ਇਲਾਕੇ ਦੇ ਕਿਸਾਨਾਂ ਤੇ ਪਿੰਡ ਵਾਸੀਆਂ ਦੇ ਲੰਬਿਤ ਮਸਲਿਆਂ ਦੇ ਫੌਰੀ ਹੱਲ ’ਤੇ ਜ਼ੋਰ ਇਲਾਕੇ ਦੇ ਕਿਸਾਨਾਂ ਤੇ ਪਿੰਡ ਵਾਸੀਆਂ ਦੇ ਲੰਬਿਤ ਮਸਲਿਆਂ ਨੂੰ ਫੌਰੀ ਹੱਲ ’ਤੇ ਜ਼ੋਰ
Publish Date: Wed, 11 Nov 2026 06:15 PM (IST)
Updated Date: Wed, 11 Nov 2026 06:18 PM (IST)
ਐੱਮਪੀ ਮਾਲਵਿੰਦਰ ਕੰਗ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਕੀਤੀ ਮੀਟਿੰਗ ਕਿਸਾਨਾਂ ਲਈ ਮੁਆਵਜ਼ਾ, ਮੁੜ ਵਸੇਬਾ ਤੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਜ਼ਮੀਨਾਂ ਐਕਵਾਇਰ ਕਰਨ, ਮੁਆਵਜ਼ੇ ਦੀ ਅਦਾਇਗੀ ਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ। ਮੀਟਿੰਗ ’ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਵਿਕਾਸ ਪ੍ਰੋਜੈਕਟਾਂ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਨਾਲ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ, ਮੂਲ ਜ਼ਮੀਨ ਮਾਲਕਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਸਮੱਸਿਆਵਾਂ ਚੁੱਕੀਆਂ। ਮਾਲਵਿੰਦਰ ਕੰਗ ਨੇ ਕਿਹਾ ਕਿ ਇਲਾਕੇ ਦੇ ਯੋਜਨਾਬੱਧ ਵਿਕਾਸ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਵੀ ਲਾਜ਼ਮੀ ਹੈ, ਜਿਨ੍ਹਾਂ ਨੇ ਵਿਕਾਸ ਕਾਰਜਾਂ ਲਈ ਆਪਣੀਆਂ ਜ਼ਮੀਨਾਂ ਦਿੱਤੀਆਂ ਹਨ। ਮੀਟਿੰਗ ਦੌਰਾਨ ਐਰੋਟ੍ਰੋਪੋਲਿਸ ਦੇ ਸੈਕਟਰ ‘ਬੀ’, ‘ਸੀ’ ਅਤੇ ‘ਡੀ’ ਵਿਚ ਮੁਆਵਜ਼ੇ ਦੀ ਅਦਾਇਗੀ ’ਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਨਾਲ ਹੀ ਯੋਗ ਜ਼ਮੀਨ ਮਾਲਕਾਂ ਨੂੰ ਐਲਓਆਈ ਜਾਰੀ ਕਰਨ ਅਤੇ ਮੁੜ ਵਸੇਬਾ ਤੇ ਪੁਨਰ ਸਥਾਪਨਾ ਸਬੰਧੀ ਲਾਭ ਜਲਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਜ਼ਮੀਨ ਐਕਵਾਇਰ ਨਾਲ ਪ੍ਰਭਾਵਿਤ ਪਿੰਡਾਂ ’ਚ ਪਾਣੀ, ਸੀਵਰੇਜ, ਪਾਰਕਾਂ ਅਤੇ ਪਾਰਕਿੰਗ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣ ਦਾ ਮਸਲਾ ਵੀ ਪ੍ਰਮੁੱਖਤਾ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਕਾਰਨ ਪਿੰਡਾਂ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਖੇਤੀਬਾੜੀ ਮੋਟਰ ਕੁਨੈਕਸ਼ਨਾਂ ਦਾ ਮੁੱਦਾ ਚੁੱਕਦਿਆਂ ਐੱਮਪੀ ਕੰਗ ਨੇ ਕਿਹਾ ਕਿ ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਨਵਾਂ ਟਿਊਬਵੈੱਲ ਕੁਨੈਕਸ਼ਨ ਲੈਣ ਲਈ ਸਮਾਂ-ਸੀਮਾ ਦੀ ਸ਼ਰਤ ਖ਼ਤਮ ਕੀਤਾ ਜਾਵੇ ਤਾਂ ਜੋ ਕਿਸਾਨ ਵੱਲੋਂ ਨਵੀਂ ਖੇਤੀਬਾੜੀ ਜ਼ਮੀਨ ਖ਼ਰੀਦਣ ਮਗਰੋਂ ਕਿਸੇ ਵੀ ਸਮੇਂ ਮੋਟਰ ਕੁਨੈਕਸ਼ਨ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸੰਨੀ ਇਨਕਲੇਵ ਮੈਗਾ ਪ੍ਰੋਜੈਕਟ ਸੈਕਟਰ-125 ਨੂੰ ਆਪਣੇ ਅਧੀਨ ਲੈਣ ਦੇ ਮਾਮਲੇ ਤੇ ਵੀ ਵਿਚਾਰ ਕੀਤਾ ਗਿਆ, ਤਾਂ ਜੋ ਇਸ ਪ੍ਰੋਜੈਕਟ ਨਾਲ ਪ੍ਰਭਾਵਿਤ ਵਸਨੀਕਾਂ ਨੂੰ ਰਾਹਤ ਮਿਲ ਸਕੇ। ਇੰਜ ਹੀ ਅਦਾਇਗੀਆਂ ’ਚ ਦੇਰੀ, ਜ਼ਮੀਨਾਂ ਦੀ ਕਲੱਬਿੰਗ ਅਤੇ ਗਮਾਡਾ ਦੀਆਂ ਨੀਤੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕਰਨ ’ਤੇ ਜ਼ੋਰ ਦਿੱਤਾ ਗਿਆ, ਤਾਂ ਜੋ ਸਾਰੇ ਪ੍ਰਭਾਵਿਤ ਜ਼ਮੀਨ ਮਾਲਕਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ। ਕਈ ਮਸਲਿਆਂ ਦਾ ਮੌਕੇ ’ਤੇ ਹੀ ਕੀਤਾ ਗਿਆ ਨਿਪਟਾਰਾ ਗਮਾਡਾ ਦੇ ਅਧਿਕਾਰੀਆਂ ਨੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਗਮਾਡਾ ਦੇ ਅਧਿਕਾਰ ਖੇਤਰ ਤੋਂ ਬਾਹਰ ਆਉਂਦੇ ਮਸਲਿਆਂ ਨੂੰ ਜਲਦੀ ਹੱਲ ਕਰਵਾਉਣ ਲਈ ਸਬੰਧਤ ਮੰਤਰਾਲੇ ਅਤੇ ਮੁੱਖ ਮੰਤਰੀ ਦੇ ਧਿਆਨ ’ਚ ਲਿਆਉਣ ਦੀ ਗੱਲ ਵੀ ਕਹੀ ਗਈ। ਐੱਮਪੀ ਮਾਲਵਿੰਦਰ ਕੰਗ ਨੇ ਜ਼ੋਰ ਦਿੱਤਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜ਼ਮੀਨ ਐਕਵਾਇਰ ਨਾਲ ਪ੍ਰਭਾਵਿਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇ ਅਤੇ ਇਸ ਮੰਤਵ ਲਈ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇ।