ਉਨ੍ਹਾਂ ਦੱਸਿਆ ਕਿ ਰਾਜਪੁਰਾ-ਰਾਜਾਵਾਲੀ ਬਲਾਕ ਤੇ ਗਿੱਦੜਾਂਵਾਲੀ-ਅਜ਼ੀਮਗੜ੍ਹ ਬਲਾਕ ਵਿੱਚ ਛੇ ਥਾਵਾਂ ’ਤੇ ਡ੍ਰਿਲਿੰਗ ਚੱਲ ਰਹੀ ਹੈ, ਜਿਨ੍ਹਾਂ ਵਿਚੋਂ ਪੰਜ ਥਾਵਾਂ ’ਤੇ ਕੰਮ ਪੂਰਾ ਹੋ ਗਿਆ ਹੈ ਅਤੇ ਰਸਾਇਣਕ ਵਿਸ਼ਲੇਸ਼ਣ ਤੋਂ ਬਾਅਦ ਅੰਤਿਮ ਰਿਪੋਰਟਾਂ ਅਪ੍ਰੈਲ ਤੱਕ ਆਉਣ ਦੀ ਉਮੀਦ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ’ਚ ਤੇਜ਼ੀ ਲਿਆਉਣ ਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ।
ਮਾਈਨਿੰਗ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰ ਕੇ ਪੰਜਾਬ ’ਚ ਪੋਟਾਸ਼ ਭੰਡਾਰ ਵਾਲੇ ਮੁੱਖ ਸੰਭਾਵੀ ਖੇਤਰਾਂ ’ਚ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕਰਨ ਸਣੇ ਇਸ ਸਬੰਧੀ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖੀ ਤਰਜੀਹਾਂ ਤੈਅ ਕੀਤੀਆਂ ਗਈਆਂ। ਮੀਟਿੰਗ ’ਚ ਭਾਰਤੀ ਭੂ-ਵਿਗਿਆਨ ਸਰਵੇਖਣ (ਜੀਐੱਸਆਈ) ਦੇ ਡਿਪਟੀ ਡਾਇਰੈਕਟਰ ਜਨਰਲ (ਪੰਜਾਬ, ਹਿਮਾਚਲ ਤੇ ਹਰਿਆਣਾ) ਮੈਡਮ ਗੁਪਤਾ, ਡਾਇਰੈਕਟਰ ਸੁਸ਼੍ਰੀ ਮਿਸ਼ਰਾ ਤੇ ਸਅਪਰਾਜੀਤਾ ਭੱਟਾਚਾਰਜੀ ਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਤੋਂ ਮੁੱਖ ਇੰਜੀਨੀਅਰ ਹਰਦੀਪ ਸਿੰਘ ਮੈਂਦੀਰੱਤਾ ਤੇ ਸਹਾਇਕ ਭੂ-ਵਿਗਿਆਨੀ ਪਾਰਸ ਮਹਾਜਨ ਸ਼ਾਮਲ ਹੋਏ।
ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਪੋਟਾਸ਼ ਦੀ ਵੱਡੀ ਸੰਭਾਵਨਾ ਵਜੋਂ ਪਛਾਣੇ ਗਏ ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ’ਤੇ ਧਿਆਨ ਕੇਂਦ੍ਰਿਤ ਕੀਤਾ ਗਿਆ, ਜਿੱਥੇ ਪੋਟਾਸ਼ ਦੀਆਂ ਵੱਡੀਆਂ ਸੰਭਾਵਨਾਵਾਂ ਦੀ ਪਛਾਣ ਕੀਤੀ ਗਈ ਹੈ।
