ ਤੇ ਕਮਜ਼ੋਰੀਆਂ, ਸੰਭਾਵੀ ਉਮੀਦਵਾਰਾਂ, ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਿਆਸੀ ਸਥਿਤੀਆਂ ਅਤੇ ਚੋਣ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਨ੍ਹਾਂ ਬੈਠਕਾਂ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨ, ਵਿਧਾਇਕ ਦਲ ਦੇ ਨੇਤਾ, ਸਾਬਕਾ ਮੰਤਰੀਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੁੜੇ ਸੀਨੀਅਰ ਆਗੂਆਂ ਦੀ ਰਾਏ ਵੀ ਲਈ ਗਈ। ਪਾਰਟੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਪੰਜਾਬ 'ਚ ਕਾਂਗਰਸ ਅਜੇ ਵੀ ਇਕ ਮਜ਼ਬੂਤ ਸਿਆਸੀ ਬਦਲ ਵਜੋਂ ਮੌਜੂਦ ਹੈ ਤੇ ਜੇਕਰ ਸੰਗਠਨ ਨੂੰ ਇੱਕਜੁੱਟ ਰੱਖਦੇ ਹੋਏ ਸਮਾਂ ਰਹਿੰਦੇ ਤਿਆਰੀ ਕਰ ਲਈ ਜਾਵੇ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।
ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਨਜ਼ਰ ਰੱਖਣ ਅਤੇ ਜਥੇਬੰਦਕ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਤਿੰਨ ਮੈਂਬਰੀ ਆਬਜ਼ਰਵਰ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਧਵ ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਦੀ ਜ਼ਿੰਮੇਵਾਰੀ ਰਾਜ ਦੇ ਆਗੂਆਂ ਨਾਲ ਤਾਲਮੇਲ ਸਥਾਪਿਤ ਕਰਨਾ, ਸੰਗਠਨ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਾ, ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਸਰਗਰਮੀ ਦਾ ਮੁਲਾਂਕਣ ਕਰਨਾ ਤੇ ਆਗਾਮੀ ਚੋਣਾਂ ਲਈ ਪਾਰਟੀ ਨੂੰ ਲੋੜੀਂਦੇ ਸੁਝਾਅ ਦੇਣਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਕਮੇਟੀ ਨਿਯਮਤ ਰੂਪ 'ਚ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਅਤੇ ਕੇਂਦਰੀ ਲੀਡਰਸ਼ਿਪ ਨੂੰ ਸੌਂਪੇਗੀ।
ਸਿਆਸੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਕਾਂਗਰਸ ਲੰਬੇ ਸਮੇਂ ਤੋਂ ਗੁੱਟਬਾਜ਼ੀ ਦੀ ਸਮੱਸਿਆ ਨਾਲ ਜੂਝਦੀ ਰਹੀ ਹੈ। ਅਜਿਹੇ 'ਚ ਆਬਜ਼ਰਵਰ ਕਮੇਟੀ ਦਾ ਗਠਨ ਸੰਗਠਨ ਨੂੰ ਇਕਜੁੱਟ ਰੱਖਣ ਅਤੇ ਸੰਭਾਵੀ ਮਤਭੇਦਾਂ ਨੂੰ ਸਮਾਂ ਰਹਿੰਦੇ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਨੇ ਵੀ ਚੋਣ ਤਿਆਰੀਆਂ ਨੂੰ ਲੈ ਕੇ ਵਰਕਰਾਂ ਨੂੰ ਸਰਗਰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਬੈਠਕਾਂ ਦਾ ਦੌਰ ਚੱਲ ਰਿਹਾ ਹੈ। ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਚੋਣਾਂ ਦੇ ਸਮੇਂ ਪਾਰਟੀ ਕੋਲ ਇਕ ਪ੍ਰਭਾਵਸ਼ਾਲੀ ਨੈੱਟਵਰਕ ਮੌਜੂਦ ਰਹੇ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੱਖ-ਵੱਖ ਜਨਸੰਪਰਕ ਮੁਹਿੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ, ਮੌਜੂਦਾ ਸਰਕਾਰ ਖ਼ਿਲਾਫ਼ ਮੁੱਦਿਆਂ ਨੂੰ ਚੁੱਕਣ ਤੇ ਕਾਂਗਰਸ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਨੌਜਵਾਨਾਂ, ਔਰਤਾਂ, ਕਿਸਾਨਾਂ ਤੇ ਵਪਾਰੀਆਂ ਵਰਗੇ ਵੱਖ-ਵੱਖ ਵਰਗਾਂ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣ ਦੀ ਵੀ ਤਿਆਰੀ ਹੈ। ਕਾਂਗਰਸ ਦਾ ਮੰਨਣਾ ਹੈ ਕਿ ਜੇਕਰ ਜਨਤਾ ਦੇ ਵਿਚਕਾਰ ਲਗਾਤਾਰ ਮੌਜੂਦਗੀ ਬਣਾਈ ਰੱਖੀ ਜਾਵੇ ਤਾਂ ਪਾਰਟੀ ਦੇ ਪੱਖ ਵਿਚ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ।