ਮੁਲਾਜ਼ਮ ਜਥੇਬੰਦੀ ਵੱਲੋਂ ਦਿਹਾੜੀਦਾਰ ਕਾਮਿਆਂ ਦੀ ਭਲਾਈ ਨੀਤੀ ਦਾ ਸਵਾਗਤ ਮੁਲਾਜ਼ਮ ਜਥੇਬੰਦੀ ਵੱਲੋਂ ਦਿਹਾੜੀਦਾਰ ਕਾਮਿਆਂ ਦੀ ਭਲਾਈ ਨੀਤੀ ਦਾ ਸਵਾਗਤ
Publish Date: Fri, 09 Oct 2026 06:52 PM (IST)
Updated Date: Fri, 09 Oct 2026 06:53 PM (IST)
-ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਰੈਲੀ ਕਰਕੇ ਕੀਤਾ ਚੇਅਰਮੈਨ ਦਾ ਧੰਨਵਾਦਨ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਭਰਵੀਂ ਰੈਲੀ ਕੀਤੀ ਅਤੇ ਸੀਜ਼ਨਲ ਦਿਹਾੜੀਦਾਰ ਕਾਮਿਆਂ ਦੀ ਭਲਾਈ ਨੀਤੀ 2026 ਦਾ ਸਵਾਗਤ ਕਰਦਿਆਂ ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ। ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਦੀ ਅਗਵਾਈ ਹੇਠ ਬੋਰਡ ਵੱਲੋਂ ਲੰਬੇ ਸਮੇਂ ਤੋਂ ਕੱਚੇ ਸੀਜ਼ਨਲ ਦਿਹਾੜੀਦਾਰ ਵਜੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ’ਚ ਰੱਖਦਿਆਂ ‘ਭਲਾਈ ਨੀਤੀ-2026’ ਲਾਗੂ ਕਰਨ ਦੀ ਪਹਿਲਕਦਮੀ ਕੀਤੀ ਹੈ। ਬੈਨੀਪਾਲ ਨੇ ਦੱਸਿਆ ਕਿ ਇਸ ਨੀਤੀ ਤਹਿਤ ਲਗਭਗ 225 ਕੱਚੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਇਹ ਕਰਮਚਾਰੀ 58 ਸਾਲ ਦੀ ਉਮਰ ਤੱਕ ਸੇਵਾਵਾਂ ਨਿਭਾ ਸਕਣਗੇ ਅਤੇ ਉਨ੍ਹਾਂ ਨੂੰ ਪੂਰੇ ਮਹੀਨੇ ਦੀ ਤਨਖ਼ਾਹ, ਸਾਲਾਨਾ 10 ਛੁੱਟੀਆਂ ਅਤੇ ਮੈਡੀਕਲ ਸਹੂਲਤਾਂ ਵਰਗੇ ਲਾਭ ਪ੍ਰਾਪਤ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ’ਚ ਇਨ੍ਹਾਂ ਕਰਮਚਾਰੀਆਂ ਨੂੰ ‘ਸੀ’ ਅਤੇ ‘ਡੀ’ ਕੈਟਾਗਰੀ ਅਨੁਸਾਰ ਬੇਸਿਕ ਪੇਅ ਦੇਣ ਸਬੰਧੀ ਵੀ ਸਕਾਰਾਤਮਿਕ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ, ਮਨੋਜ ਰਾਣਾ, ਗੁਰਜੀਤ ਸਿੰਘ ਬੀਦੋਵਾਲੀ, ਲਖਵਿੰਦਰ ਸਿੰਘ ਘੜੂੰਆਂ, ਮਲਕੀਤ ਸਿੰਘ ਗੱਗੜ, ਮਨਜਿੰਦਰ ਸਿੰਘ ਹੁਲਕਾ, ਮਨਜੀਤ ਸਿੰਘ ਲਹਿਰਾਗਾਗਾ ਅਤੇ ਸਵਰਨ ਸਿੰਘ ਤਿਊੜ ਨੇ ਨਵੀਂ ਨੀਤੀ ਨੂੰ ਅਮਲੀ ਰੂਪ ਦੇਣ ਅਤੇ ਦਿਹਾੜੀਦਾਰ ਕਾਮਿਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਦੇ ਹੱਲ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਦਿਹਾੜੀਦਾਰ ਕਾਮਿਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ’ਚ ਵੀ ਖੁਸ਼ੀ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਹੋਈ ਹੈ। ਰੈਲੀ ਦੌਰਾਨ ਬੋਰਡ ਮੁਲਾਜ਼ਮਾਂ ਦੇ ਹੋਰ ਭਖਦੇ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। ਜਥੇਬੰਦੀ ਨੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਅਤੇ ਆਦਰਸ਼ ਸਕੂਲਾਂ ’ਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਮਕ ’ਚ ਪਈਆਂ ਤਰੱਕੀਆਂ ਦੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਕੇ ਤਰੱਕੀ ਦੇ ਹੁਕਮ ਜਾਰੀ ਕੀਤੇ ਜਾਣ, ਤਾਂ ਜੋ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ। ਇਸ ਤੋਂ ਇਲਾਵਾ ਸਾਲ 2004 ’ਚ ਰੈਗੂਲਰ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਦੇਣ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਪੰਜਾਬ ਬੋਰਡ ’ਚ ਲਾਗੂ ਕਰਨ ਦੇ ਮਾਮਲੇ ’ਤੇ ਵੀ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਚੇਅਰਮੈਨ ਵੱਲੋਂ ਦਿੱਤੇ ਭਰੋਸੇ ਦੇ ਮੱਦੇਨਜ਼ਰ ਇਸ ਕੇਸ ਸਬੰਧੀ ਲੋੜੀਂਦੇ ਸਪੀਕਿੰਗ ਆਰਡਰ ਜਲਦ ਜਾਰੀ ਹੋਣ ਦੀ ਉਮੀਦ ਹੈ। ਨਾਲ ਹੀ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦਾ ਲਾਭ ਦੇਣ ਦੀ ਮੰਗ ਵੀ ਮੰਗ ਕੀਤੀ।