ਜੀਐੱਸਆਈ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਬਰਵਾਲਾ ਬਲਾਕ ਤੇ ਸ਼ੇਰਗੜ੍ਹ-ਦਲਮੀਰਖੇੜਾ ਬਲਾਕ ’ਚ ਜੀ-4 ਪੜਾਅ ਦੀ ਖੋਜ ਪੂਰੀ ਹੋ ਚੁੱਕੀ ਹੈ ਅਤੇ ਇਸ ਸਬੰਧੀ ਭੂ-ਵਿਗਿਆਨਕ ਮੈਮੋਰੰਡਮ ਰਾਜ ਸਰਕਾਰ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀ ਸਹਿਮਤੀ ਤੋਂ ਬਾਅਦ ਸ਼ੇਰਗੜ੍ਹ-ਸ਼ੇਰਾਵਾਲਾ-ਰਾਮਸਰਾ-ਦਲਮੀਰਖੇੜਾ ਦਾ ਸਾਂਝਾ ਬਲਾਕ ਖਣਨ ਮੰਤਰਾਲੇ ਵੱਲੋਂ ਛੇਵੇਂ ਪੜਾਅ ’ਚ ਕੰਪੋਜ਼ਿਟ ਲਾਇਸੈਂਸ ਦੀ ਨਿਲਾਮੀ ਲਈ ਰੱਖਿਆ ਗਿਆ ਹੈ ਜਿਸ ਦੇ ਨਤੀਜਿਆਂ ਦੀ ਹਾਲੇ ਉਡੀਕ ਹੈ।
ਉਨ੍ਹਾਂ ਦੱਸਿਆ ਕਿ ਰਾਜਪੁਰਾ-ਰਾਜਾਵਾਲੀ ਬਲਾਕ ਤੇ ਗਿੱਦੜਾਂਵਾਲੀ-ਅਜ਼ੀਮਗੜ੍ਹ ਬਲਾਕ ਵਿੱਚ ਛੇ ਥਾਵਾਂ ’ਤੇ ਡ੍ਰਿਲਿੰਗ ਚੱਲ ਰਹੀ ਹੈ, ਜਿਨ੍ਹਾਂ ਵਿਚੋਂ ਪੰਜ ਥਾਵਾਂ ’ਤੇ ਕੰਮ ਪੂਰਾ ਹੋ ਗਿਆ ਹੈ ਅਤੇ ਰਸਾਇਣਕ ਵਿਸ਼ਲੇਸ਼ਣ ਤੋਂ ਬਾਅਦ ਅੰਤਿਮ ਰਿਪੋਰਟਾਂ ਅਪ੍ਰੈਲ ਤੱਕ ਆਉਣ ਦੀ ਉਮੀਦ ਹੈ।
ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਸੀਜ਼ਨ 2025-26 ਦੌਰਾਨ ਚੱਲ ਰਹੇ ਡ੍ਰਿਲਿੰਗ ਅਤੇ ਮੈਪਿੰਗ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਲ 2026-27 ਲਈ ਪ੍ਰਸਤਾਵਿਤ ਬਲਾਕਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਅਤੇ ਜੀ.ਐਸ.ਆਈ. ਦਰਮਿਆਨ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਖਣਨ ਲਈ ਭਵਿੱਖੀ ਸੰਭਾਵਨਾ ਬਾਰੇ ਅਧਿਐਨਾਂ ਦੀ ਯੋਜਨਾ ਉਲੀਕਣ ਦੇ ਨਾਲ-ਨਾਲ ਹੋਰ ਬਲਾਕਾਂ ਦੀ ਨੇੜਿਓਂ ਨਿਗਰਾਨੀ ਅਤੇ ਇਨ੍ਹਾਂ ਨੂੰ ਸਮੇਂ ਸਿਰ ਸੌਂਪਣਾ ਯਕੀਨੀ ਬਣਾਇਆ ਜਾ ਸਕੇ।
ਗੋਇਲ ਨੇ ਕਿਹਾ, “ਪੋਟਾਸ਼ ਖੇਤੀਬਾੜੀ ਲਈ ਇੱਕ ਅਹਿਮ ਖਣਿਜ ਹੈ ਅਤੇ ਭਾਰਤ ਆਪਣੀ ਜ਼ਰੂਰਤ ਦਾ ਲਗਭਗ 99 ਫ਼ੀਸਦੀ ਪੋਟਾਸ਼ ਦਰਾਮਦ ਕਰਦਾ ਹੈ। ਪੰਜਾਬ ਵਿਚ ਪੋਟਾਸ਼ ਦੀ ਖੋਜ ਅਤੇ ਭਵਿੱਖ ਵਿੱਚ ਉਤਪਾਦਨ ਸਬੰਧੀ ਸਫ਼ਲਤਾ ਦਾ ਸਿੱਧਾ ਲਾਭ ਸਾਡੇ ਕਿਸਾਨਾਂ ਨੂੰ ਹੋਵੇਗਾ, ਰਾਸ਼ਟਰੀ ਖ਼ੁਰਾਕ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ ਅਤੇ ਸੂਬੇ ਤੇ ਦੇਸ਼ ਦੀ ਅਰਥਵਿਵਸਥਾ ਨੂੰ ਵੱਡਾ ਹੁਲਾਰਾ ਮਿਲੇਗਾ।