ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਵੰਡ ਘਪਲੇ ’ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੱਕੀ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਦੇ ਜੱਜ ਅਨੂਪ ਚਿਤਕਾਰਾ ਨੇ ਇਸ ਮਾਮਲੇ ’ਚ 23 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਉਨ੍ਹਾਂ ਨੂੰ ਵਿਜੀਲੈਂਸ ਨੇ 21 ਅਗਸਤ, 2022 ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਵਿਜੀਲੈਂਸ ਵੱਲੋਂ ਦਰਜ ਐੱਫਆਈਆਰ ’ਚ ਪੱਕੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ। ਫੂਡ ਸਪਲਾਈ ਵਿਭਾਗ ’ਚ ਹੋਏ ਕਰੋੜਾਂ ਦੇ ਟਰਾਂਸਪੋਰਟ ਟੈਂਡਰ ਵੰਡ ਘਪਲੇ ’ਚ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ 16 ਅਗਸਤ ਨੂੰ ਐੱਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ’ਚ ਅੱਠ ਦਿਨ ਰਿਮਾਂਡ ’ਤੇ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ। ਉਸ ’ਤੇ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਕਰਨ ਦਾ ਦੋਸ਼ ਇਕ ਠੇਕੇਦਾਰ ਯੂਨੀਅਨ ਨੇ ਲਾਇਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਦੀ ਜਾਂਚ ਐੱਸਐੱਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਸੀ। ਉਨ੍ਹਾਂ ਲੇ ਪਟੀਸ਼ਨ ’ਚ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਨੂੰ ਸਾਜ਼ਿਸ਼ ਤਹਿਤ ਭ੍ਰਿਸ਼ਟਾਚਾਰ ਦੇ ਝੂਠੇ ਮਾਮਲਿਆਂ ’ਚ ਫਸਾਇਆ ਜਾ ਰਿਹਾ ਹੈ।
Posted By: Sandip Kaur